ਧਾਰਾ 370 ਹਟਾਉਣ ਦੀ ਛੇਵੀਂ ਵਰ੍ਹੇਗੰਢ: ਉੱਚ ਸੁਰੱਖਿਆ ਅਧਿਕਾਰੀਆਂ ਵੱਲੋਂ ਗ੍ਰਹਿ ਮੰਤਰੀ ਨਾਲ ਮੁਲਾਕਾਤ
ਜੰਮੂ-ਕਸ਼ਮੀਰ ਵਿੱਚ ਧਾਰਾ 370 ਹਟਾਉਣ ਦੀ ਛੇਵੀਂ ਵਰ੍ਹੇਗੰਢ ਮੌਕੇ ਉੱਚ ਸੁਰੱਖਿਆ ਅਧਿਕਾਰੀਆਂ ਨੇ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕੀਤੀ ਗਈ। ਮੰਨਿਆ ਜਾ ਰਿਹਾ ਕਿ ਇਸ ਬੈਠਕ ਵਿੱਚ ਦੇਸ਼ ਦੀ ਸੁਰੱਖਿਆ 'ਤੇ ਚਰਚਾ ਹੋਈ।
ਸੂਤਰਾ ਮੁਤਾਬਕ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ, ਕੇਂਦਰੀ ਗ੍ਰਹਿ ਸਕੱਤਰ ਗੋਵਿੰਦ ਮੋਹਨ ਅਤੇ ਬਿਊਰੋ ਦੇ ਡਾਇਰੈਕਟਰ ਤਪਨ ਡੇਕਾ ਨੇ ਸੰਸਦ ਭਵਨ ਕੰਪਲੈਕਸ ਵਿਖੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਕੀਤੀ।
ਸੂਤਰਾ ਅਨੁਸਾਰ ਬੈਠਕ ਕਿਸ ਸਬੰਧ ਵਿੱਚ ਹੋਈ ਇਸਦੀ ਅਜੇ ਅਧਿਕਾਰਤ ਜਾਣਕਾਰੀ ਨਹੀਂ ਮਿਲੀ ਪਰ ਮੰਨਿਆ ਜਾ ਰਿਹਾ ਕਿ ਦੇਸ਼ ਦੀ ਮੌਜੂਦਾ ਸੁਰੱਖਿਆ ਸਥਿਤੀ ਉੱਤੇ ਚਰਚਾ ਕੀਤੀ ਗਈ।
5 ਅਗਸਤ, 2019 ਨੂੰ ਮੋਦੀ ਸਰਕਾਰ ਨੇ ਧਾਰਾ 370 ਨੂੰ ਰੱਦ ਕਰ ਦਿੱਤਾ ਸੀ, ਜੋ ਕਿ ਜੰਮੂ ਅਤੇ ਕਸ਼ਮੀਰ ਨੁੂੰ ਵਿਸ਼ੇਸ਼ ਦਰਜਾ ਦਿੰਦੀ ਸੀ ਅਤੇ ਨਾਲ ਹੀ ਪੁਰਾਣੇ ਸੁੂਬੇ ਨੁੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਜੰਮੂ ਅਤੇ ਕਸ਼ਮੀਰ ਅਤੇ ਲੱਦਾਖ ਵਿੱਚ ਵੰਡ ਦਿੱਤਾ ਗਿਆ ਸੀ।
ਹਾਲ ਹੀ ਵਿੱਚ ਜੰਮੂ ਅਤੇ ਕਸ਼ਮੀਰ ਦੇ ਰਾਜ ਵਜੋਂ ਦਰਜੇ ਦੀ ਬਹਾਲੀ ਲਈ ਮੰਗ ਲਗਾਤਾਰ ਵਧ ਰਹੀ ਹੈ। ਹਾਲਾਂਕਿ ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਸ਼ਾਹ ਦੋਵਾਂ ਨੇ ਬਿਨਾਂ ਕੋਈ ਸਮਾਂ ਦੱਸੇ ਵਾਅਦਾ ਕੀਤਾ ਸੀ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਹਾਲਾਤ ਆਮ ਵਾਂਗ ਹੋਣ ਤੋਂ ਬਾਅਦ ਰਾਜ ਦਾ ਦਰਜਾ ਬਹਾਲ ਕਰ ਦਿੱਤਾ ਜਾਵੇਗਾ।
ਮੁੱਖ ਮੰਤਰੀ ਉਮਰ ਅਬਦੁੱਲਾ ਨੇ 20 ਜੁਲਾਈ ਨੂੰ ਬਿਨਾਂ ਕਿਸੇ ਦੇਰੀ ਦੇ ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜਾ ਬਹਾਲ ਕਰਨ ਦੀ ਜ਼ੋਰਦਾਰ ਅਪੀਲ ਕੀਤੀ ਅਤੇ ਸੰਕੇਤ ਦਿੱਤਾ ਕਿ ਇਸ ਸਬੰਧ ਵਿੱਚ ਸੱਤਾਧਾਰੀ ਨੈਸ਼ਨਲ ਕਾਨਫਰੰਸ ਵੱਲੋਂ ਕਾਨੂੰਨੀ ਰਾਹ ਲੱਭੇ ਜਾ ਰਹੇ ਹਨ।
ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਨੈਸ਼ਨਲ ਕਾਨਫਰੰਸ ਦੇ ਸੱਤਾ ਵਿੱਚ ਆਉਣ ਤੋਂ ਲਗਭਗ ਦਸ ਮਹੀਨੇ ਬਾਅਦ ਅਬਦੁੱਲਾ ਨੇ ਕਿਹਾ ਕਿ ਰਾਜ ਦਾ ਦਰਜਾ ਲੋਕਾਂ ਦਾ ਬੁਨਿਆਦੀ ਅਧਿਕਾਰ ਹੈ ਅਤੇ ਕੇਂਦਰ ਨੇ ਸੰਸਦ ਅਤੇ ਸੁਪਰੀਮ ਕੋਰਟ ਦੇ ਸਾਹਮਣੇ ਇਹ ਵਾਅਦਾ ਕੀਤਾ ਸੀ।
ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸਾਂਝੇ ਤੌਰ 'ਤੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖ ਕੇ ਕੇਂਦਰ ਸਰਕਾਰ ਨੂੰ ਜੰਮੂ-ਕਸ਼ਮੀਰ ਨੂੰ ਪੂਰਨ ਰਾਜ ਦਾ ਦਰਜਾ ਦੇਣ ਲਈ ਸੰਸਦ ਦੇ ਮੌਨਸੂਨ ਸੈਸ਼ਨ ਵਿੱਚ ਇੱਕ ਕਾਨੂੰਨ ਲਿਆਉਣ ਦੀ ਅਪੀਲ ਕੀਤੀ ਸੀ। ਦੂਜੇ ਪਾਸੇ ਸੀਪੀਆਈ ਆਗੂ ਵੱਲੋਂ ਇਸ ਮੰਗ ਨੁੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਨੁੂੰ ਚਿੱਠੀ ਲਿਖੀ ਗਈ।