ਆਈਪੀਐੱਸ ਅਧਿਕਾਰੀ ਖ਼ੁਦਕੁਸ਼ੀ ਮਾਮਲੇ ’ਚ ਰੋਹਤਕ ਦੇ ਐੱਸ ਪੀ ਦਾ ਤਬਾਦਲਾ
ਹਰਿਆਣਾ ਦੇ ਸੀਨੀਅਰ ਆਈ ਪੀ ਐੱਸ ਅਧਿਕਾਰੀ ਏ ਡੀ ਜੀ ਪੀ ਵਾਈ ਪੂਰਨ ਕੁਮਾਰ ਦੀ ਖ਼ੁਦਕੁਸ਼ੀ ਦੇ ਅੱਜ ਪੰਜਵੇਂ ਦਿਨ ਵੀ ਪੋਸਟਮਾਰਟਮ ਨਹੀਂ ਹੋ ਸਕਿਆ। ਪੀੜਤ ਪਰਿਵਾਰ ਹਰਿਆਣਾ ਦੇ ਡੀ ਜੀ ਪੀ ਸ਼ਤਰੂਜੀਤ ਕਪੂਰ ਅਤੇ ਰੋਹਤਕ ਦੇ ਐੱਸ ਪੀ ਨਰਿੰਦਰ ਬਿਜਾਰਨੀਆ ਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕਰਕੇ ਗ੍ਰਿਫ਼ਤਾਰੀ ਹੋਣ ਤੱਕ ਪੋਸਟਮਾਰਟਮ ਨਾ ਕਰਵਾਉਣ ਲਈ ਅੜਿਆ ਹੋਇਆ ਹੈ। ਹਾਲਾਂਕਿ, ਹਰਿਆਣਾ ਸਰਕਾਰ ਨੇ ਅੱਜ ਰੋਹਤਕ ਦੇ ਐੱਸ ਪੀ ਬਿਜਾਰਨੀਆ ਦਾ ਤਬਾਦਲਾ ਕਰ ਦਿੱਤਾ। ਉਨ੍ਹਾਂ ਦੀ ਥਾਂ ਸੁਰਿੰਦਰ ਸਿੰਘ ਭੋਰੀਆ ਨੂੰ ਰੋਹਤਕ ਦਾ ਐੱਸ ਪੀ ਨਿਯੁਕਤ ਕੀਤਾ ਹੈ। ਦੂਜੇ ਪਾਸੇ, ਹਰਿਆਣਾ ਦੇ ਡੀਜੀਪੀ ਸ਼ਤਰੂਜੀਤ ਕਪੂਰ ਨੂੰ ਛੁੱਟੀ ’ਤੇ ਭੇਜਣ ਜਾਂ ਬਦਲਣ ਦੀਆਂ ਚਰਚਾਵਾਂ ਵੀ ਸਾਰਾ ਦਿਨ ਚੱਲਦੀਆਂ ਰਹੀਆਂ। ਉੱਧਰ, ਹਰਿਆਣਾ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਦੇਰ ਰਾਤ ਤੱਕ ਪੀੜਤ ਪਰਿਵਾਰ ਨੂੰ ਮਨਾਉਣ ਦੇ ਯਤਨ ਕਰਦੇ ਰਹੇ।
ਪ੍ਰਾਪਤ ਜਾਣਕਾਰੀ ਅਨੁਸਾਰ, ਚੰਡੀਗੜ੍ਹ ਪੁਲੀਸ ਵੱਲੋਂ ਅੱਜ ਵਾਈ ਪੂਰਨ ਕੁਮਾਰ ਦਾ ਪੋਸਟਮਾਰਟਮ ਸੈਕਟਰ-16 ਦੀ ਥਾਂ ਪੀ ਜੀ ਆਈ ਵਿੱਚ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਅਤੇ ਪੋਸਟਮਾਰਟਮ ਦੀਆਂ ਤਿਆਰੀਆਂ ਵੀ ਕਰ ਲਈਆਂ। ਹਾਲਾਂਕਿ, ਪੀੜਤ ਪਰਿਵਾਰ ਵੱਲੋਂ ਸਹਿਮਤੀ ਨਾ ਦਿੱਤੇ ਜਾਣ ਕਾਰਨ ਵਾਈ ਪੂਰਨ ਕੁਮਾਰ ਦਾ ਪੋਸਟਮਾਰਟਮ ਨਹੀਂ ਹੋ ਸਕਿਆ। ਪਰਿਵਾਰ ਨੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਸੈਕਟਰ-16 ਹਸਪਤਾਲ ਤੋਂ ਪੀ ਜੀ ਆਈ ਲਿਜਾਣ ’ਤੇ ਵੀ ਇਤਰਾਜ਼ ਜਤਾਇਆ। ਚੰਡੀਗੜ੍ਹ ਪੁਲੀਸ ਦੀ ਐੱਸਐੱਸਪੀ ਕੰਵਰਦੀਪ ਕੌਰ ਨੇ ਕਿਹਾ ਕਿ ਪੀੜਤ ਪਰਿਵਾਰ ਵੱਲੋਂ ਸਹਿਮਤੀ ਨਾ ਦਿੱਤੇ ਜਾਣ ਕਾਰਨ ਪੋਸਟਮਾਰਟਮ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਰਿਵਾਰ ਦੀ ਸਹਿਮਤੀ ਮਗਰੋਂ ਹੀ ਪੋਸਟਮਾਰਟਮ ਕੀਤਾ ਜਾਵੇਗਾ।
