ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 19 ਜੂਨ
ਸੰਯੁਕਤ ਕਿਸਾਨ ਮੋਰਚੇ ਨੇ ਸਪੱਸ਼ਟ ਕੀਤਾ ਹੈ ਕਿ ਕਿਸਾਨ ਸਿਰਫ਼ ਭਾਜਪਾ ਅਤੇ ਉਸ ਦੀਆਂ ਸਹਿਯੋਗੀ ਪਾਰਟੀਆਂ ਦੇ ਆਗੂਆਂ ਵਿਰੁੱਧ ਸਮਾਜਿਕ ਬਾਈਕਾਟ ਤੇ ਵਿਰੋਧ ਪ੍ਰਦਰਸ਼ਨ ਜਾਰੀ ਰੱਖਣਗੇ। ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੀ ਜਨਰਲ ਬਾਡੀ ਮੀਟਿੰਗ ’ਚ ਸਰਬਸੰਮਤੀ ਨਾਲ ਇਹ ਮਤਾ ਪਾਸ ਕੀਤਾ ਗਿਆ ਕਿ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਸਾਰੀਆਂ ਪਾਰਟੀਆਂ ਖ਼ਿਲਾਫ਼ ਨਹੀਂ ਹੋਣਗੇ। ਇਕ ਹੋਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਮੋਰਚਾ ਪਹਿਲਾਂ ਹੀ ਸਪੱਸ਼ਟ ਕਰ ਚੁੱਕਿਆ ਹੈ ਕਿ ਲਾਲ ਕਿਲੇ ’ਤੇ ਵਾਪਰੀਆਂ ਘਟਨਾਵਾਂ ਭਾਜਪਾ ਸਰਕਾਰ ਵੱਲੋਂ ਕਿਸਾਨਾਂ ਦੀ ਲਹਿਰ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਦਾ ਹਿੱਸਾ ਸਨ। ਉਨ੍ਹਾਂ ਕਿਹਾ ਕਿ ਦਿੱਲੀ ਦੀ ਅਦਾਲਤ ਵੱਲੋਂ ਪੂਰਕ ਚਾਰਜਸ਼ੀਟ ’ਤੇ ਲਏ ਗਏ ਨੋਟਿਸ ਤੋਂ ਇਸ ਦਾ ਖ਼ੁਲਾਸਾ ਹੁੰਦਾ ਹੈ। ਸ਼ਿਵ ਕੁਮਾਰ ਕੱਕਾ ਨੇ ਕਿਹਾ ਕਿ ਮੋਰਚੇ ਨੂੰ ਵਿਸ਼ਵਾਸ ਹੈ ਕਿ ਕਿਸਾਨਾਂ ਦੇ ਸ਼ਾਂਤਮਈ, ਲੋਕਤੰਤਰੀ ਵਿਰੋਧ ਪ੍ਰਦਰਸ਼ਨ ਦੇ ਅਧਿਕਾਰ ਨੂੰ ਅਦਾਲਤ ਦੁਆਰਾ ਮਾਨਤਾ ਦਿੱਤੀ ਜਾਵੇਗੀ ਤੇ ਅਸਹਿਮਤੀ ਨੂੰ ਗੁਨਾਹ ਦਾ ਰੂਪ ਦੇਣ ਦੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਜਾਵੇਗਾ।