ਰੌਬਰਟ ਵਾਡਰਾ ਨੂੰ 10 ਸਾਲਾਂ ਤੋਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹੈ: ਰਾਹੁਲ ਗਾਂਧੀ
ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਤੇ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਹਰਿਆਣਾ ਦੇ ਸ਼ਿਕੋਹਪੁਰ ਵਿਚ ਜ਼ਮੀਨ ਸੌਦੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਰੌਬਰਟ ਵਾਡਰਾ ਖਿਲਾਫ਼ ਚਾਰਜਸ਼ੀਟ ਦਾਖਲ ਕੀਤੇ ਜਾਣ ਨੂੰ ਸਿਆਸਤ ਤੋਂ ਪ੍ਰੇਰਿਤ ਕਾਰਵਾਈ ਕਰਾਰ ਦਿੱਤਾ ਹੈ। ਗਾਂਧੀ ਨੇ ਕਿਹਾ ਕਿ ਉਹ ਆਪਣੇ ਭਣੌਈਏ ਤੇ ਉਨ੍ਹਾਂ ਦੇ ਪਰਿਵਾਰ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਅਖੀਰ ਵਿਚ ਸੱਚਾਈ ਦੀ ਜਿੱਤ ਹੋਵੇਗੀ।
ਰਾਹੁਲ ਗਾਂਧੀ ਨੇ ਐਕਸ ’ਤੇ ਇਕ ਪੋਸਟ ’ਚ ਲਿਖਿਆ, ‘‘ਮੇਰੇ ਭਣੌਈਏ ਨੂੰ ਪਿਛਲੇ 10 ਸਾਲਾਂ ਤੋਂ ਇਸ ਸਰਕਾਰ ਵੱਲੋਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਹ ਸੱਜਰੀ ਚਾਰਜਸ਼ੀਟ ਉਸੇ ਦੀ ਅਗਲੀ ਕੜੀ ਹੈ।’’
ਉਨ੍ਹਾਂ ਕਿਹਾ, ‘‘ਮੈਂ ਰੌਬਰਟ, ਪ੍ਰਿਯੰਕਾ ਤੇ ਉਨ੍ਹਾਂ ਦੇ ਬੱਚਿਆਂ ਨਾਲ ਖੜ੍ਹਾ ਹਾਂ, ਕਿਉਂਕਿ ਉਹ ਸਿਆਸਤ ਤੋਂ ਪ੍ਰੇਰਿਤ ਬਦਨਾਮੀ ਤੇ ਅੱਤਿਆਚਾਰ ਦੇ ਇੱਕ ਹੋਰ ਹਮਲੇ ਦਾ ਸਾਹਮਣਾ ਕਰ ਰਹੇ ਹਾਂ।’’
ਗਾਂਧੀ ਨੇ ਜ਼ੋਰ ਦੇ ਕੇ ਕਿਹਾ, ‘‘ਮੈਂ ਜਾਣਦਾ ਹਾਂ ਕਿ ਉਨ੍ਹਾਂ ਸਾਰਿਆਂ ਕੋਲ ਕਿਸੇ ਵੀ ਤਰ੍ਹਾਂ ਦੇ ਅਤਿਆਚਾਰ ਦਾ ਸਾਹਮਣਾ ਕਰਨ ਦੀ ਹਿੰਮਤ ਹੈ ਅਤੇ ਉਹ ਸਨਮਾਨ ਨਾਲ ਅਜਿਹਾ ਕਰਦੇ ਰਹਿਣਗੇ।’’ ਰਾਹੁਲ ਗਾਂਧੀ ਨੇ ਕਿਹਾ ਕਿ ਸੱਚਾਈ ਦੀ ਅੰਤ ਵਿੱਚ ਜਿੱਤ ਹੋਵੇਗੀ।