ਧਨਖੜ ਦੇ ਅਸਤੀਫ਼ੇ ਪਿੱਛੇ ਖਰਾਬ ਸਿਹਤ ਨਾਲੋਂ ‘ਕੁਝ ਗੁੱਝੇ’ ਕਾਰਨ: ਕਾਂਗਰਸ
ਕਾਂਗਰਸ ਨੇ ਅੱਜ ਦਾਅਵਾ ਕੀਤਾ ਕਿ ਜਗਦੀਪ ਧਨਖੜ ਦੇ ਉਪ-ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਪਿੱਛੇ ਦੇ ਕਾਰਨ ਉਨ੍ਹਾਂ ਵੱਲੋਂ ਦੱਸੇ ਗਏ ਸਿਹਤ ਕਾਰਨਾਂ ਨਾਲੋਂ ‘ਬਹੁਤ ਗੁੱਝੇ’ ਹਨ। ਕਾਂਗਰਸ ਨੇ ਕਿਹਾ ਕਿ ਧਨਖੜ ਦਾ ਅਸਤੀਫ਼ਾ ਉਨ੍ਹਾਂ ਬਾਰੇ ਬਹੁਤ ਕੁਝ ਕਹਿੰਦਾ ਹੈ ਤੇ ਨਾਲ ਹੀ ਉਨ੍ਹਾਂ ਲੋਕਾਂ ਦੀ ਨੀਅਤ ਉੱਤੇ ਵੀ ਗੰਭੀਰ ਸਵਾਲ ਖੜ੍ਹੇ ਕਰਦਾ ਹੈ, ਜਿਨ੍ਹਾਂ ਨੇ ਉਨ੍ਹਾਂ ਨੂੰ ਉਪ ਰਾਸ਼ਟਰਪਤੀ ਦੇ ਅਹੁਦੇ ਤੱਕ ਪਹੁੰਚਾਇਆ।
ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ ਕਿ ਧਨਖੜ ਨੇ ਸੋਮਵਾਰ ਨੂੰ ਦੁਪਹਿਰ ਸਾਢੇ ਬਾਰ੍ਹਾਂ ਵਜੇ ਰਾਜ ਸਭਾ ਦੀ ਕਾਰੋਬਾਰ ਸਲਾਹਕਾਰ ਕਮੇਟੀ ਦੀ ਪ੍ਰਧਾਨਗੀ ਕੀਤੀ। ਕਾਂਗਰਸ ਨੇ ਕਿਹਾ ਕਿ ਸੋਮਵਾਰ ਨੂੰ ਦੁਪਹਿਰ 1 ਵਜੇ ਤੋਂ 4.30 ਵਜੇ ਦਰਮਿਆਨ ਕੁਝ ਤਾਂ ਬਹੁਤ ਗੰਭੀਰ ਘਟਨਾ ਵਾਪਰੀ ਸੀ ਕਿ ਕੇਂਦਰੀ ਮੰਤਰੀ ਜੇਪੀ ਨੱਡਾ ਅਤੇ ਕਿਰਨ ਰਿਜਿਜੂ ਕਾਰੋਬਾਰ ਸਲਾਹਕਾਰ ਕਮੇਟੀ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਇਹ ਵੀ ਕਿਹਾ ਕਿ ਧਨਖੜ ਨਿਯਮਾਂ, ਮਰਿਆਦਾ ਅਤੇ ਨਿਯਮਾਂ ਪ੍ਰਤੀ ਬਹੁਤ ਸੁਚੇਤ ਸਨ ਅਤੇ ਉਨ੍ਹਾਂ ਦਾ ਮੰਨਣਾ ਸੀ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਇਨ੍ਹਾਂ ਨਿਯਮਾਂ ਦੀ ਲਗਾਤਾਰ ਉਲੰਘਣਾ ਹੋ ਰਹੀ ਸੀ। ਕਾਂਗਰਸ ਨੇਤਾ ਦੇ ਇਸ ਦਾਅਵੇ ਬਾਰੇ ਸਰਕਾਰ ਵੱਲੋਂ ਅਜੇ ਤੱਕ ਕੋਈ ਜਵਾਬ ਨਹੀਂ ਆਇਆ ਹੈ।
