ਜ਼ਿੰਮੇਵਾਰੀ ਮਿਲੀ ਤਾਂ ਸਿੱਧੂ ਸਰਗਰਮ ਹੋਣਗੇ: ਨਵਜੋਤ
ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਅੱਜ ਦੇਰ ਸ਼ਾਮ ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਉਨ੍ਹਾਂ ਪੱਤਰਕਾਰਾਂ ਨੂੰ ਦੱਸਿਆ ਕਿ ਸਿੱਧੂ ਵੱਲੋਂ ਕਈ ਵਾਰ ਸਰਕਾਰਾਂ ਬਣਾਉਣ ਵਿੱਚ ਸਹਿਯੋਗ ਕੀਤਾ ਗਿਆ ਹੈ ਪਰ ਜੋ ਉਹ ਕਹਿੰਦੇ ਹਨ ਅਤੇ ਸਰਕਾਰਾਂ ਵਲੋਂ ਨਾ ਕਰਨ ਦੇਣ ਤਾਂ ਬਹੁਤ ਦੁੱਖ ਹੁੰਦਾ ਹੈ। ਇਸ ਲਈ ਜਦੋਂ ਪਾਰਟੀ ਵੱਲੋਂ ਉਨ੍ਹਾਂ ਨੂੰ ਪੰਜਾਬ ਸੁਧਾਰਨ ਲਈ ਜ਼ਿੰਮੇਵਾਰੀ ਦਿੱਤੀ ਜਾਵੇਗੀ ਤਾਂ ਹੀ ਉਹ ਸਿਆਸਤ ਵਿੱਚ ਸਰਗਰਮ ਹੋਣਗੇ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਦੇ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਹਨ, ਉਹ ਆਪਣੀ ਸੰਸਥਾ ਬਣਾ ਕੇ ਵੀ ਕਰ ਸਕਦੇ ਹਨ। ਬੀਬੀ ਸਿੱਧੂ ਨੇ ਕਿਹਾ ਕਿ ਚੰਡੀਗੜ੍ਹ ਦੇ ਆਲੇ-ਦੁਆਲੇ ਸ਼ਿਵਾਲਿਕ ਦੀਆਂ ਜ਼ਮੀਨਾਂ ’ਤੇ ਵੱਡੇ ਲੋਕਾਂ ਵੱਲੋਂ ਗ਼ੈਰਕਾਨੂੰਨੀ ਢੰਗ ਨਾਲ ਕਬਜ਼ੇ ਕੀਤੇ ਹੋਏ ਹਨ। ਸੂਬੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ, ਜਿਸ ’ਤੇ ਸਰਕਾਰ ਨੂੰ ਧਿਆਨ ਦੇਣਾ ਚਾਹੀਦਾ ਹੈ।
