ਸ਼ਿਲੌਂਗ, 24 ਜੁਲਾਈ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਅੱਠ ਉੱਤਰ-ਪੂਰਬੀ ਰਾਜਾਂ ਦੇ ਮੁੱਖ ਮੰਤਰੀਆਂ ਵਿਚਾਲੇ ਅੱਜ ਅੰਤਰ-ਰਾਜੀ ਸਰਹੱਦੀ ਵਿਵਾਦ ਤੇ ਖੇਤਰ ’ਚ ਕਰੋਨਾ ਦੇ ਵਧਦੇ ਮਾਮਲਿਆਂ ਨਾਲ ਨਜਿੱਠਣ ਸਬੰਧੀ ਅੱਜ ਇੱਥੇ ਮੀਟਿੰਗ ਹੋਈ।
ਅਧਿਕਾਰੀਆਂ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਸ਼ਾਮ ਛੇ ਵਜੇ ਸ਼ੁਰੂ ਹੋਈ ਮੀਟਿੰਗ ’ਚ ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਤ੍ਰਿਪੁਰਾ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਤੇ ਸਿੱਕਮ ਦੇ ਮੁੱਖ ਮੰਤਰੀਆਂ, ਮੁੱਖ ਸਕੱਤਰਾਂ ਤੇ ਪੁਲੀਸ ਮੁਖੀਆਂ ਨੇ ਸ਼ਮੂਲੀਅਤ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਗ੍ਰਹਿ ਮੰਤਰੀ ਨੂੰ ਖੇਤਰ ’ਚ ਲੰਮੇ ਸਮੇਂ ਤੋਂ ਬਣੇ ਹੋਏ ਅੰਤਰ-ਰਾਜੀ ਸਰਹੱਦੀ ਵਿਵਾਦ ਤੇ ਵੱਖ ਵੱਖ ਰਾਜਾਂ ’ਚ ਕਰੋਨਾਵਾਇਰਸ ਕਾਰਨ ਬਣ ਰਹੇ ਹਾਲਾਤ ਬਾਰੇ ਜਾਣਕਾਰੀ ਦਿੱਤੀ ਗਈ। ਇੱਥੇ ਦੱਸਣਾ ਬਣਦਾ ਹੈ ਕਿ ਕਈ ਉੱਤਰ-ਪੂਰਬੀ ਰਾਜਾਂ ਵਿਚਾਲੇ ਸਰਹੱਦੀ ਵਿਵਾਦ ਹਨ। ਅਸਾਮ ਤੇ ਮਿਜ਼ੋਰਮ ਵਿਚਾਲੇ ਪਿਛਲੇ ਕੁਝ ਸਾਲਾਂ ਤੋਂ ਸਰਹੱਦੀ ਮੁੱਦੇ ’ਤੇ ਹਿੰਸਕ ਘਟਨਾਵਾਂ ਵੀ ਵਾਪਰ ਚੁੱਕੀਆਂ ਹਨ। ਗ੍ਰਹਿ ਮੰਤਰੀ ਇਸ ਤੋਂ ਬਾਅਦ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੂੰ ਵੀ ਮਿਲਣਗੇ। ਇਸ ਦੌਰਾਨ ਇਹ ਜਥੇਬੰਦੀਆਂ ਮੇਘਾਲਿਆ ’ਚ ਅੰਦਰੂਨੀ ਲਾਈਨ ਪਰਮਿਟ (ਆਈਐੱਲਪੀ) ਲਾਗੂ ਕਰਨ ਤੇ ਖਾਸੀ ਨੂੰ ਸੰਵਿਧਾਨ ਦੀ ਅੱਠਵੀਂ ਸੂਚੀ ’ਚ ਸ਼ਾਮਲ ਕਰਨ ਦੀ ਮੰਗ ਕਰ ਸਕਦੀਆਂ ਹਨ। ਇਸ ਤੋਂ ਪਹਿਲਾਂ ਦਿਨੇ ਸ਼ਿਲੌਂਗ ਹਵਾਈ ਅੱਡੇ ’ਤੇ ਪਹੁੰਚਣ ’ਤੇ ਮੇਘਾਲਿਆ ਦੇ ਮੁੱਖ ਮੰਤਰੀ ਕੋਰਨਾਡ ਕੇ ਸੰਗਮਾ ਤੇ ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ। -ਪੀਟੀਆਈ