ਦੇਹਰਾਦੂਨ, 30 ਅਕਤੂਬਰ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰਅੰਦੇਸ਼ੀ ਸਦਕਾ ਉਤਰਾਖੰਡ ਨੇ ਵਿਕਾਸ ਦੇ ਮਾਮਲੇ ਵਿੱਚ ਵੱਡੀਆਂ ਪੁਲਾਂਘਾਂ ਪੁੱਟੀਆਂ ਹਨ। ਉਨ੍ਹਾਂ ਮੋਦੀ ਅਤੇ ਨੌਜਵਾਨ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੀ ਅਗਵਾਈ ਵਿੱਚ ਸੂਬੇ ਨੂੰ ਵਿਕਾਸ ਦੇ ਰਾਹ ’ਤੇ ਅੱਗੇ ਵਧਾਉਣ ਲਈ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਇੱਕ ਮੌਕਾ ਹੋਰ ਦੇਣ ਦੀ ਅਪੀਲ ਕੀਤੀ।
ਇੱਥੇ ਬੰਨੂ ਸਕੂਲ ਗਰਾਊਂਡ ਵਿੱਚ ਰੈਲੀ ਮੌਕੇ ਉਤਰਾਖੰਡ ਵਿੱਚ ਆਪਣੀ ਪਾਰਟੀ ਦੀ ਚੋਣ ਮੁਹਿੰਮ ਦਾ ਆਗਾਜ਼ ਕਰਦਿਆਂ ਸ਼ਾਹ ਨੇ ਕਿਹਾ ਕਿ ਮੋਦੀ ਨੇ ਆਪਣੇ ਕਾਰਜਕਾਲ ਦੌਰਾਨ 85000 ਕਰੋੜ ਰੁਪਏ ਦੇ ਸੜਕ ਅਤੇ ਰੇਲਵੇ ਦੇ ਬੁਨਿਆਦੀ ਪ੍ਰਾਜੈਕਟ ਲਿਆਂਦੇ ਹਨ। ਉਨ੍ਹਾਂ ਵਿਰੋਧੀ ਧਿਰ ਕਾਂਗਰਸ ਨੂੰ ਚੁਣੌਤੀ ਦਿੱਤੀ ਕਿ ਉਹ ਸਾਬਤ ਕਰੇ ਕਿ ਉਸ ਨੇ ਸੱਤਾ ਵਿੱਚ ਹੁੰਦਿਆਂ ਕੀ ਕੰਮ ਕੀਤੇ ਹਨ। ਉਨ੍ਹਾਂ ਕਿਹਾ, ‘‘ਮਨਮੋਹਨ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਕੇਂਦਰ ਵਿੱਚ ਦਸ ਸਾਲ ਰਹੀ। ਉਸ ਨੇ ਆਪਣੇ ਕਾਰਜਕਾਲ ਦੌਰਾਨ ਉਤਰਾਖੰਡ ਲਈ ਕੀ ਕੀਤਾ? ਉਨ੍ਹਾਂ ਨੂੰ ਇਹ ਸੂਬੇ ਦੇ ਲੋਕਾਂ ਨੂੰ ਦੱਸਣਾ ਚਾਹੀਦਾ ਹੈ।’’ ਇਸੇ ਦੌਰਾਨ ਗ੍ਰਹਿ ਮੰਤਰੀ ਨੇ ‘ਘਸਿਆਰੀ ਕਲਿਆਣ ਯੋਜਨਾ’ ਸਮੇਤ ਤਿੰਨ ਅਹਿਮ ਯੋਜਨਾਵਾਂ ਸ਼ੁਰੂ ਕੀਤੀਆਂ।
-ਪੀਟੀਆਈ