ਦੁਰਗਾਪੁਰ, 23 ਅਪਰੈਲ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਭ ਤੋਂ ਵੱਧ ਕੋਵਿਡ-19 ਪ੍ਰਭਾਵਿਤ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ’ਚ ਜੇਕਰ ਉਨ੍ਹਾਂ ਨੂੰ ਬੁਲਾਇਆ ਜਾਂਦਾ ਤਾਂ ਉਹ ਉਸ ’ਚ ਜ਼ਰੂਰ ਸ਼ਾਮਲ ਹੁੰਦੀ। ਇੱਥੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਮਮਤਾ ਬੈਨਰਜੀ ਨੇ ਕਿਹਾ ਕਿ ਉਨ੍ਹਾਂ ਸੁਣਿਆ ਹੈ ਕਿ ਸਭ ਤੋਂ ਪ੍ਰਭਾਵਿਤ ਸੂਬਿਆਂ ’ਚ ਕਰੋਨਾ ਕਾਰਨ ਬਣੇ ਹਾਲਾਤ ਬਾਰੇ ਅੱਜ ਮੀਟਿੰਗ ਹੋਈ ਹੈ ਪਰ ਉਨ੍ਹਾਂ ਨੂੰ ਇਸ ਬਾਰੇ ਦੱਸਿਆ ਨਹੀਂ ਗਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੇ ਮਾੜੇ ਪ੍ਰਸ਼ਾਸਨ ਕਾਰਨ ਮੌਜੂਦਾ ਹਾਲਾਤ ਬਣੇ ਹਨ। ਉਨ੍ਹਾਂ ਕਿਹਾ ਕਿ ਕਿ ਸੱਤ ਮਾਰਚ ਨੂੰ ਕੇਂਦਰੀ ਸਿਹਤ ਮੰਤਰੀ ਹਰਸ਼ ਵਰਧਨ ਨੇ ਕਿਹਾ ਸੀ ਕਿ ਦੇਸ਼ ਕੋਵਿਡ-19 ਦੇ ਸੰਕਟ ’ਚੋਂ ਨਿਕਲ ਰਿਹਾ ਹੈ। ਇਸ ਦਾ ਮਤਲਬ ਹੈ ਕਿ ਕੇਂਦਰ ਨੂੰ ਆਉਣ ਵਾਲੇ ਸੰਕਟ ਦਾ ਕੋਈ ਕਿਆਸ ਨਹੀਂ ਸੀ। ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਨੇ ਡਬਲਿਊਐੱਚਓ ਅਨੁਸਾਰ ਕੰਮ ਨਹੀਂ ਕੀਤਾ ਅਤੇ ਆਕਸੀਜਨ ਦਾ ਭੰਡਾਰ ਨਹੀਂ ਵਧਾਇਆ। ਉਨ੍ਹਾਂ ਦੋਸ਼ ਲਾਇਆ ਕਿ ਗੁਜਰਾਤ ਨੂੰ ਮੁਫ਼ਤ ਟੀਕੇ ਦਾ 60 ਫੀਸਦ ਹਿੱਸਾ ਮਿਲ ਰਿਹਾ ਹੈ ਜਦਕਿ ਹੋਰਨਾਂ ਸੂਬਿਆਂ ਨੂੰ ਬਹੁਤ ਘੱਟ ਮਿਲ ਰਿਹਾ ਹੈ। -ਪੀਟੀਆਈ