ਸ਼ਿਮਲਾ: ਡੂੰਘੀ ਖੱਡ ਵਿੱਚ ਗੱਡੀ ਡਿੱਗਣ ਕਾਰਨ ਪੰਜ ਦੀ ਮੌਤ; ਦੋ ਜ਼ਖਮੀ
ਇੱਥੇ ਇੱਕ ਵਾਹਨ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਜ਼ਖਮੀ ਹੋ ਗਏ।
ਮ੍ਰਿਤਕਾਂ ਦੀ ਪਛਾਣ ਖੌਲਾ ਪਿੰਡ ਦੇ ਰਹਿਣ ਵਾਲੇ ਜੋਗਿੰਦਰ ਸਿੰਘ ਅਤੇ ਨੇਪਾਲ ਦੇ ਰਹਿਣ ਵਾਲੇ ਰਾਜੇਸ਼, ਏਕੇਂਦਰ ਸ਼ਾਹੀ ਅਤੇ ਲਕਸ਼ਮੀ ਵਜੋਂ ਹੋਈ ਹੈ। ਜ਼ਖਮੀਆਂ ਵਿੱਚ ਨੇਵ ਬਹਾਦੁਰ ਅਤੇ ਸੱਜਣ, ਲਕਸ਼ਮੀ ਦਾ ਪਤੀ ਸ਼ਾਮਲ ਹਨ।
ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਡਰਾਈਵਰ ਨੇ ਗੱਡੀ ਤੋਂ ਕੰਟਰੋਲ ਗੁਆ ਦਿੱਤਾ ਅਤੇ ਇਹ ਡੂੰਘੀ ਖੱਡ ਵਿੱਚ ਡਿੱਗ ਗਈ, ਜਿਸ ਕਾਰਨ ਤਿੰਨ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਚੌਥਾ ਵਿਅਕਤੀ ਬਾਅਦ ਵਿੱਚ ਜ਼ਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ।
ਪੁਲੀਸ ਨੇ ਦੱਸਿਆ ਕਿ ਗੰਭੀਰ ਜ਼ਖਮੀ ਹੋਏ ਦਿਲ ਬਹਾਦਰ ਨੂੰ ਇੰਦਰਾ ਗਾਂਧੀ ਮੈਡੀਕਲ ਕਾਲਜ, ਹਸਪਤਾਲ, ਸ਼ਿਮਲਾ ਰੈਫਰ ਕਰ ਦਿੱਤਾ ਗਿਆ ਹੈ, ਜਿੱਥੇ ਉਸਦੀ ਵੀ ਇਲਾਜ ਅਧੀਨ ਮੌਤ ਹੋ ਗਈ ਹੈ, ਜਦੋਂ ਕਿ ਬਾਕੀ ਦੋ ਜ਼ਖਮੀਆਂ ਦਾ ਇਲਾਜ ਕੋਟਖਾਈ ਦੇ ਕਮਿਊਨਿਟੀ ਹੈਲਥ ਸੈਂਟਰ ਵਿੱਚ ਚੱਲ ਰਿਹਾ ਹੈ।
ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ) ਥਿਓਗ ਸਿਧਾਰਥ ਸ਼ਰਮਾ ਨੇ ਦੱਸਿਆ ਕਿ ਬੀਐਨਐਸ ਦੀ ਧਾਰਾ 106 ਦੇ ਤਹਿਤ ਲਾਪਰਵਾਹੀ ਨਾਲ ਮੌਤ ਦਾ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਹੋਰ ਜਾਂਚ ਜਾਰੀ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਉੱਧਰ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।