ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 3 ਜੂਨ
ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਦੀ ਜਾਂਚ ਤਹਿਤ ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਦੀ ਟੀਮ ਨੂੰ ਗੁਆਂਢੀ ਦੇਸ਼ ਭੇਜਿਆ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਖਾਸ ਖੂਫੀਆ ਸੂਚਨਾਵਾਂ ਦੇ ਆਧਾਰ ’ਤੇ ਪੁਲੀਸ ਟੀਮ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਮੂਸੇਵਾਲਾ ’ਤੇ ਹੋਏ ਹਮਲੇ ਤੋਂ ਬਾਅਦ ਨੇਪਾਲ ਵੱਲ ਭੱਜਣ ਵਾਲੇ ਹਮਲਾਵਰਾਂ ਨੂੰ ਫੜਨ ਲਈ ਸ਼ੁੱਕਰਵਾਰ ਨੂੰ ਨੇਪਾਲ ਪਹੁੰਚੀ। ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਬੰਦੂਕਧਾਰੀ ਨੇਪਾਲ ਵਿੱਚ ਲੁਕੇ ਹੋ ਸਕਦੇ ਹਨ। ਇਹ ਕਾਰਵਾਈ ਪੰਜਾਬ ਪੁਲੀਸ ਵੱਲੋਂ ਮੂਸੇਵਾਲਾ ਦੇ ਕਤਲ ਦੇ ਸਬੰਧ ਵਿੱਚ ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਸਾਹਮਣੇ ਆਈ ਹੈ। ਦੋ ਸ਼ੱਕੀਆਂ ਨੂੰ ਫਤਿਹਾਬਾਦ ਦੇ ਪਿੰਡ ਭੀਰਦਾਨਾ ਤੋਂ ਕਥਿਤ ਤੌਰ ’ਤੇ ਗੋਲੀਬਾਰੀ ਵਿੱਚ ਵਰਤੀ ਗਈ ਬੋਲੈਰੋ ਕਾਰ ਮੁਹੱਈਆ ਕਰਵਾਉਣ ਦੇ ਦੋਸ਼ ਵਿਚ ਫੜਿਆ ਗਿਆ ਸੀ। ਪੰਜਾਬ ਪੁਲੀਸ ਵੱਲੋਂ ਇਸ ਮਾਮਲੇ ਵਿੱਚ ਪਹਿਲੀ ਗ੍ਰਿਫ਼ਤਾਰੀ ਗਾਇਕ-ਰਾਜਨੇਤਾ ਦੀ ਹੱਤਿਆ ਦੇ ਦੋ ਦਿਨ ਬਾਅਦ ਕੀਤੀ ਗਈ।