DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Gulzar Singh Death: ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਸਿਟ ਕਾਇਮ

ਲੁਧਿਆਣਾ ਦੇ ਡੀ ਐੱਮ ਸੀ ਹਸਪਤਾਲ ਵਿੱਚ ਦਮ ਤੋਡ਼ਿਆ

  • fb
  • twitter
  • whatsapp
  • whatsapp
featured-img featured-img
ਗੁਲਜ਼ਾਰ ਸਿੰਘ ਦੀ ਪਤਨੀ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਦੇ ਹੋਏ ਕਾਂਗਰਸੀ ਆਗੂ ਵਿਜੈਇੰਦਰ ਸਿੰਗਲਾ। -ਫੋਟੋ: ਰਾਜੇਸ਼ ਸੱਚਰ
Advertisement

Gulzar Singh Death: ਪਿੰਡ ਤੂਰਬੰਜਾਰਾ ’ਚ ਵਿੱਤ ਮੰਤਰੀ ਦੇ ਸਮਾਗਮ ਦੌਰਾਨ ਨਸ਼ੇ ਦਾ ਮੁੱਦਾ ਉਠਾਉਣ ਵਾਲੇ ਮਜ਼ਦੂਰ ਗੁਲਜ਼ਾਰ ਸਿੰਘ, ਜਿਸ ਨੇ ਕਥਿਤ ਧਮਕੀ ਮਿਲਣ ਮਗਰੋਂ ਸਲਫਾਸ ਨਿਗਲ ਲਈ ਸੀ, ਨੇ ਬੀਤੀ ਰਾਤ ਲੁਧਿਆਣਾ ਦੇ ਡੀ ਐੱਮ ਸੀ ਹਸਪਤਾਲ ’ਚ ਦਮ ਤੋੜ ਦਿੱਤਾ। ਸਿਵਲ ਅਤੇ ਪੁਲੀਸ ਪ੍ਰਸ਼ਾਸਨ ਵੱਲੋਂ ਪਰਿਵਾਰ ਨਾਲ ਵਾਅਦੇ ਕੀਤੇ ਜਾਣ ਮਗਰੋਂ ਉਸ ਦਾ ਅੱਜ ਸ਼ਾਮ ਸਸਕਾਰ ਕਰ ਦਿੱਤਾ ਗਿਆ। ਮ੍ਰਿਤਕ ਦੇ ਇੱਕ ਲੜਕੇ ਨੂੰ ਸਰਕਾਰੀ ਨੌਕਰੀ ਦੇਣ ਦਾ ਲਿਖਤੀ ਵਾਅਦਾ ਕੀਤਾ ਗਿਆ ਹੈ। ਪੁਲੀਸ ਨੇ ਪੰਜ ਵਿਅਕਤੀਆਂ ਖ਼ਿਲਾਫ਼ ਐੱਸ ਸੀ-ਐੱਸ ਟੀ ਐਕਟ ਤਹਿਤ ਕੇਸ ਦਰਜ ਕਰਨ ਮਗਰੋਂ ਚਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਦੀ ਜਾਂਚ ਲਈ ਏ ਡੀ ਜੀ ਪੀ ਨੌਨਿਹਾਲ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ (ਸਿਟ) ਕਾਇਮ ਕੀਤੀ ਗਈ ਹੈ।

