ਜ਼ੂਬਿਨ ਗਰਗ ਮੌਤ ਮਾਮਲੇ ਦੀ ਸਹੀ ਜਾਂਚ ਨਹੀਂ ਕਰ ਰਹੀ ਸਿਟ: ਗੋਗੋਈ
ਮੁਲਜ਼ਮਾਂ ਦੇ ਮੁੱਖ ਮੰਤਰੀ ਨਾਲ ਨੇਡ਼ਲੇ ਸਬੰਧ ਹੋਣ ਦੇ ਦੋਸ਼ ਲਾਏ
SIT working to hide Himanta's relation with accused in Zubeen Garg death caseਅਸਾਮ ਕਾਂਗਰਸ ਦੇ ਪ੍ਰਧਾਨ ਗੌਰਵ ਗੋਗੋਈ ਨੇ ਅੱਜ ਦੋਸ਼ ਲਗਾਇਆ ਕਿ ਸਿੰਗਾਪੁਰ ਵਿੱਚ ਗਾਇਕ ਜ਼ੂਬਿਨ ਗਰਗ ਦੀ ਮੌਤ ਦੀ ਜਾਂਚ ਸਹੀ ਦਿਸ਼ਾ ਵਿੱਚ ਅੱਗੇ ਨਹੀਂ ਵਧ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸੂਬਾ ਸਰਕਾਰ ਨੇ ਸ਼ਿਆਮਕਾਨੂ ਮਹੰਤਾ ਅਤੇ ਸਿਧਾਰਥ ਸ਼ਰਮਾ ਨੂੰ ਬਚਾਉਣ ਲਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਹੈ, ਜੋ ਇਸ ਸਮੇਂ ਨਿਆਂਇਕ ਹਿਰਾਸਤ ਵਿੱਚ ਹਨ, ਕਿਉਂਕਿ ਉਨ੍ਹਾਂ ਦੇ ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਅਤੇ ਭਾਜਪਾ ਨਾਲ ਨੇੜਲੇ ਸਬੰਧ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਸ਼ਿਆਮਕਾਨੂ ਮਹੰਤਾ ਅਤੇ ਸਿਧਾਰਥ ਸ਼ਰਮਾ ਬਾਰੇ ਸਾਰੀ ਜਾਣਕਾਰੀ ਜਨਤਕ ਕਰੇ। ਇਸ ਸਬੰਧੀ ਕੁਝ ਵੀ ਲੁਕਾਇਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਇਹ ਖੁਲਾਸਾ ਇੱਥੇ ਵਿਰੋਧੀ ਪਾਰਟੀਆਂ ਵਲੋਂ ਜ਼ੂਬਿਨ ਲਈ ਕਰਵਾਏ ਯਾਦਗਾਰੀ ਸਮਾਰੋਹ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਸ ਤੋਂ ਲੱਗਦਾ ਹੈ ਕਿ ਮੁੱਖ ਮੰਤਰੀ ਨੇ ਸ਼ਿਆਮਕਾਨੂ ਮਹੰਤਾ ਨਾਲ ਆਪਣੇ ਨੇੜਲੇ ਸਬੰਧਾਂ ਨੂੰ ਛੁਪਾਉਣ ਲਈ ਐਸਆਈਟੀ ਬਣਾਈ ਸੀ।
ਜ਼ਿਕਰਯੋਗ ਹੈ ਕਿ ਜ਼ੂਬਿਨ ਗਰਗ ਦੀ 19 ਸਤੰਬਰ ਨੂੰ ਸਿੰਗਾਪੁਰ ਵਿੱਚ ਸਮੁੰਦਰ ਵਿੱਚ ਤੈਰਾਕੀ ਕਰਦੇ ਸਮੇਂ ਮੌਤ ਹੋ ਗਈ ਸੀ। ਇਸ ਮਾਮਲੇ ਵਿਚ ਹੁਣ ਤੱਕ ਸੱਤ ਜਣਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੂਜੇ ਪਾਸੇ ਸੂੁਬਾ ਸਰਕਾਰ ਨੇ ਕਿਹਾ ਕਿ ਇਸ ਮਾਮਲੇ ਵਿਚ ਦੋਸ਼ੀ ਪਾਏ ਜਾਣ ’ਤੇ ਸਖਤ ਸਜ਼ਾ ਦਿੱਤਾ ਜਾਵੇਗੀ। ਪੀਟੀਆਈ