ਦੂਜੇ ਪਾਸੇ, ਅਨੁਸੂਚਿਤ ਜਾਤੀ ਵਰਗ ਵੀ ਪੀੜਤ ਪਰਿਵਾਰ ਦੀ ਹਮਾਇਤ ਵਿੱਚ ਨਿੱਤਰ ਆਇਆ ਹੈ। ਉਸ ਨੇ ਹਰਿਆਣਾ ਸਰਕਾਰ ਤੇ ਚੰਡੀਗੜ੍ਹ ਪੁਲੀਸ ’ਤੇ ਮਾਮਲੇ ਵਿੱਚ ਬਣਦੀ ਕਾਰਵਾਈ ਨਾ ਕਰਨ ਦਾ ਦੋਸ਼ ਲਾਇਆ। ਅਨੁਸੂਚਿਤ ਜਾਤੀ ਦੇ ਲੋਕਾਂ ਨੇ ਪੀੜਤ ਪਰਿਵਾਰ ਨਾਲ ਸਲਾਹ ਕਰਨ ਮਗਰੋਂ ਇਨਸਾਫ਼ ਸੰਘਰਸ਼ ਮੋਰਚਾ ਬਣਾਉਣ ਦਾ ਐਲਾਨ ਕਰਦਿਆਂ 31 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਵੱਲੋਂ 12 ਅਕਤੂਬਰ ਨੂੰ ਚੰਡੀਗੜ੍ਹ ਦੇ ਸੈਕਟਰ-20 ਸਥਿਤ ਰਵਿਦਾਸ ਭਵਨ ਵਿੱਚ ਬਾਅਦ ਦੁਪਹਿਰ ਦੋ ਵਜੇ ਮੀਟਿੰਗ ਰੱਖੀ ਗਈ ਹੈ। ਇਸ ਮੋਰਚੇ ਦੇ ਆਗੂ ਸੁਰਿੰਦਰ ਸਿੰਘ ਖੁੱਡਾ ਅਲੀਸ਼ੇਰ ਨੇ ਕਿਹਾ ਕਿ ਮੀਟਿੰਗ ਵਿੱਚ ਅੰਦੋਲਨ ਦੀ ਅਗਲੀ ਰੂਪ-ਰੇਖਾ ਤਿਆਰ ਕੀਤੀ ਜਾਵੇਗੀ। ਮੋਰਚਾ ਦੇ ਆਗੂਆਂ ਨੇ ਡੀਜੀਪੀ ਸ਼ਤਰੂਜੀਤ ਕਪੂਰ ਅਤੇ ਐੱਸਪੀ ਨਰੇਂਦਰ ਬਿਜਾਰਨੀਆ ਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ।
ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਚੰਡੀਗੜ੍ਹ ਡੀਜੀਪੀ ਤੋਂ ਰਿਪੋਰਟ ਤਲਬ
ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਹਰਿਆਣਾ ਦੇ ਏ ਡੀ ਜੀ ਪੀ ਵਾਈ ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਦਾ ਖੁਦ ਨੋਟਿਸ ਲੈਂਦਿਆਂ ਚੰਡੀਗੜ੍ਹ ਦੇ ਡੀ ਜੀ ਪੀ ਤੋਂ ਰਿਪੋਰਟ ਤਲਬ ਕੀਤੀ ਹੈ। ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਇਹ ਮਾਮਲਾ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ। ਉਨ੍ਹਾਂ ਡੀਜੀਪੀ ਚੰਡੀਗੜ੍ਹ ਨੂੰ ਹਦਾਇਤ ਕੀਤੀ ਹੈ ਕਿ ਉਹ ਇਸ ਮਾਮਲੇ ਸਬੰਧੀ ਰਿਪੋਰਟ ਅਤੇ ਮ੍ਰਿਤਕ ਅਧਿਕਾਰੀ ਦੇ ਖ਼ੁਦਕੁਸ਼ੀ ਨੋਟ ਅਤੇ ਉਨ੍ਹਾਂ ਦੀ ਪਤਨੀ ਅਮਨੀਤ ਕੌਰ ਵਲੋਂ ਦਿੱਤੀ ਗਈ ਸ਼ਿਕਾਇਤ ’ਤੇ ਹੁਣ ਤੱਕ ਕੀਤੀ ਗਈ ਕਾਰਵਾਈ ਸਬੰਧੀ ਰਿਪੋਰਟ ਏ ਡੀ ਜੀ ਪੀ ਪੱਧਰ ਦੇ ਅਧਿਕਾਰੀ ਰਾਹੀਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਕੋਲ 13 ਅਕਤੂਬਰ ਨੂੰ ਪੇਸ਼ ਕਰਨ ਲਈ ਕਿਹਾ ਹੈ। ਜਸਵੀਰ ਸਿੰਘ ਗੜ੍ਹੀ ਵੱਲੋਂ 13 ਅਕਤੂਬਰ ਨੂੰ ਪੀੜਤ ਪਰਿਵਾਰ ਨਾਲ ਮੁਲਾਕਾਤ ਵੀ ਕੀਤੀ ਜਾਵੇਗੀ।