ਧਨਖੜ ਨੇ ਸੋਮਵਾਰ ਰਾਤ ਨੂੰ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਉਪ-ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਰਮੇਸ਼ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਲਿਖਿਆ, ‘‘ਕੱਲ੍ਹ ਜਗਦੀਪ ਧਨਖੜ ਨੇ ਦੁਪਹਿਰ 12.30 ਵਜੇ ਰਾਜ ਸਭਾ ਦੀ ਕਾਰੋਬਾਰ ਸਲਾਹਕਾਰ ਕਮੇਟੀ ਦੀ ਪ੍ਰਧਾਨਗੀ ਕੀਤੀ। ਸਦਨ ਦੇ ਨੇਤਾ ਜੇਪੀ ਨੱਡਾ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਸਮੇਤ ਜ਼ਿਆਦਾਤਰ ਮੈਂਬਰ ਮੌਜੂਦ ਸਨ। ਕੁਝ ਚਰਚਾ ਤੋਂ ਬਾਅਦ ਕਮੇਟੀ ਨੇ ਸ਼ਾਮ 4.30 ਵਜੇ ਦੁਬਾਰਾ ਮਿਲਣ ਦਾ ਫੈਸਲਾ ਕੀਤਾ।’’ ਉਨ੍ਹਾਂ ਕਿਹਾ, ‘‘ਸ਼ਾਮ 4.30 ਵਜੇ ਜਗਦੀਪ ਧਨਖੜ ਦੀ ਪ੍ਰਧਾਨਗੀ ਹੇਠ ਬਿਜ਼ਨਸ ਸਲਾਹਕਾਰ ਕਮੇਟੀ ਦੀ ਮੀਟਿੰਗ ਮੁੜ ਬੁਲਾਈ ਗਈ। ਬੈਠਕ ਵਿਚ ਨੱਡਾ ਤੇ ਰਿਜੀਜੂ ਦੇ ਆਉਣ ਦੀ ਉਡੀਕ ਕੀਤੀ ਜਾ ਰਹੀ ਸੀ, ਪਰ ਉਹ ਨਹੀਂ ਆਏ।’’ ਕਾਂਗਰਸ ਨੇਤਾ ਨੇ ਦਾਅਵਾ ਕੀਤਾ ਕਿ ਧਨਖੜ ਨੂੰ ਨਿੱਜੀ ਤੌਰ ’ਤੇ ਸੂਚਿਤ ਨਹੀਂ ਕੀਤਾ ਗਿਆ ਸੀ ਕਿ ਦੋਵੇਂ ਸੀਨੀਅਰ ਮੰਤਰੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋ ਰਹੇ ਹਨ ਅਤੇ ਧਨਖੜ ਨੂੰ ਇਸ ਬਾਰੇ ਬੁਰਾ ਲੱਗਿਆ ਅਤੇ ਫਿਰ ਉਨ੍ਹਾਂ ਨੇ ਮੰਗਲਵਾਰ ਦੁਪਹਿਰ 1 ਵਜੇ ਲਈ ਬਿਜ਼ਨਸ ਸਲਾਹਕਾਰ ਕਮੇਟੀ ਦੀ ਮੀਟਿੰਗ ਮੁੜ ਤੈਅ ਕੀਤੀ।
