ਨਵੀਂ ਦਿੱਲੀ, 5 ਅਕਤੂਬਰ
ਵਿਰੋਧ ਧਿਰ ਦੇ ਆਗੂਆਂ ਨੂੰ ਲਖੀਮਪੁਰ ਖੀਰੀ ਜਾਣ ਤੋਂ ਰੋਕਣ ਦੇ ਮੁੱਦੇ ’ਤੇ ਸ਼ਿਵ ਸੈਨਾ ਆਗੂ ਸੰਜੈ ਰਾਊਤ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਸਾਂਝਾ ਐਕਸ਼ਨ ਉਲੀਕਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਉਹ ਇਸ ਮੁੱਦੇ ’ਤੇ ਰਾਹੁਲ ਗਾਂਧੀ ਨੂੰ ਮਿਲਣਗੇ। ਉੱਧਰ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਦੇ ਸ਼ਰਦ ਪਵਾਰ ਨੇ ਕਿਹਾ ਕਿ ਲਖੀਮਪੁਰ ਘਟਨਾ ਲਈ ਭਾਜਪਾ ਨੂੰ ਵੱਡਾ ਮੁੱਲ ਤਾਰਨਾ ਪਵੇਗਾ। ਉਨ੍ਹਾਂ ਕਿਹਾ ਕਿ ਸਾਰੀ ਵਿਰੋਧੀ ਧਿਰ ਕਿਸਾਨਾਂ ਨਾਲ ਖੜ੍ਹੀ ਹੈ। ਸੰਜੈ ਰਾਊਤ ਨੇ ਟਵੀਟ ਕੀਤਾ, ‘ਲਖੀਮਪੁਰ ਖੀਰੀ ਦੀ ਹਿੰਸਕ ਘਟਨਾ ਨੇ ਸਾਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਪ੍ਰਿਯੰਕਾ ਨੂੰ ਯੂਪੀ ਸਰਕਾਰ ਨੇ ਹਿਰਾਸਤ ’ਚ ਲੈ ਲਿਆ ਹੈ। ਵਿਰੋਧੀ ਧਿਰਾਂ ਦੇ ਆਗੂਆਂ ਨੂੰ ਕਿਸਾਨਾਂ ਨੂੰ ਮਿਲਣ ਤੋਂ ਰੋਕਿਆ ਜਾ ਰਿਹਾ ਹੈ। ਯੂਪੀ ਸਰਕਾਰ ਦੇ ਇਸ ਜਬਰ ਖ਼ਿਲਾਫ਼ ਵਿਰੋਧੀ ਧਿਰਾਂ ਦੇ ਸਾਂਝੇ ਐਕਸ਼ਨ ਦੀ ਲੋੜ ਹੈ।’ ਉਨ੍ਹਾਂ ਕਿਹਾ ਕਿ ਉਹ ਇਸ ਮੁੱਦੇ ’ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਮਿਲਣਗੇ। ਉੱਧਰ ਐੱਨਸੀਪੀ ਮੁਖੀ ਸ਼ਰਦ ਪਵਾਰ ਨੇ ਇਸ ਘਟਨਾ ਨੂੰ ਕਿਸਾਨਾਂ ’ਤੇ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਇਸ ਘਟਨਾ ਲਈ ਕੇਂਦਰ ਤੇ ਉੱਤਰ ਪ੍ਰਦੇਸ਼ ਵਿਚਲੀਆਂ ਭਾਜਪਾ ਸਰਕਾਰਾਂ ਜ਼ਿੰਮੇਵਾਰ ਹਨ ਅਤੇ ਲੋਕ ਉਨ੍ਹਾਂ ਨੂੰ ਉਨ੍ਹਾਂ ਦੀ ਥਾਂ ਜ਼ਰੂਰ ਦਿਖਾਉਣਗੇ। ਉਨ੍ਹਾਂ ਕਿਹਾ, ‘ਭਾਵੇਂ ਇਹ ਕੇਂਦਰ ਸਰਕਾਰ ਹੋਵੇ ਜਾਂ ਯੂਪੀ ਸਰਕਾਰ ਇਹ ਦੋਵੇਂ ਹੀ ਸੰਵੇਦਨਸ਼ੀਲ ਨਹੀਂ ਹਨ। ਅਜਿਹੇ ਹਾਲਾਤ ਜੱਲ੍ਹਿਆਂਵਾਲਾ ਬਾਗ ’ਚ ਵੀ ਬਣਾਏ ਗਏ ਹਨ ਤੇ ਅਜਿਹੇ ਹੀ ਹਾਲਾਤ ’ਚ ਯੂਪੀ ’ਚ ਬਣਨ ਦੇ ਅਸੀਂ ਗਵਾਹ ਬਣ ਰਹੇ ਹਾਂ। ਅੱਜ ਨਹੀਂ ਤਾਂ ਭਲਕੇ ਉਨ੍ਹਾਂ ਨੂੰ ਇਸ ਦਾ ਮੁੱਲ ਤਾਰਨਾ ਪਵੇਗਾ।’ -ਪੀਟੀਆਈ