DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

SGPC: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅਸਤੀਫ਼ਾ ਦਿੱਤਾ

Shiromani Gurdwara Parbandhak Committee (SGPC) President Harjinder Singh Dhami has resigned from his post; ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੇ ਮੁਖੀ ਵਜੋਂ ਵੀ ਦਿੱਤਾ ਅਸਤੀਫ਼ਾ
  • fb
  • twitter
  • whatsapp
  • whatsapp
featured-img featured-img
ਹਰਜਿੰਦਰ ਸਿੰਘ ਧਾਮੀ
Advertisement
ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 17 ਫਰਵਰੀ

Advertisement

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਾਰਗ ਕਰਨ ਦੇ ਫ਼ੈਸਲੇ ਤੋਂ ਬਾਅਦ ਪੈਦਾ ਹੋਏ ਹਾਲਾਤਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਦੇ ਅਹੁਦੇ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੇ ਮੁਖੀ ਵਜੋਂ ਆਪਣੇ ਦੋਵਾਂ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਵੰਬਰ, 2021 ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ ਸੀ।

ਇੱਕ ਪੱਤਰਕਾਰ ਸੰਮੇਲਨ ਵਿੱਚ ਖੁਲਾਸਾ ਕਰਦਿਆਂ ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਫਾਰਗ ਕਰਨ ਦਾ ਫ਼ੈਸਲਾ ਅੰਤ੍ਰਿੰਗ ਕਮੇਟੀ ਦਾ ਸੀ, ਜਿਸ ਵਿੱਚ ਕਮੇਟੀ ਦੇ ਉਨ੍ਹਾਂ ਸਣੇ ਬਾਕੀ ਸਾਰੇ ਮੈਂਬਰ ਵੀ ਹਾਜ਼ਰ ਸਨ ਅਤੇ ਬਹੁ-ਸੰਮਤੀ ਨਾਲ ਇਸ ਫ਼ੈਸਲੇ ’ਤੇ ਸਹਿਮਤੀ ਦਿੱਤੀ ਗਈ ਸੀ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਸਾਰਿਆਂ ਨਾਲ ਸਲਾਹ-ਮਸ਼ਵਰਾ ਹੋਇਆ ਸੀ ਅਤੇ ਉਸ ਤੋਂ ਬਾਅਦ ਇਹ ਫ਼ੈਸਲਾ ਕੀਤਾ ਗਿਆ ਸੀ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਸੱਤ ਮੈਂਬਰੀ ਕਮੇਟੀ ਤੋਂ ਵੀ ਉਸ ਨੂੰ ਫਾਰਗ ਕਰ ਦਿੱਤਾ ਜਾਵੇ।

ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਵਜੋਂ ਅਸਤੀਫ਼ਾ ਉਨ੍ਹਾਂ ਅੰਤ੍ਰਿੰਗ ਕਮੇਟੀ ਨੂੰ ਭੇਜਿਆ ਹੈ, ਜਦੋਂ ਕਿ ਸੱਤ ਮੈਂਬਰੀ ਕਮੇਟੀ ਤੋਂ ਦਿੱਤਾ ਅਸਤੀਫ਼ਾ ਉਨ੍ਹਾਂ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਸੌਂਪ ਦਿੱਤਾ ਹੈ।

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪਿਛਲੇ ਦਿਨੀਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਲੱਗੇ ਦੋਸ਼ਾਂ ਨੂੰ ਆਧਾਰ ਬਣਾ ਕੇ ਉਨ੍ਹਾਂ ਨੂੰ ਜਥੇਦਾਰ ਦੇ ਅਹੁਦੇ ਤੋਂ ਫਾਰਗ ਕਰਨ ਦਾ ਫ਼ੈਸਲਾ ਕੀਤਾ ਸੀ।

ਸ਼੍ਰੋਮਣੀ ਕਮੇਟੀ ਦੇ ਇਸ ਫ਼ੈਸਲੇ ’ਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਤਰਾਜ਼ ਪ੍ਰਗਟਾਇਆ ਸੀ। ਉਹ ਉਸ ਵੇਲੇ ਇੰਗਲੈਂਡ ਦੌਰੇ ’ਤੇ ਸਨ ਅਤੇ ਉਨ੍ਹਾਂ ਆਪਣੇ ਸੋਸ਼ਲ ਮੀਡੀਆ ਖਾਤੇ ਵਿੱਚ ਇਸ ਸਬੰਧੀ ਆਪਣੀਆਂ ਭਾਵਨਾਵਾਂ ਦਰਜ ਕੀਤੀਆਂ ਸਨ, ਉਨ੍ਹਾਂ ਨਾ ਸਿਰਫ ਇਸ ਫ਼ੈਸਲੇ ’ਤੇ ਇਤਰਾਜ਼ ਕੀਤਾ ਸੀ ਸਗੋਂ ਆਖਿਆ ਸੀ ਕਿ ਇਸ ਫ਼ੈਸਲੇ ਨਾਲ ਉਨ੍ਹਾਂ ਦੇ ਮਨ ਨੂੰ ਠੇਸ ਪੁੱਜੀ ਹੈ।