Advertisement

Advertisement

ਗੁਲਜ਼ਾਰ ਸਿੰਘ ਦੀ ਲਾਸ਼ ਪਿੰਡ ’ਚ ਪੁੱਜਣ ’ਤੇ ਸੋਗ ਦੀ ਲਹਿਰ ਦੌੜ ਗਈ। ਪੂਰੇ ਪਿੰਡ ਨੂੰ ਪੁਲੀਸ ਛਾਉਣੀ ’ਚ ਬਦਲਿਆ ਹੋਇਆ ਸੀ। ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਤੂਰਬੰਜਾਰਾ ’ਚ ਹੋਏ ਸਮਾਗਮ ਦੌਰਾਨ ਗੁਲਜ਼ਾਰ ਸਿੰਘ ਨੇ ਪਿੰਡ ’ਚ ਚਿੱਟਾ ਸ਼ਰੇਆਮ ਵਿਕਣ ਬਾਰੇ ਸਵਾਲ ਕਰਦਿਆਂ ਅਰਜ਼ ਕੀਤੀ ਸੀ ਕਿ ਨਸ਼ਾ ਵੇਚਣ ਵਾਲਿਆਂ ਨੂੰ ਫੜਿਆ ਜਾਵੇ। ਉਸ ਨੇ ਕਿਹਾ ਸੀ ਕਿ ਪੁੱਤਰ ਵੀ ਨਸ਼ੇ ਦੀ ਲਤ ’ਚ ਫਸਿਆ ਹੋਇਆ ਹੈ। ਇਸ ਤੋਂ ਬਾਅਦ ਵਿੱਤ ਮੰਤਰੀ ਦੇ ਕੁੱਝ ਖ਼ਾਸ ਬੰਦਿਆਂ ਵੱਲੋਂ ਗੁਲਜ਼ਾਰ ਸਿੰਘ ਨੂੰ ਕਥਿਤ ਤੌਰ ’ਤੇ ਧਮਕਾਇਆ ਗਿਆ ਸੀ ਜਿਸ ਮਗਰੋਂ ਉਸ ਨੇ ਜ਼ਹਿਰੀਲੀ ਵਸਤੂ ਨਿਗਲ ਲਈ ਸੀ। ਉਸ ਨੂੰ ਪਹਿਲਾਂ ਪ੍ਰਾਈਵੇਟ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਜਿੱਥੇ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਲੁਧਿਆਣਾ ਦੇ ਡੀ ਐੱਮ ਸੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਜ਼ਹਿਰੀਲੀ ਦਵਾਈ ਪੀਣ ਤੋਂ ਬਾਅਦ ਉਸ ਨੇ ਮੀਡੀਆ ਅੱਗੇ ਆਖਿਆ ਸੀ ਕਿ ਧਮਕੀਆਂ ਕਾਰਨ ਹੀ ਉਸ ਨੇ ਇਹ ਕਦਮ ਚੁੱਕਿਆ ਹੈ। ਉਧਰ ਦਿੜ੍ਹਬਾ ਦੇ ਡੀ ਐੱਸ ਪੀ ਡਾ. ਰੁਪਿੰਦਰ ਕੌਰ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦੇ ਆਧਾਰ ’ਤੇ ਥਾਣਾ ਦਿੜ੍ਹਬਾ ’ਚ ਐੱਸ ਸੀ-ਐੱਸ ਟੀ ਐਕਟ ਤਹਿਤ ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਨ ਉਪਰੰਤ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅੱਜ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂ ਵੀ ਪਰਿਵਾਰ ਨਾਲ ਹਮਦਰਦੀ ਕਰਨ ਲਈ ਪੁੱਜੇ ਜਿਨ੍ਹਾਂ ’ਚ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ, ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਪਰਗਟ ਸਿੰਘ ਗਾਗਾ ਅਤੇ ਕਿਸਾਨ ਆਗੂ ਵੀ ਸ਼ਾਮਲ ਸਨ।

