ਆਰ ਜੇ ਡੀ ਦਾ ਵਫ਼ਦ ਚੋਣ ਕਮਿਸ਼ਨ ਨੂੰ ਮਿਲਿਆ
ਰਾਸ਼ਟਰੀ ਜਨਤਾ ਦਲ (ਆਰ ਜੇ ਡੀ) ਦੇ ਵਫ਼ਦ ਨੇ ਅੱਜ ਬਿਹਾਰ ਵਿੱਚ ਜਾਰੀ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੁਧਾਈ (ਐੱਸ ਆਈ ਆਰ) ਪ੍ਰਕਿਰਿਆ ਨੂੰ ਲੈ ਕੇ ਚੋਣ ਕਮਿਸ਼ਨ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ ਆਰ ਜੇ ਡੀ ਦੇ ਰਾਜ ਸਭਾ ਮੈਂਬਰ ਮਨੋਜ ਝਾਅ ਨੇ ਕਿਹਾ ਕਿ ਉਨ੍ਹਾਂ ਨੇ ਐੱਸ ਆਈ ਆਰ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਕਮਿਸ਼ਨ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਇਸ ਪ੍ਰਕਿਰਿਆ ਨੂੰ ਆਸਾਨ ਅਤੇ ਵਧੇਰੇ ਪਾਰਦਰਸ਼ੀ ਬਣਾਉਣਗੇ। ਉਨ੍ਹਾਂ ਕਿਹਾ, ‘‘ਸਾਡੀ ਲਗਪਗ ਦੋ ਘੰਟੇ ਲੰਬੀ ਮੀਟਿੰਗ ਹੋਈ, ਜਿਸ ਵਿੱਚ ਐੱਸ ਆਈ ਆਰ, ਨਾਮ ਹਟਾਉਣ, ਇਤਰਾਜ਼ਾਂ, ਮਿਆਦ, ਪੋਸਟਲ ਬੈਲਟ ਆਦਿ ਸਾਰੇ ਪਹਿਲੂਆਂ ’ਤੇ ਚਰਚਾ ਹੋਈ ਅਤੇ ਅਸੀਂ ਸਾਰੇ ਮੁੱਦਿਆਂ ’ਤੇ ਆਰ ਜੇ ਡੀ ਦਾ ਦ੍ਰਿਸ਼ਟੀਕੋਣ ਪੇਸ਼ ਕੀਤਾ। ਸਾਨੂੰ ਵਿਸ਼ਵਾਸ ਹੈ ਕਿ ਉਹ ਸਾਡੀਆਂ ਚਿੰਤਾਵਾਂ ਦੇ ਸਬੰਧ ਵਿੱਚ ਸਕਾਰਾਤਮਕ ਕਦਮ ਉਠਾਉਣਗੇ।’’ ਝਾਅ ਦਾ ਕਹਿਣਾ ਸੀ, ‘‘ਚੋਣ ਕਮਿਸ਼ਨ ਨੇ ਕਿਹਾ ਹੈ ਕਿ ਉਹ ਇਸ ਪ੍ਰਕਿਰਿਆ ਨੂੰ ਆਸਾਨ ਤੇ ਵਧੇਰੇ ਪਾਰਦਰਸ਼ੀ ਬਣਾਉਣ ਲਈ ਕਦਮ ਉਠਾਉਣਗੇ।’’ ਝਾਅ ਤੋਂ ਇਲਾਵਾ, ਆਰ ਜੇ ਡੀ ਦੇ ਸੰਸਦ ਮੈਂਬਰ ਸੁਧਾਕਰ ਸਿੰਘ ਅਤੇ ਪਾਰਟੀ ਦੇ ਆਗੂ ਚਿਤਰੰਜਨ ਗਗਨ ਵੀ ਵਫ਼ਦ ਦਾ ਹਿੱਸਾ ਸਨ। ਇਸ ਵਫ਼ਦ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਚੋਣ ਕਮਿਸ਼ਨਰ ਸੁਖਬੀਰ ਸਿੰਘ ਸੰਧੂ ਤੇ ਵਿਵੇਕ ਜੋਸ਼ੀ ਨਾਲ ਮੁਲਾਕਾਤ ਕੀਤੀ। ਕਮਿਸ਼ਨ ਨੇ ਇਕ ਬਿਆਨ ਵਿੱਚ ਕਿਹਾ ਕਿ ਇਹ ਗੱਲਬਾਤ ਵੱਖ ਵੱਖ ਕੌਮੀ ਤੇ ਖੇਤਰੀ ਸਿਆਸੀ ਪਾਰਟੀਆਂ ਦੇ ਪ੍ਰਧਾਨਾਂ ਨਾਲ ਚੋਣ ਕਮਿਸ਼ਨ ਵੱਲੋਂ ਕੀਤੀ ਜਾ ਰਹੀ ਗੱਲਬਾਤ ਦੀ ਲੜੀ ਤਹਿਤ ਹੈ।