SIR ਇੱਕ ਵੱਡਾ ਮਾਮਲਾ, ਸਰਕਾਰ ਨੂੰ ਇਸ ਤੇ ਚਰਚਾ ਕਰਨੀ ਚਾਹੀਦੀ ਹੈ: ਪ੍ਰਿਯੰਕਾ ਗਾਂਧੀ
ਉਨ੍ਹਾਂ ਕਿਹਾ ਕਿ ਜਦੋਂ ਸਵਾਲ ਵੋਟਰ ਲਿਸਟ ਨਾਲ ਜੁੜਿਆ ਹੋਇਆ ਹੈ ਤਾਂ ਵਿਰੋਧੀ ਧਿਰ ਇਸ ਮੁੱਦੇ ਨੂੰ ਕਿਉਂ ਨਾ ਚੁੱਕੇ। ਵਿਰੋਧੀ ਧਿਰ ਵੱਲੋਂ ਬਿਹਾਰ ਵਿਚ ਵੋਟਰ ਸੂਚੀਆਂ ਦੀ ਸੁਧਾਈ ਬਾਰੇ ਚਰਚਾ ਕੀਤੇ ਜਾਣ ਸਬੰਧੀ ਵਿਰੋਧ ਤੋਂ ਬਾਅਦ ਲੋਕ ਸਭਾ 2 ਵਜੇ ਤੱਕ ਮੁਲਤਵੀ ਕਰਨ ਤੋਂ ਬਾਅਦ ਕਾਂਗਰਸੀ ਆਗੂ ਦਾ ਇਹ ਬਿਆਨ ਸਾਹਮਣੇ ਆਇਆ ਹੈ।
ਵਿਰੋਧੀ ਧਿਰ ਵੱਲੋਂ SIR ਮੁੱਦਾ ਉਠਾਉਣ ਬਾਰੇ ਪੁੱਛੇ ਜਾਣ ’ਤੇ ਪ੍ਰਿਅੰਕਾ ਗਾਂਧੀ ਨੇ ਕਿਹਾ, ‘‘ਇਹ ਬਹੁਤ ਵੱਡਾ ਮੁੱਦਾ ਹੈ। ਜੇ ਵੋਟਰ ਸੂਚੀਆਂ ਨਾਲ ਇਹ ਸਭ ਕੀਤਾ ਜਾ ਰਿਹਾ ਹੈ ਤਾਂ ਸਾਨੂੰ ਇਸ ਨੂੰ ਕਿਉਂ ਨਹੀਂ ਉਠਾਉਣਾ ਚਾਹੀਦਾ?’’ ਉਨ੍ਹਾਂ ਕਿਹਾ, ‘‘ਸਰਕਾਰ ਨੂੰ ਚਰਚਾ ਲਈ ਸਹਿਮਤ ਹੋਣਾ ਚਾਹੀਦਾ ਹੈ ਅਤੇ ਅੱਗੇ ਵਧਣਾ ਚਾਹੀਦਾ ਹੈ।’’
ਇੰਡੀਆ ਬਲਾਕ ਪਾਰਟੀਆਂ ਦੇ ਕਈ ਸੰਸਦ ਮੈਂਬਰ ਬਿਹਾਰ ਵਿੱਚ ਚੋਣ ਕਮਿਸ਼ਨ ਦੇ ਵੋਟਰ ਸੂਚੀ ਸੋਧ ਦੇ ਖ਼ਿਲਾਫ਼ ਸੰਸਦ ਭਵਨ ਕੰਪਲੈਕਸ ਵਿੱਚ ਰੋਜ਼ਾਨਾ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਅਤੇ ਇਸਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ।
ਹਾਲਾਂਕਿ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦੇ ਦੇਹਾਂਤ ਦੇ ਮੱਦੇਨਜ਼ਰ ਸੋਮਵਾਰ ਨੂੰ ਇਹ ਵਿਰੋਧ ਪ੍ਰਦਰਸ਼ਨ ਨਹੀਂ ਕੀਤਾ ਗਿਆ। ਵਿਰੋਧੀ ਧਿਰ ਸੰਸਦ ਦੇ ਦੋਵਾਂ ਸਦਨਾਂ ਵਿੱਚ ਐੱਸਆਈਆਰ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰ ਰਹੀ ਹੈ, ਦੋਸ਼ ਲਾ ਰਹੀ ਹੈ ਕਿ ਚੋਣ ਕਮਿਸ਼ਨ ਦੀ ਇਹ ਕਾਰਵਾਈ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਿਹਾਰ ਵਿੱਚ "ਵੋਟਰਾਂ ਨੂੰ ਵੋਟ ਤੋਂ ਵਾਂਝੇ" ਕਰਨ ਦੇ ਉਦੇਸ਼ ਨਾਲ ਕੀਤੀ ਗਈ ਸੀ। ਉਹ ਦੋਵਾਂ ਸਦਨਾਂ ਵਿੱਚ ਇਸ ਮੁੱਦੇ ’ਤੇ ਚਰਚਾ ਦੀ ਮੰਗ ਕਰ ਰਹੇ ਹਨ।