DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Shiromani Committee Elections: ਧਾਮੀ ਨੇ ਵੋਟਰ ਸੂਚੀਆਂ ’ਤੇ ਸਵਾਲ ਚੁੱਕੇ

ਐੱਸਜੀਪੀਸੀ ਪ੍ਰਧਾਨ ਨੇ ਗੁਰਦੁਆਰਾ ਚੋਣ ਕਮਿਸ਼ਨਰ ਨੂੰ ਪੱਤਰ ਲਿਖ ਕੇ ਇਤਰਾਜ਼ ਜਤਾਇਆ
  • fb
  • twitter
  • whatsapp
  • whatsapp
Advertisement

ਟ੍ਰਿਬਿਉੂਨ ਨਿਊਜ਼ ਸਰਵਿਸ

ਅੰਮ੍ਰਿਤਸਰ, 10 ਜਨਵਰੀ

Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਧਾਰਮਿਕ ਸੰਸਥਾ ਦੀਆਂ ਆਮ ਚੋਣਾਂ ਸਬੰਧੀ ਗੁਰਦੁਆਰਾ ਚੋਣ ਕਮਿਸ਼ਨ ਵੱਲੋਂ ਪ੍ਰਕਾਸ਼ਿਤ ਮੁੱਢਲੀਆਂ ਵੋਟਰ ਸੂਚੀਆਂ ਵਿੱਚ ਖ਼ਾਮੀਆ ਹੋਣ ਦੇ ਦੋਸ਼ ਲਾਏ ਹਨ। ਐਡਵੋਕੇਟ ਧਾਮੀ ਨੇ ਇਸ ਸਬੰਧੀ ਗੁਰਦੁਆਰਾ ਚੋਣ ਕਮਿਸ਼ਨਰ ਜਸਟਿਸ ਐੱਸਐੱਸ ਸਾਰੋਂ ਨੂੰ ਪੱਤਰ ਭੇਜ ਕੇ ਪ੍ਰਕਾਸ਼ਿਤ ਵੋਟਰ ਸੂਚੀਆਂ ’ਤੇ ਇਤਰਾਜ਼ ਦਰਜ ਕਰਵਾਏ ਹਨ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਵਿੱਚ ਕਈ ਗ਼ੈਰ-ਸਿੱਖਾਂ ਦੇ ਨਾਂ ਸਾਹਮਣੇ ਆਏ ਹਨ, ਜਿਨ੍ਹਾਂ ਦੇ ਨਾਮ ਨਾਲ ‘ਸਿੰਘ’ ਜਾਂ ‘ਕੌਰ’ ਵੀ ਨਹੀਂ ਹੈ। ਇਸ ਤੋਂ ਇਲਾਵਾ ਸੂਚੀਆਂ ਵਿੱਚ ਵੋਟਰਾਂ ਦੀਆਂ ਫੋਟੋਆਂ ਵੀ ਨਹੀਂ ਲਗਾਈਆਂ ਗਈਆਂ ਤੇ ਵੋਟਰ ਸੂਚੀਆਂ ਹਾਸਲ ਕਰਨ ਵਿੱਚ ਵੀ ਸਿੱਖ ਸੰਗਤ ਨੂੰ ਪ੍ਰੇਸ਼ਾਨੀਆਂ ਆ ਰਹੀਆਂ ਹਨ। ਐਡਵੋਕੇਟ ਧਾਮੀ ਨੇ ਦੋਸ਼ ਲਾਇਆ ਕਿ ਇਸ ਸਭ ਤੋਂ ਪੰਜਾਬ ਸਰਕਾਰ ਦੀ ਮਨਮਰਜ਼ੀ ਝਲਕ ਰਹੀ ਹੈ ਅਤੇ ਸ਼੍ਰੋਮਣੀ ਕਮੇਟੀ ਪਹਿਲਾਂ ਹੀ ਖ਼ਦਸ਼ੇ ਜਤਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇੰਝ ਜਾਪਦਾ ਹੈ ਜਿਵੇਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਪ੍ਰਕਾਸ਼ਤ ਵੋਟਰ ਸੂਚੀਆਂ ਵਿਧਾਨ ਸਭਾ ਤੇ ਲੋਕ ਸਭਾ ਚੋਣਾਂ ਵਾਲੀਆਂ ਵੋਟਰ ਸੂਚੀਆਂ ਦੀ ਨਕਲ ਹੋਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਮੈਂਬਰ ਚੁਣਨ ਲਈ ਵੋਟਰ ਵੀ ਨਿਯਮਾਂ ਅਨੁਸਾਰ ਯੋਗ ਤਰੀਕੇ ਨਾਲ ਹੀ ਰਜਿਸਟਰ ਕੀਤੇ ਜਾਣ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੱਤਰ ਵਿੱਚ ਮੰਗ ਕੀਤੀ ਕਿ ਵੋਟਰ ਸੂਚੀਆਂ ਦੀ ਆਨਲਾਈਨ ਅਤੇ ਬਣਾਏ ਗਏ ਕੇਂਦਰਾਂ ਉੱਤੇ ਉਪਲੱਬਧਤਾ ਯਕੀਨੀ ਬਣਾਈ ਜਾਵੇ। ਗੁਰਦੁਆਰਾ ਚੋਣ ਕਮਿਸ਼ਨ ਵੱਲੋਂ ਵੋਟਰ ਰਜਿਸਟ੍ਰੇਸ਼ਨ ਪ੍ਰਕਿਰਿਆ ਸਮੇਂ ਫ਼ੋਟੋਆਂ ਸਮੇਤ ਫਾਰਮ ਜਮ੍ਹਾਂ ਕਰਵਾਉਣ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਸੂਚੀਆਂ ਵੋਟਰਾਂ ਦੀਆਂ ਫੋਟੋਆਂ ਸਮੇਤ ਪ੍ਰਕਾਸ਼ਿਤ ਕੀਤੀਆਂ ਜਾਣ ਤਾਂ ਜੋ ਪਤਾ ਲੱਗ ਸਕੇ ਕਿ ਵੋਟਰ ਬਣਨ ਵਾਲਾ ਵਿਅਕਤੀ ਸਾਬਤ ਸੂਰਤ/ਕੇਸਾਧਾਰੀ ਸਿੱਖ ਹੈ। ਉਨ੍ਹਾਂ ਵੋਟਰ ਸੂਚੀਆਂ ਵਿੱਚ ਨਾਮਜ਼ਦ ਗ਼ੈਰ-ਸਿੱਖਾਂ ਦੇ ਨਾਮ ਰੱਦ ਕਰਨ ਦੀ ਮੰਗ ਵੀ ਕੀਤੀ।

Advertisement
×