ਹੜ੍ਹ ਪ੍ਰਭਾਵਿਤ ਕਿਸਾਨਾਂ ਲਈ 50,000 ਕਰੋੜ ਦਾ ਵਿਸ਼ੇਸ਼ ਪੈਕੇਜ ਮੰਗਿਆ
ਸੰਸਦ ਮੈਂਬਰ ਕੰਗ ਨੇ ਲੋਕ ਸਭਾ ’ਚ ਮੁੱਦਾ ਚੁੱਕਿਆ; ਮੁਅਾਵਜ਼ਾ ਰਾਸ਼ੀ ਕਿਸਾਨਾਂ ਦੇ ਖਾਤੇ ’ਚ ਪਾਈ ਜਾਵੇ: ਹਰਸਿਮਰਤ ਬਾਦਲ
ਪੰਜਾਬ ਤੋਂ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਅੱਜ ਸੂਬੇ ਦੇ ਕਿਸਾਨਾਂ ਦੀ ਹਾਲਤ ਦਾ ਮੁੱਦਾ ਸੰਸਦ ਵਿੱਚ ਚੁੱਕਿਆ ਤੇ ਅਗਸਤ-ਸਤੰਬਰ ਮਹੀਨੇ ਮੀਂਹ ਕਾਰਨ ਉਨ੍ਹਾਂ ਦੇ ਹੋਏ ਭਾਰੀ ਨੁਕਸਾਨ ਲਈ ਕੇਂਦਰ ਤੋਂ ਸਪੈਸ਼ਲ ਪੈਕੇਜ ਦੀ ਮੰਗ ਕੀਤੀ।
ਲੋਕ ਸਭਾ ’ਚ ਸਿਫਰ ਕਾਲ ਦੌਰਾਨ ਇਹ ਮੁੱਦਾ ਚੁੱਕਦਿਆਂ ‘ਆਪ’ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਦੇ ਛੇ ਜ਼ਿਲ੍ਹਿਆਂ ’ਚ 2,500 ਪਿੰਡਾਂ ਦੇ ਕਿਸਾਨਾਂ ਦਾ ਮੀਂਹ ਕਾਰਨ ਭਾਰੀ ਨੁਕਸਾਨ ਹੋਇਆ ਸੀ। ਕੁਦਰਤੀ ਆਫ਼ਤ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਈ ਕੇਂਦਰੀ ਮੰਤਰੀਆਂ ਨੇ ਪੰਜਾਬ ਦਾ ਦੌਰਾ ਕੀਤਾ ਪਰ ਸੂਬੇ ਨੂੰ ਮਦਦ ਦਾ ਇੱਕ ਵੀ ਪੈਸਾ ਨਹੀਂ ਮਿਲਿਆ ਜਿਸ ਦਾ ਕੇਂਦਰ ਨੇ ਵਾਅਦਾ ਕੀਤਾ ਗਿਆ ਸੀ। ਉਨ੍ਹਾਂ ਆਖਿਆ, ‘‘ਮੈਂ ਭਾਰਤ ਸਰਕਾਰ ਤੋਂ ਪੰਜਾਬ ਦੇ ਕਿਸਾਨਾਂ ਦੀ ਮਦਦ ਲਈ 50,000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦਾ ਐਲਾਨ ਕਰਨ ਦੀ ਮੰਗ ਕਰਦਾ ਹਾਂ।’’
ਇਸ ਦੌਰਾਨ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ
ਅੱਜ ਕੇਂਦਰ ਨੂੰ ਅਪੀਲ ਕੀਤੀ ਕਿ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਅਦਾਇਗੀ ਸਿੱਧੀ ਪੀੜਤ ਕਿਸਾਨਾਂ ਦੇ ਖ਼ਾਤੇ ਵਿੱਚ ਪਾਈ ਜਾਵੇ ਤਾਂ ਜੋ ਉਨ੍ਹਾਂ ਨੂੰ ਰਾਹਤ ਦੇ ਮਾਮਲੇ ’ਚ ਕੇਂਦਰ ਤੇ ਸੂਬਾ ਸਰਕਾਰ ਦੇ ਦਾਅਵਿਆਂ ਵਿੱਚ ਨਾ ਉਲਝਣਾ ਨਾ ਪਵੇ। ਉਨ੍ਹਾਂ ਕਿਹਾ ਕਿ ਕਿਸਾਨ ਬਿਨਾਂ ਕਿਸੇ ਗ਼ਲਤੀ ਦੇ ਮੁਸ਼ਕਲਾਂ ਝੱਲ ਰਹੇ ਹਨ। ਹੜ੍ਹਾਂ ਦੌਰਾਨ ਪੰਜ ਲੱਖ ਏਕੜ ’ਚ ਫ਼ਸਲਾਂ ਦਾ ਨੁਕਸਾਨ ਹੋਇਆ। ਤਿੰਨ ਮਹੀਨੇ ਬੀਤਣ ਦੇ ਬਾਵਜੂਦ ਕਿਸਾਨਾਂ ਨੂੰ ਮੁਆਵਜ਼ੇ ਦੀ ਉਡੀਕ ਹੈ। ਹਾਲੇ ਵੀ ਵੱਡਾ ਇਲਾਕਾ ਰੇਤੇ ਦੀ ਮਾਰ ਹੇਠ ਹੈ, ਜਿਥੇ ਕਿਸਾਨ ਕਣਕ ਦੀ ਕਾਸ਼ਤ ਤੋਂ ਅਸਮਰਥ ਹਨ।
ਬੱਚੇ ਅਤੇ ਔਰਤਾਂ ਲਾਪਤਾ ਹੋਣ ਦੇ ਮਾਮਲੇ ਫਿਕਰ ਵਾਲੀ ਗੱਲ: ਮਿੱਤਲ
ਨਵੀਂ ਦਿੱਲੀ: ਪੰਜਾਬ ਤੋਂ ‘ਆਪ’ ਦੇ ਰਾਜ ਸਭਾ ਮੈਂਬਰ ਅਸ਼ੋਕ ਕੁਮਾਰ ਮਿੱਤਲ ਨੇ ਦੇਸ਼ ’ਚ ਲਾਪਤਾ ਬੱਚਿਆਂ ਅਤੇ ਔਰਤਾਂ ਦੇ ਮਾਮਲਿਆਂ ’ਤੇ ਫਿਕਰ ਜਤਾਇਆ ਤੇ ਮਨੁੱਖੀ ਤਸਕਰੀ ਰੋਕਣ ਲਈ ਸਖਤ ਕਾਨੂੰਨ ਬਣਾਉਣ ਦੀ ਵਕਾਲਤ ਕੀਤੀ। ਉਪਰਲੇ ਸਦਨ ’ਚ ਸਿਫਰ ਕਾਲ ਦੌਰਾਨ ਇਹ ਮੁੱਦਾ ਉਭਾਰਦਿਆਂ ਸ੍ਰੀ ਮਿੱਤਲ ਨੇ ਕਿਹਾ ਕਿ ਕੌਮੀ ਅਪਰਾਧ ਰਿਕਾਰਡ ਬਿਊਰੋ (ਐੱਨ ਸੀ ਆਰ ਬੀ) ਦੇ ਅੰਕੜਿਆਂ ਮੁਤਾਬਕ ਦੇਸ਼ ਵਿੱਚ 47,000 ਮਾਸੂਮ ਬੱਚੇ ਲਾਪਤਾ ਹਨ ਜਾਂ ਉਨ੍ਹਾਂ ਪਤਾ ਨਹੀਂ ਲੱਗ ਸਕਿਆ। ਇਸ ਤੋਂ ਵੱਧ ਫਿਕਰਮੰਦ ਵਾਲੀ ਗੱਲ ਇਹ ਹੈ ਕਿ ਐੱਨ ਸੀ ਆਰ ਬੀ ਦੇ ਅੰਕੜਿਆਂ ਮੁਤਾਬਕ 1.97 ਲੱਖ ਔਰਤਾਂ ਹਾਲੇ ਵੀ ਲਾਪਤਾ ਹਨ। -ਪੀਟੀਆਈ

