ਲਖਨਊ, 22 ਅਕਤੂਬਰ
ਬਸਪਾ ਪ੍ਰਧਾਨ ਮਾਇਆਵਤੀ ਨੇ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਨਾਕਾਮੀਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਆਰਐੱਸਐੱਸ ਧਰਮ ਪਰਿਵਰਤਨ ਅਤੇ ਆਬਾਦੀ ਨੀਤੀ ਨਾਲ ਜੁੜੇ ਮੁੱਦੇ ਉਠਾ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਮੌਜੂਦਾ ਸਥਿਤੀ ’ਤੇ ਆਰਐੱਸਐੱਸ ਦੀ ‘ਚੁੱਪ’ ਨੁਕਸਾਨਦੇਹ ਹੈ। ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਇੱਥੇ ਪਾਰਟੀ ਦੀ ਸੂਬਾ ਇਕਾਈ ਦੇ ਅਹੁਦੇਦਾਰਾਂ ਦੇ ਸੰਮੇਲਨ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ, ‘‘ਅਸਲ ਵਿੱਚ ਆਰਐੱਸਐੱਸ ਵੱਲੋਂ ਇਹ ਮੁਹਿੰਮ ਅਗਲੀਆਂ (2024) ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਅਤੇ ਉਸ ਦੀ ਸਰਕਾਰ ਨੂੰ ਸਮਰਥਨ ਦੇਣ ਦੀ ਸਾਜ਼ਿਸ਼ ਦੇ ਹਿੱਸੇ ਵਜੋਂ ਚਲਾਈ ਜਾ ਰਹੀ ਹੈ। ਲੋਕਾਂ ਨੂੰ ਇਸ ਬਾਰੇ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ।’’ ਉਨ੍ਹਾਂ ਕਿਹਾ ਕਿ ਆਰਐੱਸਐੱਸ ਹਰ ਚੋਣ ਵਿੱਚ ‘ਅੱਖਾਂ ਬੰਦ’ ਕਰ ਕੇ ਭਾਜਪਾ ਦਾ ਸਮਰਥਨ ਕਰਦੀ ਹੈ ਪਰ ਲੋਕ ਵਿਰੋਧੀ ਨੀਤੀਆਂ ਦਾ ਕਦੇ ਖੁੱਲ੍ਹ ਕੇ ਵਿਰੋਧ ਨਹੀਂ ਕਰਦੀ। –ਪੀਟੀਆਈ