ਸੰਗਰੂਰ ਦੇ ਸਿਵਲ ਹਸਪਤਾਲ ’ਚ ਪੁਲੀਸ ਪਹਿਰੇ ਹੇਠ ਪੋਸਟਮਾਰਟਮ

ਸੰਗਰੂਰ (ਗੁਰਦੀਪ ਸਿੰਘ ਲਾਲੀ): ਪਿੰਡ ਤੂਰਬੰਜਾਰਾ ਦੇ ਮਜ਼ਦੂਰ ਗੁਲਜ਼ਾਰ ਸਿੰਘ ਦੀ ਦੇਹ ਅੱਜ ਪੋਸਟਮਾਰਟਮ ਲਈ ਲੁਧਿਆਣਾ ਤੋਂ ਸਥਾਨਕ ਸਿਵਲ ਹਸਪਤਾਲ ਲਿਆਂਦੀ ਗਈ ਜਿਥੇ ਸਵੇਰ ਤੋਂ ਹੀ ਭਾਰੀ ਪੁਲੀਸ ਫੋਰਸ ਤਾਇਨਾਤ ਸੀ। ਬਾਅਦ ਦੁਪਹਿਰ ਕਰੀਬ ਸਾਢੇ ਤਿੰਨ ਵਜੇ ਪੁਲੀਸ ਦੇ ਸਖ਼ਤ ਪਹਿਰੇ ਹੇਠ ਗੁਲਜ਼ਾਰ ਸਿੰਘ ਦਾ ਪੋਸਟਮਾਰਟਮ ਹੋਇਆ। ਐੱਸ ਪੀ ਪੱਧਰ ਦੇ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਦੀਆਂ ਮੰਗਾਂ ਸਬੰਧੀ ’ਤੇ ਸਹਿਮਤੀ ਬਣਨ ਮਗਰੋਂ ਹੀ ਪੋਸਟਮਾਰਟਮ ਹੋਇਆ ਹੈ। ਇਸ ਤੋਂ ਪਹਿਲਾਂ ਸਿਵਲ ਹਸਪਤਾਲ ’ਚ ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸੀ ਆਗੂ ਵਿਜੈਇੰਦਰ ਸਿੰਗਲਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੰਗ ਕੀਤੀ ਕਿ ਇਸ ਮਾਮਲੇ ਦੀ ਜਾਂਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੀ ਨਿਗਰਾਨੀ ਹੇਠ ਵਿਸ਼ੇਸ਼ ਜਾਂਚ ਟੀਮ ਤੋਂ ਕਰਵਾਈ ਜਾਵੇ। ਉਨ੍ਹਾਂ ਗੁਲਜ਼ਾਰ ਸਿੰਘ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ’ਚ ਤਬਦੀਲ ਕਰਨ ਦੇ ਮਾਮਲੇ ਦੀ ਵੀ ਜਾਂਚ ਕਰਾਉਣ ਦੀ ਮੰਗ ਕੀਤੀ। ਸਿਵਲ ਹਸਪਤਾਲ ’ਚ ਮੋਹਣਜੀਤ ਇਨਸਾਫ਼ ਸੰਘਰਸ਼ ਕਮੇਟੀ ਦੇ ਮੈਂਬਰ ਅਕਾਲੀ ਆਗੂ ਵਿਨਰਜੀਤ ਸਿੰਘ ਗੋਲਡੀ, ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਚਮਨਦੀਪ ਸਿੰਘ ਮਿਲਖੀ, ਅਵਤਾਰ ਕਾਹਨਗੜ੍ਹ, ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਗਰਨੈਬ ਸਿੰਘ ਰਾਮਪੁਰਾ, ਸਤਨਾਮ ਸਿੰਘ ਰੱਤੋਕੇ, ਸਰਜੀਵਨ ਜਿੰਦਲ ਸਣੇ ਹੋਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਆਗੂਆਂ ਨੇ ਦਿੜ੍ਹਬਾ ਥਾਣੇ ’ਚ ਦਰਜ ਕੀਤੇ ਗਏ ਕੇਸ ਵਿੱਚ ਮੰਤਰੀ ਨੂੰ ਵੀ ਨਾਮਜ਼ਦ ਕਰਨ ਦੀ ਮੰਗ ਕੀਤੀ।

