ਬੰਗਲੂਰੂ, 28 ਮਈ
ਕਰਨਾਟਕ ਦੇ ਮੁੱਖ ਮੰਤਰੀ ਸਿਧਾਰਮੱਈਆ ਨੇ ਆਪਣੇ ਕੈਬਨਿਟ ਸਾਥੀਆਂ ਨੂੰ ਕਿਹਾ ਹੈ ਕਿ ਉਹ ਆਉਂਦੀਆਂ ਲੋਕ ਸਭਾ ਚੋਣਾਂ ‘ਚ ਸੂਬੇ ਦੀਆਂ 28 ‘ਚੋਂ 20 ਸੀਟਾਂ ਜਿੱਤਣ ਲਈ ਮਿਹਨਤ ਕਰਨ। ਮੁੱਖ ਮੰਤਰੀ ਨੇ ਸ਼ਨਿਚਰਵਾਰ ਨੂੰ ਮੰਤਰੀ ਮੰਡਲ ‘ਚ 24 ਹੋਰ ਨਵੇਂ ਮੰਤਰੀ ਸ਼ਾਮਲ ਕੀਤੇ ਹਨ। ਸਿਧਾਰਮੱਈਆ ਨੇ ਕਿਹਾ,”ਸਾਨੂੰ ਲੋਕ ਸਭਾ ਦੀਆਂ ਘੱਟੋ ਘੱਟ 20 ਸੀਟਾਂ ਜਿੱਤ ਕੇ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ, ਸੋਨੀਆ, ਰਾਹੁਲ ਅਤੇ ਪ੍ਰਿਯੰਕਾ ਗਾਂਧੀ ਨੂੰ ਤੋਹਫ਼ਾ ਦੇਣਾ ਚਾਹੀਦਾ ਹੈ।” ਮੁੱਖ ਮੰਤਰੀ ਨੇ ਮੰਤਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਟੀਚੇ ਨੂੰ ਧਿਆਨ ‘ਚ ਰਖਦਿਆਂ ਆਪਣੀ ਜ਼ਿੰਮੇਵਾਰੀ ਨਿਭਾਉਣ। ਸਿਧਾਰਮੱਈਆ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਅਤੇ ਉਨ੍ਹਾਂ ਦਾ ਹੱਲ ਕੱਢਣ ਦੀ ਵੀ ਵਕਾਲਤ ਕੀਤੀ। ਉਨ੍ਹਾਂ ਮੰਤਰੀਆਂ ਨੂੰ ਆਪਣੇ ਜ਼ਿਲ੍ਹਿਆਂ ਦਾ ਦੌਰਾ ਕਰਨ ਦੇ ਵੀ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਸਥਾਨਕ ਪੱਧਰ ‘ਤੇ ਹੀ ਕੱਢਿਆ ਜਾ ਸਕੇ। -ਪੀਟੀਆਈ