ਰਮੇਸ਼ ਨੇ ਦਾਅਵਾ ਕੀਤਾ ਕਿ ਸੋਮਵਾਰ ਦੁਪਹਿਰ 1 ਵਜੇ ਤੋਂ 4.30 ਵਜੇ ਦੇ ਵਿਚਕਾਰ ਕੁਝ ਤਾਂ ਬਹੁਤ ਗੰਭੀਰ ਵਾਪਰਿਆ ਜਿਸ ਕਾਰਨ ਨੱਡਾ ਅਤੇ ਰਿਜਿਜੂ ਜਾਣਬੁੱਝ ਕੇ ਬਿਜ਼ਨਸ ਸਲਾਹਕਾਰ ਕਮੇਟੀ ਦੀ ਦੂਜੀ ਮੀਟਿੰਗ ਤੋਂ ਗੈਰਹਾਜ਼ਰ ਰਹੇ। ਉਨ੍ਹਾਂ ਕਿਹਾ, ‘‘ਇੱਕ ਬਹੁਤ ਹੀ ਹੈਰਾਨ ਕਰਨ ਵਾਲਾ ਕਦਮ ਚੁੱਕਦੇ ਹੋਏ, ਜਗਦੀਪ ਧਨਖੜ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣੀ ਸਿਹਤ ਨੂੰ ਇਸ ਦਾ ਕਾਰਨ ਦੱਸਿਆ ਹੈ। ਸਾਨੂੰ ਇਸ ਦਾ ਸਤਿਕਾਰ ਕਰਨਾ ਚਾਹੀਦਾ ਹੈ ਪਰ ਸੱਚਾਈ ਇਹ ਹੈ ਕਿ ਇਸ ਦੇ ਪਿੱਛੇ ਕੁਝ ਡੂੰਘੇ ਕਾਰਨ ਹਨ।’’
ਕਾਂਗਰਸ ਦੇ ਜਨਰਲ ਸਕੱਤਰ ਨੇ ਕਿਹਾ, "ਧਨਖੜ ਜੀ ਨੇ 2014 ਤੋਂ ਬਾਅਦ ਹਮੇਸ਼ਾ ਭਾਰਤ ਦੀ ਪ੍ਰਸ਼ੰਸਾ ਕੀਤੀ, ਪਰ ਨਾਲ ਹੀ ਉਨ੍ਹਾਂ ਨੇ ਕਿਸਾਨਾਂ ਦੇ ਹਿੱਤਾਂ ਲਈ ਖੁੱਲ੍ਹ ਕੇ ਆਪਣੀ ਆਵਾਜ਼ ਉਠਾਈ। ਉਨ੍ਹਾਂ ਜਨਤਕ ਜੀਵਨ ਵਿੱਚ ਵਧ ਰਹੇ 'ਹੰਕਾਰ' ਦੀ ਆਲੋਚਨਾ ਕੀਤੀ ਅਤੇ ਨਿਆਂਪਾਲਿਕਾ ਦੀ ਜਵਾਬਦੇਹੀ ਅਤੇ ਸੰਜਮ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ। ਮੌਜੂਦਾ 'G2' ਸਰਕਾਰ ਦੌਰਾਨ ਵੀ, ਉਨ੍ਹਾਂ ਨੇ ਵਿਰੋਧੀ ਧਿਰ ਨੂੰ ਜਿੰਨਾ ਸੰਭਵ ਹੋ ਸਕੇ ਜਗ੍ਹਾ ਦੇਣ ਦੀ ਕੋਸ਼ਿਸ਼ ਕੀਤੀ।’’ ਉਨ੍ਹਾਂ ਕਿਹਾ ਕਿ ਧਨਖੜ ਨਿਯਮਾਂ, ਪ੍ਰਕਿਰਿਆਵਾਂ ਅਤੇ ਸ਼ਿਸ਼ਟਾਚਾਰ ਦੇ ਪੱਕੇ ਸਨ ਪਰ ਉਨ੍ਹਾਂ ਨੂੰ ਲੱਗਦਾ ਸੀ ਕਿ ਉਨ੍ਹਾਂ ਦੀ ਭੂਮਿਕਾ ਵਿੱਚ ਇਨ੍ਹਾਂ ਚੀਜ਼ਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਰਮੇਸ਼ ਨੇ ਕਿਹਾ ਕਿ ਧਨਖੜ ਦਾ ਅਸਤੀਫਾ ਉਨ੍ਹਾਂ ਬਾਰੇ ਬਹੁਤ ਕੁਝ ਕਹਿੰਦਾ ਹੈ ਅਤੇ ਉਨ੍ਹਾਂ ਲੋਕਾਂ ਦੇ ਇਰਾਦਿਆਂ ’ਤੇ ਵੀ ਗੰਭੀਰ ਸਵਾਲ ਖੜ੍ਹੇ ਕਰਦਾ ਹੈ ਜਿਨ੍ਹਾਂ ਨੇ ਉਨ੍ਹਾਂ ਨੂੰ ਉਪ ਰਾਸ਼ਟਰਪਤੀ ਦੇ ਅਹੁਦੇ ਤੱਕ ਪਹੁੰਚਾਇਆ ਸੀ।