Cockroach Janata Party ਦੇ ਪ੍ਰਦਰਸ਼ਨ ਬਾਅਦ ਸਕੂਲ ਪ੍ਰਿੰਸੀਪਲ ਹਟਾਇਆ
ਹਿੰਗੋਲੀ ਜ਼ਿਲ੍ਹੇ ਦੇ ਸਕੂਲ ਦਾ ਸੀ ਜੇ ਪੀ ਬਾਨੀ ਨੇ ਕੀਤਾ ਸੀ ਦੌਰਾ; ਬੁਨਿਆਦੀ ਸਹੂਲਤਾਂ ਦੀ ਘਾਟ ਦਾ ਚੁੱਕਿਆ ਸੀ ਮੁੱਦਾ
ਮਹਾਰਾਸ਼ਟਰ ਦੇ ਹਿੰਗੋਲੀ ਜ਼ਿਲ੍ਹੇ ਵਿੱਚ ਸੀ ਜੇ ਪੀ ਦੀ ਅਗਵਾਈ ਹੇਠ ਹੋਏ ਪ੍ਰਦਰਸ਼ਨਾਂ ਤੋਂ ਬਾਅਦ ਜ਼ਿਲ੍ਹਾ ਪਰਿਸ਼ਦ ਸਕੂਲ ਦੇ ਪ੍ਰਿੰਸੀਪਲ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਕੌਕਰੋਚ ਜਨਤਾ ਪਾਰਟੀ (ਸੀ ਜੇ ਪੀ) ਦੇ ਬਾਨੀ ਅਭਿਜੀਤ ਦੀਪਕੇ ਨੇ ਦੋਸ਼ ਲਾਇਆ ਕਿ ਪ੍ਰਿੰਸੀਪਲ ਕਥਿਤ ਤੌਰ ’ਤੇ ਨਸ਼ੇ ਦੀ ਹਾਲਤ ਵਿੱਚ ਸਕੂਲ ਆਉਂਦਾ ਸੀ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਮੁੱਖ ਮੰਗ ਪ੍ਰਿੰਸੀਪਲ ਨੂੰ ਹਟਾਉਣਾ ਸੀ, ਜੋ ਪੂਰੀ ਹੋ ਗਈ ਹੈ, ਪਰ ਸਕੂਲ ਵਿੱਚ ਦੋ ਹੋਰ ਅਧਿਆਪਕਾਂ ਦੀ ਭਰਤੀ ਦੀ ਮੰਗ ਲਈ ਪ੍ਰਦਰਸ਼ਨ ਜਾਰੀ ਰਹੇਗਾ।
ਦੀਪਕੇ ਨੇ ਕਿਹਾ ਕਿ ਸਕੂਲ ਵਿੱਚ ਚਾਰ ਅਧਿਆਪਕਾਂ ਦੀ ਲੋੜ ਹੈ, ਪਰ ਇਸ ਵੇਲੇ ਸਿਰਫ਼ ਦੋ ਅਧਿਆਪਕ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪਿੰਡ ਵਾਸੀ ਦੋ ਸਾਲਾਂ ਤੋਂ ਪ੍ਰਿੰਸੀਪਲ ਖ਼ਿਲਾਫ਼ ਸ਼ਿਕਾਇਤਾਂ ਕਰ ਰਹੇ ਸਨ, ਪਰ ਸਿੱਖਿਆ ਵਿਭਾਗ ਨੇ ਕਾਰਵਾਈ ਨਹੀਂ ਕੀਤੀ। ਸੀ ਜੇ ਪੀ ਆਗੂ ਨੇ ‘ਸਕੂਲ ਠੀਕ ਕਰੋ’ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿੱਚ ਟੁੱਟੀਆਂ ਖਿੜਕੀਆਂ, ਗੰਦੇ ਪਾਖ਼ਾਨਿਆਂ ਅਤੇ ਬੈਠਣ ਦੀਆਂ ਸਹੂਲਤਾਂ ਦੀ ਘਾਟ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਲਈ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣਾ ਲਾਜ਼ਮੀ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਸਰਕਾਰ ’ਤੇ ਪੇਂਡੂ ਵਿਦਿਆਰਥੀਆਂ ਨੂੰ ਆਵਾਜਾਈ ਸਹੂਲਤਾਂ ਦੇਣ ’ਚ ਅਸਫਲ ਰਹਿਣ ਦਾ ਵੀ ਦੋਸ਼ ਲਾਇਆ। ਦੀਪਕੇ ਨੇ ਕਿਹਾ ਕਿ ਮੰਤਰੀਆਂ ਅਤੇ ਸਿਆਸਤਦਾਨਾਂ ਨੂੰ ਵੀ ਘੱਟੋ-ਘੱਟ ਇੱਕ ਦਿਨ ਪਿੰਡਾਂ ਦੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨਾਲ ਬਿਤਾਉਣਾ ਚਾਹੀਦਾ ਹੈ, ਤਾਂ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਿਆ ਜਾ ਸਕੇ।