ਮਾਨ ਵੱਲੋਂ ਪਰਿਵਾਰ ਨਾਲ ਮੁਲਾਕਾਤ
ਚੰਡੀਗੜ੍ਹ(ਆਤਿਸ਼ ਗੁਪਤਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੇਰ ਸ਼ਾਮ ਹਰਿਆਣਾ ਦੇ ਮਰਹੂਮ ਆਈ ਪੀ ਐੱਸ ਅਫਸਰ ਏ ਡੀ ਜੀ ਪੀ ਵਾਈ ਪੂਰਨ ਕੁਮਾਰ ਦੇ ਚੰਡੀਗੜ੍ਹ ਦੇ ਸੈਕਟਰ-24 ਸਥਿਤ ਘਰ ਪਹੁੰਚ ਕੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ਵਾਈ ਪੂਰਨ ਕੁਮਾਰ ਦੀ ਪਤਨੀ ਆਈ ਏ ਐੱਸ ਅਧਿਕਾਰੀ ਅਮਨੀਤ ਪੀ ਕੁਮਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ। ਸ੍ਰੀ ਮਾਨ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਨੂੰ ਇਨਸਾਫ਼ ਦੇਣ ਵਾਲਿਆਂ ਨੂੰ ਅੱਜ ਇਨਸਾਫ਼ ਲਈ ਸੰਘਰਸ਼ ਕਰਨਾ ਹਪੈ ਰਿਹਾ ਹੈ। ਉਨ੍ਹਾਂ ਕੇਂਦਰ ਤੇ ਹਰਿਆਣਾ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਕੇ ਪੀੜਤ ਪਰਿਵਾਰ ਨੂੰ ਜਲਦ ਇਨਸਾਫ਼ ਦੇਣ।
ਭਗਵੰਤ ਮਾਨ ਨੇ ਕਿਹਾ ਕਿ ਪੀੜਤ ਪਰਿਵਾਰ ਵੱਲੋਂ ਪਹਿਲੇ ਦਿਨ ਤੋਂ ਖੁਦਕੁਸ਼ੀ ਪੱਤਰ ’ਚ ਸ਼ਾਮਲ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਪਰ ਚੰਡੀਗੜ੍ਹ ਪੁਲੀਸ ਵੱਲੋਂ ਐੱਫ ਆਈ ਆਰ ਵਿੱਚ ਕਿਸੇ ਨੂੰ ਨਾਮਜ਼ਦ ਹੀ ਨਹੀਂ ਕੀਤਾ ਗਿਆ ਹੈ। ਅਜਿਹੇ ਸਮੇਂ ’ਚ ਹਰਿਆਣਾ ਸਰਕਾਰ ਨੂੰ ਆਪਣੇ ਚਹੇਤੇ ਅਧਿਕਾਰੀਆਂ ਦੀ ਰਾਖੀ ਕਰਨ ਦੀ ਥਾਂ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਚਾਹੀਦਾ ਹੈ। ਉਨ੍ਹਾਂ ਪੰਜਾਬ ਦੇ ਰਾਜਪਾਲ ਨੂੰ ਵੀ ਅਪੀਲ ਕੀਤੀ ਕਿ ਉਹ ਉਕਤ ਮਾਮਲੇ ਵਿੱਚ ਦਖਲ ਦੇਣ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੇ ਰਾਜ ’ਚ ਦੇਸ਼ ਭਰ ਵਿੱਚ ਪੱਛੜੇ ਵਰਗ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸੇ ਲਈ ਵੱਡੇ ਘਰਾਂ ਦੇ ਬੱਚੇ ਛੋਟੇ ਘਰਾਂ ਦੇ ਬੱਚਿਆਂ ਨੂੰ ਵੱਡੀਆਂ ਕੁਰਸੀਆਂ ’ਤੇ ਬੈਠਿਆ ਨਹੀਂ ਦੇਖ ਪਾ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲਾਂ ਸਿਆਸੀ ਪਾਰਟੀਆਂ ਵੱਲੋਂ ‘ਪੰਜ ਸਾਲ ਤੇਰੇ ਤੇ ਪੰਜ ਸਾਲ ਮੇਰੇ’ ਦੀ ਨੀਤੀ ਤਹਿਤ ਸਿਆਸਤ ਕੀਤੀ ਜਾਂਦੀ ਸੀ, ਪਰ ਹੁਣ ਆਮ ਘਰਾਂ ਦੇ ਬੱਚੇ ਸੱਤਾ ਵਿੱਚ ਆ ਗਏ ਹਨ ਤਾਂ ਉਹ ਬਰਦਾਸ਼ਤ ਨਹੀਂ ਕਰ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤ ਦੇ ਚੀਫ਼ ਜਸਟਿਸ ’ਤੇ ਹਮਲਾ ਕਰਨ ਦੇ ਮੀਮ ਬਣਾਏ ਜਾ ਰਹੇ ਹਨ। ਚੀਫ਼ ਜਸਟਿਸ ਨੇ ਹਾਲਾਂਕਿ ਉਕਤ ਵਿਅਕਤੀ ਵਿਰੁੱਧ ਕੋਈ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਪਰ ਕੇਂਦਰ ਸਰਕਾਰ ਨੂੰ ਉਕਤ ਮਸਲੇ ’ਤੇ ਨਿੱਜੀ ਤੌਰ ’ਤੇ ਐਕਸ਼ਨ ਲੈਣਾ ਚਾਹੀਦਾ ਹੈ।
‘ਆਪ’, ਕਾਂਗਰਸ ਤੇ ਭਾਜਪਾ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ
ਪੰਜਾਬ ਤੇ ਹਰਿਆਣਾ ਦੇ ‘ਆਪ’, ਕਾਂਗਰਸ ਤੇ ਭਾਜਪਾ ਦੇ ਆਗੂਆਂ ਨੇ ਵੀ ਅੱਜ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ‘ਆਪ’ ਪੰਜਾਬ ਦੇ ਇੰਚਾਰਜ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਹਰਿਆਣਾ ਦੇ ਸੰਸਦ ਮੈਂਬਰ ਰਣਦੀਪ ਸਿੰਘ ਸੁਰਜੇਵਾਲਾ, ਹਰਿਆਣਾ ਕਾਂਗਰਸ ਦੀ ਸਾਬਕਾ ਪ੍ਰਧਾਨ ਕੁਮਾਰੀ ਸ਼ੈਲਜਾ, ਸੰਸਦ ਮੈਂਬਰ ਦੀਪੇਂਦਰ ਹੁੱਡਾ, ਹਰਿਆਣਾ ਦੇ ਕੈਬਨਿਟ ਮੰਤਰੀ ਅਨਿਲ ਵਿੱਜ, ਚੰਡੀਗੜ੍ਹ ਦੇ ਡੀ ਜੀ ਪੀ ਸਾਗਰਪ੍ਰੀਤ ਹੁੱਡਾ ਸਣੇ ਹੋਰਨਾਂ ਕਈ ਸਿਆਸੀ ਆਗੂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਪੀੜਤ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਕੈਪਸ਼ਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਈਪੀਐੱਸ ਅਧਿਕਾਰੀ ਵਾਈ ਪੂਰਨ ਕੁਮਾਰ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ।