ਨਵੀਂ ਦਿੱਲੀ, 25 ਫਰਵਰੀ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਸਰਕਾਰ ਸਾਰੇ ਡਿਜੀਟਲ ਮੀਡੀਆ ਅਤੇ ਓਟੀਟੀ ਪਲੈਟਫਾਰਮਾਂ ਨੂੰ ਇੱਕੋ-ਜਿਹਾ ਧਰਾਤਲ ਪ੍ਰਦਾਨ ਕਰਨ ਲਈ ਵਚਨਬੱਧ ਹੈ ਪਰ ਉਨ੍ਹਾਂ ਨੂੰ ਭਾਰਤੀ ਕਾਨੂੰਨਾਂ ਦੀ ਪਾਲਣਾ ਕਰਨੀ ਪਵੇਗੀ। ਗ੍ਰਹਿ ਮੰਤਰਾਲੇ ਵੱਲੋਂ ਇੱਕ ਟਵੀਟ ’ਚ ਕਿਹਾ ਗਿਆ, ‘ਸਾਰੇ ਸੋਸ਼ਲ ਮੀਡੀਆ ਪਲੈਟਫਾਰਮਾਂ ਨੂੰ ਭਾਰਤੀ ਕਾਨੂੰਨ ਮੰਨਣੇ ਪੈਣਗੇ। ਅੱਜ ਐਲਾਨੇ ਗਏ ਨਵੇਂ ਨਿਯਮ ਸੋਸ਼ਲ ਮੀਡੀਆ ਵਰਤੋਂਕਾਰਾਂ ਨੂੰ ਸੰਸਥਾਗਤ ਨਿਵਾਰਨ ਪ੍ਰਣਾਲੀ ਰਾਹੀਂ ਹੋਰ ਤਾਕਤ ਦੇਣਗੇ ਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਹੱਲ ਯਕੀਨੀ ਬਣਾਉਣਗੇ। ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਵੀ ਸ਼ੰਕਰ ਪ੍ਰਸਾਦ ਦੀ ਸ਼ਲਾਘਾ ਕਰਦਾ ਹਾਂ।’ ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਸਾਰੇ ਡਿਜੀਟਲ ਮੀਡੀਆ ਅਤੇ ਓਟੀਟੀ ਪਲੈਟਫਾਰਮਾਂ ਨੂੰ ਕਾਰੋਬਾਰ ਲਈ ਇੱਕੋ ਜਿਹਾ ਧਰਾਤਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। -ਪੀਟੀਆਈ