ਦੱਸਣਯੋਗ ਹੈ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਪਹਿਲਾਂ ਹੀ ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਬਣਾਈ ਗਈ ਜਾਂਚ ਕਮੇਟੀ ’ਤੇ ਵੀ ਇਤਰਾਜ਼ ਪ੍ਰਗਟਾ ਚੁੱਕੇ ਸਨ। ਉਨ੍ਹਾਂ ਆਖਿਆ ਸੀ ਕਿ ਜਥੇਦਾਰਾਂ ਖ਼ਿਲਾਫ਼ ਜਾਂਚ ਕਰਨ ਦਾ ਅਧਿਕਾਰ ਸ਼੍ਰੋਮਣੀ ਕਮੇਟੀ ਕੋਲ ਨਹੀਂ ਹੈ, ਇਸ ਸਬੰਧੀ ਜਾਂਚ ਸਿਰਫ਼ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਹੀ ਕੀਤੀ ਜਾ ਸਕਦੀ ਹੈ।

ਇਸ ਸਬੰਧੀ ਪੈਦਾ ਹੋਇਆ ਰੋਸ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਸਤੀਫ਼ੇ ਵਜੋਂ ਸਾਹਮਣੇ ਆਇਆ ਹੈ।

ਧਾਮੀ ਦਾ ਅਸਤੀਫ਼ਾ ਦੁਖਦਾਇਕ: ਗਿਆਨੀ ਹਰਪ੍ਰੀਤ ਸਿੰਘ

ਗਿਆਨੀ ਹਰਪ੍ਰੀਤ ਸਿੰਘ

ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੇ ਗਏ ਅਸਤੀਫ਼ੇ ਨੂੰ ਦੁਖਦਾਇਕ ਕਰਾਰ ਦਿੱਤਾ ਹੈ। ਉਨ੍ਹਾਂ ਸੋਸ਼ਲ ਮੀਡੀਆ ’ਤੇ ਪਾਈ ਇੱਕ ਪੋਸਟ ਵਿੱਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਮੁੜ ਪੰਥਕ ਪਰੰਪਰਾਵਾਂ ਤੇ ਮਰਿਆਦਾ ਦੀ ਜਾਣਕਾਰੀ ਤੋਂ ਸੱਖਣੇ ਕੁਝ ਕੁ ਨੇਤਾਵਾਂ ਵੱਲੋਂ ਆਪਣੀਆਂ ਨਿੱਜੀ ਲਾਲਸਾਵਾਂ ਦੀ ਪੂਰਤੀ ਹਿੱਤ ਇੱਕ ਵਿਅਕਤੀ ਵਿਸ਼ੇਸ਼ ਦੀ ਰਾਜਨੀਤੀ ਨੂੰ ਜਿੰਦਾ ਰੱਖਣ ਲਈ ਪੰਥਕ ਸੰਸਥਾਵਾਂ ਨੂੰ ਪੇਤਲਾ ਕੀਤਾ ਜਾ ਰਿਹਾ ਹੈ। ਪੰਥਕ ਸੋਚ ਦੀ ਤਰਜਮਾਨੀ ਕਰਨ ਵਾਲਿਆਂ ਨੂੰ ਜ਼ਲੀਲ ਕਰਕੇ ਬਾਹਰ ਕਰਨ ਦਾ ਰਾਹ ਦਿਖਾਇਆ ਜਾ ਰਿਹਾ ਹੈ ਜਾਂ ਫਿਰ ਦਬਾਅ ਹੀ ਇਸ ਤਰ੍ਹਾਂ ਦਾ ਬਣਾਇਆ ਜਾਂਦਾ ਹੈ ਕਿ ਬੰਦਾ ਖ਼ੁਦ ਹੀ ਛੱਡ ਕੇ ਜਾਣ ਲਈ ਮਜਬੂਰ ਹੋ ਜਾਂਦਾ ਹੈ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਆਪਣੀਆਂ ਗੁਰੂ ਪੰਥ ਦੀਆਂ ਸੰਸਥਾਵਾਂ ’ਤੇ ਮਿਹਰ ਭਰਿਆ ਹੱਥ ਰੱਖੇ।

Advertisement
×