ਮੁੰਬਈ, 27 ਜੂਨ
ਮਹਾਰਾਸ਼ਟਰ ਵਿੱਚ ਮਹਾ ਵਿਕਾਸ ਅਘਾੜੀ ਸਰਕਾਰ ਦੇ ਸਿਆਸੀ ਸੰਕਟ ਦੌਰਾਨ ਭਾਜਪਾ ਦੇ ਆਗੂ ਸੁਧੀਰ ਮੁੰਗੰਤੀਵਾਰ ਨੇ ਅੱਜ ਦਾਅਵਾ ਕੀਤਾ ਕਿ ਪਾਰਟੀ ਨੇ ਸ਼ਿਵ ਸੈਨਾ ਦੇ ਬਾਗ਼ੀ ਵਿਧਾਇਕ ਏਕਨਾਥ ਸ਼ਿੰਦੇ ਨਾਲ ਕੋਈ ਗੱਲਬਾਤ ਨਹੀਂ ਕੀਤੀ ਅਤੇ ਨਾ ਹੀ ਸ਼ਿੰਦੇ ਵੱਲੋਂ ਕਿਸੇ ਤਰ੍ਹਾਂ ਦੀ ਕੋਈ ਪੇਸ਼ਕਸ਼ ਹੋਈ ਹੈ। ਇਸ ਤੋਂ ਪਹਿਲਾਂ ਭਾਜਪਾ ਵੱਲੋਂ ਸੂਬਾਈ ਕੋਰ ਕਮੇਟੀ ਦੀ ਮੀਟਿੰਗ ਵਿਰੋਧੀ ਧਿਰ ਦੇ ਆਗੂ ਦੇਵੇਂਦਰ ਫੜਨਵੀਸ ਦੀ ਮੁੰਬਈ ਸਥਿਤ ਰਿਹਾਇਸ਼ ’ਤੇ ਕੀਤੀ ਗਈ। ਕੋਰ ਕਮੇਟੀ ਵੱਲੋਂ ਮੀਟਿੰਗ ਦੌਰਾਨ ਮਹਾਰਾਸ਼ਟਰ ਦੀ ਮੌਜੂਦਾ ਸਥਿਤੀ ਬਾਰੇ ਉਡੀਕ ਕਰਨ ਅਤੇ ਸਥਿਤੀ ’ਤੇ ਨਜ਼ਰ ਰੱਖਣ ਦਾ ਫ਼ੈਸਲਾ ਲਿਆ ਗਿਆ। ਮੁੰਗੰਤੀਵਾਰ ਨੇ ਕਿਹਾ ਕਿ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਸਿਆਸੀ ਘਟਨਾਕ੍ਰਮ ਦੇ ਮੱਦੇਨਜ਼ਰ ਅਗਲੀ ਮੀਟਿੰਗ ਕੀਤੀ ਜਾਵੇਗੀ। ਇਸ ਤੋਂ ਬਾਅਦ ਭਾਜਪਾ ਲੋਕਾਂ ਅਤੇ ਮਹਾਰਾਸ਼ਟਰ ਦੇ ਹਿੱਤ ਵਿੱਚ ਫ਼ੈਸਲਾ ਲਵੇਗੀ। -ਏਜੰਸੀ