ਕਮਿਸ਼ਨ ਨੇ ਡੀ ਜੀ ਪੀ ਤੇ ਮੁੱਖ ਸਕੱਤਰ ਤੋਂ ਰਿਪੋਰਟ ਮੰਗੀ

ਚੰਡੀਗੜ੍ਹ (ਚਰਨਜੀਤ ਭੁੱਲਰ): ਕੌਮੀ ਅਨੁਸੂਚਿਤ ਜਾਤੀ (ਐੱਸ ਸੀ) ਕਮਿਸ਼ਨ ਨੇ ਜ਼ਿਲ੍ਹਾ ਸੰਗਰੂਰ ਦੇ ਪਿੰਡ ਤੂਰਬੰਜਾਰਾ ਦੇ ਮਜ਼ਦੂਰ ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਸੰਵਿਧਾਨ ਦੀ ਧਾਰਾ 338 ਤਹਿਤ ਮਿਲੇ ਅਧਿਕਾਰਾਂ ਤਹਿਤ ਮਜ਼ਦੂਰ ਦੀ ਖ਼ੁਦਕੁਸ਼ੀ ਦੇ ਮਾਮਲੇ ਦੀ ਜਾਂਚ ਕਰਨ ਦਾ ਫ਼ੈਸਲਾ ਕੀਤਾ ਹੈ। ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਪੁਲੀਸ ਮੁਖੀ ਨੂੰ ਨੋਟਿਸ ਜਾਰੀ ਕਰ ਕੇ ਪੰਜ ਦਿਨਾਂ ਦੇ ਅੰਦਰ-ਅੰਦਰ ਇਸ ਮਾਮਲੇ ਦੇ ਤੱਥਾਂ ਅਤੇ ਇਸ ਸਬੰਧੀ ਕੀਤੀ ਕਾਰਵਾਈ ਦੀ ਵਿਸਥਾਰਤ ਰਿਪੋਰਟ ਸੌਂਪਣ ਦੇ ਹੁਕਮ ਦਿੱਤੇ ਹਨ। ਭਾਜਪਾ ਐੱਸ ਸੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਵੱਲੋਂ ਕਮਿਸ਼ਨ ਕੋਲ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਈ ਗਈ ਸੀ। ਕਮਿਸ਼ਨ ਦੇ ਪੱਤਰ ਅਨੁਸਾਰ ਮਜ਼ਦੂਰ ਗੁਲਜ਼ਾਰ ਸਿੰਘ ਨੇ ਵਿੱਤ ਮੰਤਰੀ ਸਾਹਮਣੇ ਸੂਬੇ ’ਚ ਫੈਲੇ ਨਸ਼ਿਆਂ ਦਾ ਮੁੱਦਾ ਚੁੱਕਿਆ ਸੀ। ਆਪਣੀ ਮੌਤ ਤੋਂ ਪਹਿਲਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਵੀਡੀਓ ਵਿੱਚ ਉਸ ਨੇ ਮੰਤਰੀ ਦੇ ਖ਼ੌਫ਼ ਅਤੇ ਪਿੰਡ ਦੀ ਪੰਚਾਇਤ ਦੇ ਕੁੱਝ ਮੈਂਬਰਾਂ ਵੱਲੋਂ ਪਾਏ ਜਾ ਰਹੇ ਦਬਾਅ ਕਾਰਨ ਜ਼ਹਿਰ ਖਾਣ ਦਾ ਦਾਅਵਾ ਕੀਤਾ ਸੀ। ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨੇ ਇਸ ਘਟਨਾ ਨੂੰ ਬੇਹੱਦ ਗੰਭੀਰ ਅਤੇ ਸੰਵੇਦਨਸ਼ੀਲ ਕਰਾਰ ਦਿੰਦਿਆਂ ਕਿਹਾ ਕਿ ਇਸ ਦੀ ਨਿਰਪੱਖ, ਆਜ਼ਾਦ ਅਤੇ ਉੱਚ ਪੱਧਰੀ ਜਾਂਚ ਹੋਣੀ ਲਾਜ਼ਮੀ ਹੈ। ਚੇਅਰਮੈਨ ਨੇ ਐਲਾਨ ਕੀਤਾ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਅਤੇ ਦੋਸ਼ਾਂ ਦੀ ਅਸਲ ਸਚਾਈ ਦਾ ਪਤਾ ਲਾਉਣ ਲਈ ਉਹ ਖ਼ੁਦ 10 ਸਤੰਬਰ ਨੂੰ ਸੰਗਰੂਰ ਦਾ ਦੌਰਾ ਕਰਨਗੇ।

Advertisement
×