ਨੋਇਡਾ, 1 ਨਵੰਬਰ
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਵਿਗਿਆਨੀਆਂ, ਸ਼ਹਿਰ ਯੋਜਨਾਕਾਰਾਂ ਤੇ ਖੋਜੀਆਂ ਨੂੰ ਸੱਦਾ ਦਿੱਤਾ ਕਿ ਉਹ ਜਲ ਸਰੋਤਾਂ ਦੀ ਸੰਭਾਲ ਲਈ ਤਕਨੀਕਾਂ ਵਿਕਸਿਤ ਕਰਨ। ਉਨ੍ਹਾਂ ਕਿਹਾ ਕਿ ਜਲ ਸੰਭਾਲ ਲਈ ਤਕਨੀਕ ਅਹਿਮ ਭੂਮਿਕਾ ਨਿਭਾਅ ਸਕਦੀ ਹੈ।
ਰਾਸ਼ਟਰਪਤੀ ਮੁਰਮੂ ਅੱਜ ਇੱਥੇ ਭਾਰਤ ਜਲ ਹਫ਼ਤਾ ਦੇ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਵੱਛ ਪਾਣੀ ਮੁਹੱਈਆ ਕਰਨਾ ਅੱਜ ਵੱਡੀ ਚੁਣੌਤੀ ਹੈ ਤੇ ਇਸ ਲਈ ਸਮਾਜ ਦੇ ਸਾਰੇ ਵਰਗਾਂ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਕਿਹਾ, ‘ਸਾਡੀਆਂ ਭਵਿੱਖੀ ਪੀੜ੍ਹੀਆਂ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਪਾਣੀ ਦੀ ਸੰਭਾਲ ਦੀ ਜ਼ਰੂਰਤ ਹੈ ਅਤੇ ਇਸ ਵਿੱਚ ਤਕਨੀਕ ਅਹਿਮ ਭੂਮਿਕਾ ਨਿਭਾਅ ਸਕਦੀ ਹੈ। ਮੇਰੀ ਵਿਗਿਆਨੀਆਂ, ਸ਼ਹਿਰ ਯੋਜਨਾਕਾਰਾਂ ਤੇ ਖੋਜੀਆਂ ਨੂੰ ਅਪੀਲ ਹੈ ਕਿ ਉਹ ਜਲ ਸਰੋਤਾਂ ਦੀ ਸੰਭਾਲ ਲਈ ਤਕਨੀਕਾਂ ਵਿਕਸਿਤ ਕਰਨ ਦੀ ਕੋਸ਼ਿਸ਼ ਕਰਨ।’ ਉਨ੍ਹਾਂ ਕਿਹਾ ਕਿ ਪਾਣੀ ਦੀ ਸੰਭਾਲ ਬਾਰੇ ਜਾਗਰੂਕਤਾ ਫੈਲਾਉਣ ਦੀ ਜ਼ਰੂਰਤ ਹੈ।
ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਵੀ ਜਲ ਸਰੋਤਾਂ ਦੀ ਸੰਭਾਲ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ, ‘ਅੱਜ ਦੇ ਸੰਸਾਰ ’ਚ ਜਲ ਸੁਰੱਖਿਆ ਦੇ ਮੁੱਦੇ ਨੂੰ ਬਹੁ-ਪੱਖੀ ਚੁਣੌਤੀਆਂ ਦਰਪੇਸ਼ ਹਨ ਤੇ ਇਨ੍ਹਾਂ ਨਾਲ ਨਜਿੱਠਣ ਲਈ ਸਾਨੂੰ ਬਹੁ-ਪੱਖੀ ਨਜ਼ਰੀਆ ਅਪਣਾਉਣ ਦੀ ਲੋੜ ਹੈ। ਸਾਡੀ ਸਰਕਾਰ ਨੇ ਜਲ ਸਰੋਤਾਂ ਬਾਰੇ ਕੰਮ ਕਰ ਰਹੀਆਂ ਵੱਖ ਵੱਖ ਡਿਵੀਜ਼ਨਾਂ ਦਾ ਰਲੇਵਾਂ ਕੀਤਾ ਹੈ ਅਤੇ ਦੁਨੀਆ ਸਾਹਮਣੇ ਇੱਕ ਮਿਸਾਲ ਪੇਸ਼ ਕੀਤੀ ਹੈ।’ ਸਮਾਗਮ ਨੂੰ ਸੰਬੋਧਨ ਕਰਦਿਆਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆ ਨਾਥ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ 60 ਨਦੀਆਂ ਨੂੰ ਸੁਰਜੀਤ ਕੀਤਾ ਹੈ। ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ ਨੇ ਕਿਹਾ ਕਿ ਸਵੱਛ ਪਾਣੀ ਮੁਹੱਈਆ ਕਰਾਉਣ ਨਾਲ ਵੀ ਕੁਪੋਸ਼ਣ ਨਾਲ ਲੜਨ ’ਚ ਵੱਡੀ ਮਦਦ ਮਿਲ ਸਕਦੀ ਹੈ ਅਤੇ ਕਈ ਬੱਚਿਆਂ ਦੀ ਜ਼ਿੰਦਗੀ ਬਚਾਈ ਜਾ ਸਕਦੀ ਹੈ। -ਪੀਟੀਆਈ