ਸੋਨਮ ਵਾਂਗਚੁਕ ਦੀ ਹਿਰਾਸਤ: ਸੁਪਰੀਮ ਕੋਰਟ ਵੱਲੋਂ ਗੀਤਾਂਜਲੀ ਅੰਗਮੋ ਦੀ ਪਟੀਸ਼ਨ ’ਤੇ ਕੇਂਦਰ ਤੇ ਲੱਦਾਖ ਯੂਟੀ ਨੂੰ ਨੋਟਿਸ ਜਾਰੀ
ਸੁਪਰੀਮ ਕੋਰਟ ਨੇ ਵਾਤਾਵਰਨ ਕਾਰਕੁਨ ਸੋਨਮ ਵਾਂਗਚੁਕ ਨੂੰ ਕੌਮੀ ਸੁਰੱਖਿਆ ਐਕਟ(NSA) ਤਹਿਤ ਜੋਧਪੁਰ ਦੀ ਕੇਂਦਰੀ ਜੇਲ੍ਹ ਵਿਚ ਹਿਰਾਸਤ ’ਚ ਰੱਖਣ ਦੇ ਫੈਸਲੇ ਨੂੰ ਚੁਣੌਤੀ ਦਿੰਦੀ ਤੇ ਫੌਰੀ ਰਿਹਾਈ ਦੀ ਮੰਗ ਕਰਦੀ ਵਾਂਗਚੁਕ ਦੀ ਪਤਨੀ ਗੀਤਾਂਜਲੀ ਅੰਗਮੋ ਦੀ ਪਟੀਸ਼ਨ ’ਤੇ ਕੇਂਦਰ ਸਰਕਾਰ ਤੇ ਲੱਦਾਖ ਯੂਟੀ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕੀਤਾ ਹੈ।
ਜਸਟਿਸ ਅਰਵਿੰਦ ਕੁਮਾਰ ਤੇ ਜਸਟਿਸ ਐੱਨਵੀ ਅੰਜਾਰੀਆ ਦੇ ਬੈਂਚ ਨੇ ਹਾਲਾਂਕਿ ਸੋਨਮ ਵਾਂਗਚੁਕ ਦੀ ਪਤਨੀ ਨੂੰ ਉਸ ਦੀ ਨਜ਼ਰਬੰਦੀ ਦੇ ਕਾਰਨਾਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਸਬੰਧੀ ਕੋਈ ਵੀ ਹੁਕਮ ਪਾਸ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਮਾਮਲੇ ’ਤੇ ਅਗਲੀ ਸੁਣਵਾਈ 14 ਅਕਤੂਬਰ ਨੂੰ ਹੋਵੇਗੀ।
ਲੱਦਾਖ ਨੂੰ ਰਾਜ ਦਾ ਦਰਜਾ ਅਤੇ 6ਵੇਂ ਸ਼ਡਿਊਲ ਵਿਚ ਸ਼ਾਮਲ ਕਰਨ ਦੀ ਮੰਗ ਨੂੰ ਲੈ ਕੇ ਹੋਏ ਵਿਰੋਧ ਪ੍ਰਦਰਸ਼ਨਾਂ ਤੋਂ ਦੋ ਦਿਨ ਬਾਅਦ ਵਾਂਗਚੁਕ ਨੂੰ 26 ਸਤੰਬਰ ਨੂੰ ਰਾਸ਼ਟਰੀ ਸੁਰੱਖਿਆ ਐਕਟ (NSA) ਤਹਿਤ ਹਿਰਾਸਤ ਵਿੱਚ ਲਿਆ ਗਿਆ ਸੀ। ਵਿਰੋਧ ਪ੍ਰਦਰਸ਼ਨਾਂ ਦੌਰਾਨ ਹੋਈ ਹਿੰਸਾ ਵਿਚ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਸੀ ਅਤੇ 90 ਜ਼ਖਮੀ ਹੋ ਗਏ ਸਨ। ਵਾਂਗਚੁਕ ਰਾਜਸਥਾਨ ਦੀ ਜੋਧਪੁਰ ਜੇਲ੍ਹ ਵਿੱਚ ਬੰਦ ਹੈ।