ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 23 ਜਨਵਰੀ
ਸੰਯੁਕਤ ਕਿਸਾਨ ਮੋਰਚੇ ਨੇ ਅੱਜ ਕਿਸਾਨ ਸੰਘਰਸ਼ ਨੂੰ ਨਵੀਂ ਸੇਧ ਦੇਣ ਤੇ ‘ਕਿਸਾਨ ਗਣਤੰਤਰ ਪਰੇਡ’ ਦੀਆਂ ਤਿਆਰੀਆਂ ਸਮੇਤ ਹੋਰ ਮੁੱਦਿਆਂ ’ਤੇ ਚਰਚਾ ਕਰਨ ਲਈ ਅੱਜ ਦੇਰ ਸ਼ਾਮ ਤੱਕ ਮੀਟਿੰਗ ਕੀਤੀ। ਮੀਟਿੰਗ ਵਿੱਚ 26 ਜਨਵਰੀ ਦੀ ਪਰੇਡ ਮਗਰੋਂ ਕਿਸਾਨ ਅੰਦੋਲਨ ਨੂੰ ਅੱਗੇ ਲਿਜਾਣ ਦੀ ਰਣਨੀਤੀ ਵਿਚਾਰੀ ਗਈ। ਅੱਜ ਦੀ ਬੈਠਕ ਦੀ ਪ੍ਰਧਾਨਗੀ ਕਿਸਾਨ ਆਗੂ ਡਾ. ਦਰਸ਼ਨਪਾਲ ਨੇ ਕੀਤੀ। ਕਿਸਾਨਾਂ ਨੇ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕਰਨ ਮਗਰੋਂ ਬਣੇ ਹਾਲਾਤ ਬਾਰੇ ਚਰਚਾ ਕੀਤੀ। ਕਿਸਾਨ ਆਗੂਆਂ ਨੇ ਜ਼ੋਰ ਦਿੱਤਾ ਕਿ ਹਰ ਮੰਚ ਤੋਂ ਹਮੇਸ਼ਾ ਹੀ ਖੇਤੀ ਕਾਨੂੰਨ ਰੱਦ ਕਰਨ ਦਾ ਮੁੱਦਾ ਉਠਾਇਆ ਜਾਂਦਾ ਰਹੇਗਾ।