ਨਵੀਂ ਦਿੱਲੀ, 8 ਜੁਲਾਈ
ਦਿੱਲੀ ਦੇ ਏਮਸ ’ਚ ਇਲਾਜ ਅਧੀਨ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਦੀ ਸਿਹਤ ’ਚ ਹੌਲੀ-ਹੌਲੀ ਸੁਧਾਰ ਹੋ ਰਿਹਾ ਹੈ। ਬਿਹਾਰ ਦੇ ਸਾਬਕਾ ਮੁੱਖ ਮੰਤਰੀ ਨੂੰ ਹਸਪਤਾਲ ਦੇ ਕਾਰਡੀਓ ਨਿਊਰੋ (ਸੀਐੱਨ) ਸੈਂਟਰ ਦੇ ਸੀਸੀਯੂ ਵਿੱਚ ਦਾਖਲ ਕਰਵਾਇਆ ਗਿਆ ਹੈ। ਸੂਤਰਾਂ ਅਨੁਸਾਰ ਉਨ੍ਹਾਂ ਦੀ ਸਿਹਤ ਵਿੱਚ ਹੌਲੀ-ਹੌਲੀ ਸੁਧਾਰ ਹੋ ਰਿਹਾ ਹੈ ਅਤੇ ਉਨ੍ਹਾਂ ਨੂੰ ਕੁੱਝ ਦਿਨਾਂ ਵਿੱਚ ਵਾਰਡ ’ਚ ਭੇਜਿਆ ਜਾ ਸਕਦਾ ਹੈ।
ਜ਼ਿਕਰਯੋਗ ਹੈ ਕਿ ਡਿੱਗਣ ਕਾਰਨ ਉਨ੍ਹਾਂ ਦੇ ਸਰੀਰ ’ਤੇ ਕਈ ਫਰੈਕਚਰ ਹੋਣ ਮਗਰੋਂ ਪਹਿਲਾਂ ਉਨ੍ਹਾਂ ਨੂੰ ਪਟਨਾ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਬੁੱਧਵਾਰ ਉਨ੍ਹਾਂ ਨੂੰ ਏਅਰ ਐਂਬੂਲੈਂਸ ਰਾਹੀਂ ਦਿੱਲੀ ਏਮਸ ਲਿਆਂਦਾ ਗਿਆ। ਹਫ਼ਤੇ ਦੇ ਸ਼ੁਰੂ ਵਿੱਚ ਪ੍ਰਸਾਦ ਦੇ ਬੇਟੇ ਤੇਜਸਵੀ ਯਾਦਵ ਨੇ ਕਿਹਾ ਕਿ ਉਸ ਦੇ ਪਿਤਾ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ ਪਰ ਉਨ੍ਹਾਂ ਨੂੰ ਦਿੱਲੀ ਇਸ ਕਰਕੇ ਲਿਆਂਦਾ ਗਿਆ ਹੈ ਕਿਉਂਕਿ ਏਮਸ ਦੇ ਡਾਕਟਰ ਉਨ੍ਹਾਂ ਦੀ ਸਿਹਤ ਤੋਂ ਚੰਗੀ ਤਰ੍ਹਾਂ ਜਾਣੂੰ ਹਨ। -ਪੀਟੀਆਈ
ਰਾਹੁਲ ਗਾਂਧੀ ਨੇ ਲਾਲੂ ਦਾ ਹਾਲ ਪੁੱਛਿਆ
ਨਵੀਂ ਦਿੱਲੀ: ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਅੱਜ ਇੱਥੇ ਏਮਸ ਵਿੱਚ ਆਰਜੇਡੀ ਸੁਮਰੀਮੋ ਲਾਲੂ ਪ੍ਰਸਾਦ ਨਾਲ ਮੁਲਾਕਾਤ ਕਰ ਕੇ ਡਾਕਟਰਾਂ ਤੋਂ ਉਨ੍ਹਾਂ ਦਾ ਹਾਲ ਪੁੱਛਿਆ। ਇਸ ਦੌਰਾਨ ਏਆਈਸੀਸੀ ਦੇ ਜਨਰਲ ਸਕੱਤਰ ਕੇ.ਸੀ ਵੇਣੂਗੋਪਾਲ ਵੀ ਉਨ੍ਹਾਂ ਦੇ ਨਾਲ ਸਨ। -ਪੀਟੀਆਈ