ਸ੍ਰੀਨਗਰ, 23 ਫਰਵਰੀ
ਆਲ ਪਾਰਟੀਜ਼ ਸਿੱਖ ਕੋਆਰਡੀਨੇਸ਼ਨ ਕਮੇਟੀ (ਏਪੀਐੱਸਸੀਸੀ) ਦੇ ਚੇਅਰਮੈਨ ਜਗਮੋਹਨ ਸਿੰਘ ਰੈਣਾ ਨੇ ਸਿੱਖਾਂ ਨੂੰ ਕਿਹਾ ਹੈ ਕਿ ਉਹ ਜੰਮੂ ਕਸ਼ਮੀਰ ’ਚ ਹਲਕਿਆਂ ਦੀ ਹੱਦਬੰਦੀ ਪ੍ਰਕਿਰਿਆ ਤੋਂ ਦੂਰ ਰਹਿਣ। ਉਨ੍ਹਾਂ ਕਿਹਾ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ’ਚ ਸਿੱਖਾਂ ਨੂੰ ਕੋਈ ਰਾਖਵਾਂਕਰਨ ਨਹੀਂ ਦਿੱਤਾ ਜਾ ਰਿਹਾ ਹੈ ਜਿਸ ਦੇ ਵਿਰੋਧ ’ਚ ਉਹ ਹੱਦਬੰਦੀ ਕਮਿਸ਼ਨ ਦੇ ਮੈਂਬਰਾਂ ਨਾਲ ਨਾ ਮਿਲਣ। ਸ੍ਰੀ ਰੈਣਾ ਨੇ ਕਿਹਾ ਕਿ ਅਸਲੀਅਤ ਇਹ ਹੈ ਕਿ ਸੱਤਾ ’ਚ ਬੈਠੇ ਲੋਕ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ ਘੱਟ ਗਿਣਤੀਆਂ ਦੇ ਮੁੱਦਿਆਂ ਪ੍ਰਤੀ ਅਵੇਸਲੇ ਹਨ। ਉਨ੍ਹਾਂ ਕਿਹਾ ਕਿ ਜੇਕਰ ਘੱਟ ਗਿਣਤੀਆਂ ਨੂੰ ਨਾਲ ਲੈ ਕੇ ਨਹੀਂ ਚੱਲਿਆ ਜਾਂਦਾ ਹੈ ਤਾਂ ਕਮਿਸ਼ਨ ਆਪਣੀ ਵੁੱਕਤ ਗੁਆ ਬੈਠੇਗਾ। ਸ੍ਰੀ ਰੈਣਾ ਨੇ ਕਿਹਾ,‘‘ਜਦੋਂ ਕੁਝ ਸੀਟਾਂ ਜੰਮੂ ਕਸ਼ਮੀਰ ਵਿਧਾਨ ਸਭਾ ’ਚ ਘੱਟ ਗਿਣਤੀਆਂ ਲਈ ਰਾਖਵੀਆਂ ਰੱਖੀਆਂ ਜਾਣਗੀਆਂ ਤਾਂ ਹੀ ਉਹ ਹਲਕਿਆਂ ਦੀ ਹੱਦਬੰਦੀ ਪ੍ਰਕਿਰਿਆ ’ਚ ਸ਼ਾਮਲ ਹੋਣ।’’ ਉਨ੍ਹਾਂ ਕਿਹਾ ਕਿ ਕਸ਼ਮੀਰ ਅਤੇ ਜੰਮੂ ਡਿਵੀਜ਼ਨਾਂ ’ਚ ਪੈਂਦੇ ਕਈ ਹਲਕਿਆਂ ’ਚ ਵੱਡੀ ਗਿਣਤੀ ਸਿੱਖ ਵੋਟਰ ਹਨ ਜੋ ਕਿਸੇ ਵੀ ਸਿਆਸਤਦਾਨ ਦੀ ਕਿਸਮਤ ਨੂੰ ਬਦਲਣ ’ਚ ਅਹਿਮ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸਿੱਖਾਂ ਵੱਲੋਂ ਪਹਿਲਾਂ ਵੀ ਰਾਖਵੇਂਕਰਨ ਦੀ ਮੰਗ ਕੀਤੀ ਗਈ ਸੀ ਪਰ ਸਿਆਸੀ ਪਾਰਟੀਆਂ ਅਤੇ ਹੱਦਬੰਦੀ ਕਮਿਸ਼ਨ ਨੇ ਇਸ ’ਤੇ ਕਦੇ ਵੀ ਵਿਚਾਰ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਿਕ ਘੱਟ ਗਿਣਤੀਆਂ ਖਾਸ ਕਰਕੇ ਸਿੱਖਾਂ ਨੂੰ ਸਰਕਾਰੀ ਨੌਕਰੀਆਂ ’ਚ ਵੀ ਰਾਖਵਾਂਕਰਨ ਨਹੀਂ ਦਿੱਤਾ ਜਾ ਰਿਹਾ ਹੈ ਿਜਸ ਦੀ ਉਹ ਕਈ ਸਾਲਾਂ ਤੋਂ ਮੰਗ ਕਰਦੇ ਆ ਰਹੇ ਹਨ।
-ਪੀਟੀਆਈ