Sriganganagar : 3 ਕਿਲੋਮੀਟਰ ਦੇ ਕੌਮਾਂਤਰੀ ਸਰਹੱਦੀ ਖੇਤਰ ਵਿੱਚ 15 ਸਤੰਬਰ ਤੱਕ ਸਖ਼ਤ ਪਾਬੰਦੀਆਂ ਲਾਗੂ
ਭਾਰਤ ਅਤੇ ਪਾਕਿਸਤਾਨ ਦੀ ਕੌਮਾਂਤਰੀ ਸਰਹੱਦ 'ਤੇ ਸਥਿਤ ਜ਼ਿਲ੍ਹੇ ਸ੍ਰੀਗੰਗਾਨਗਰ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਅਤੇ ਘੁਸਪੈਠ ਦੀਆਂ ਕੋਸ਼ਿਸ਼ਾਂ ਦੇ ਖ਼ਦਸ਼ੇ ਨੇ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ 'ਤੇ ਕਰ ਦਿੱਤਾ ਹੈ। ਜ਼ਿਲ੍ਹਾ ਮੈਜਿਸਟ੍ਰੇਟ ਡਾ. ਅਮਿਤ ਯਾਦਵ ਨੇ ਸਰਹੱਦ ਦੇ ਨਾਲ ਲੱਗਦੇ...
ਭਾਰਤ ਅਤੇ ਪਾਕਿਸਤਾਨ ਦੀ ਕੌਮਾਂਤਰੀ ਸਰਹੱਦ 'ਤੇ ਸਥਿਤ ਜ਼ਿਲ੍ਹੇ ਸ੍ਰੀਗੰਗਾਨਗਰ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਅਤੇ ਘੁਸਪੈਠ ਦੀਆਂ ਕੋਸ਼ਿਸ਼ਾਂ ਦੇ ਖ਼ਦਸ਼ੇ ਨੇ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ 'ਤੇ ਕਰ ਦਿੱਤਾ ਹੈ। ਜ਼ਿਲ੍ਹਾ ਮੈਜਿਸਟ੍ਰੇਟ ਡਾ. ਅਮਿਤ ਯਾਦਵ ਨੇ ਸਰਹੱਦ ਦੇ ਨਾਲ ਲੱਗਦੇ 3 ਕਿਲੋਮੀਟਰ ਦੇ ਘੇਰੇ ਵਿੱਚ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਸਰਕਾਰੀ ਸੂਤਰਾਂ ਅਨੁਸਾਰ, ਇਸ ਖੇਤਰ ਵਿੱਚ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਆਮ ਲੋਕਾਂ ਦੀ ਆਵਾਜਾਈ 'ਤੇ ਰੋਕ ਲਗਾ ਦਿੱਤੀ ਗਈ ਹੈ। ਇਨ੍ਹਾਂ ਲਗਪਗ 11 ਘੰਟਿਆਂ ਦੌਰਾਨ ਕਰਫਿਊ ਵਰਗੀ ਸਥਿਤੀ ਬਣੀ ਰਹੇਗੀ।
ਇਸ ਤੋਂ ਇਲਾਵਾ, ਸਰਹੱਦੀ ਖੇਤਰ ਵਿੱਚ ਤੇਜ਼ ਰੋਸ਼ਨੀ ਵਾਲੀਆਂ ਲਾਈਟਾਂ, ਲਾਊਡਸਪੀਕਰ, ਡੀਜੇ, ਬੈਂਡ ਅਤੇ ਪਟਾਕਿਆਂ ਦੀ ਵਰਤੋਂ 'ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਇਹ ਕਦਮ ਕੌਮੀ ਅਤੇ ਜਨਤਕ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਚੁੱਕਿਆ ਗਿਆ ਹੈ।
ਇਹ ਹੁਕਮ ਜ਼ਿਲ੍ਹੇ ਦੀਆਂ ਉਨ੍ਹਾਂ ਸਾਰੀਆਂ ਸਬ-ਡਵੀਜ਼ਨਾਂ 'ਤੇ ਲਾਗੂ ਹੋਣਗੇ ਜਿਨ੍ਹਾਂ ਦੀ ਸਰਹੱਦ ਸਿੱਧੀ ਪਾਕਿਸਤਾਨ ਨਾਲ ਲੱਗਦੀ ਹੈ, ਇਨ੍ਹਾਂ ਵਿੱਚ ਸ੍ਰੀਗੰਗਾਨਗਰ, ਸ੍ਰੀਕਰਨਪੁਰ, ਪਦਮਪੁਰ, ਰਾਏਸਿੰਘਨਗਰ, ਅਨੂਪਗੜ੍ਹ ਅਤੇ ਘੜਸਾਨਾ ਸ਼ਾਮਲ ਹਨ।
ਕਿਸਾਨਾਂ ਦੀ ਸਹੂਲਤ ਲਈ ਪ੍ਰਸ਼ਾਸਨ ਨੇ ਵਿਸ਼ੇਸ਼ ਛੋਟ ਵੀ ਦਿੱਤੀ ਹੈ। ਜੇਕਰ ਕਿਸਾਨਾਂ ਨੂੰ ਰਾਤ ਵੇਲੇ ਖੇਤਾਂ ਵਿੱਚ ਪਾਣੀ ਲਾਉਣ (ਸਿੰਚਾਈ) ਲਈ ਜਾਣਾ ਪੈਂਦਾ ਹੈ, ਤਾਂ ਉਨ੍ਹਾਂ ਨੂੰ ਬੀ ਐੱਸ ਐੱਫ ਜਾਂ ਫ਼ੌਜ ਦੇ ਅਧਿਕਾਰੀਆਂ ਤੋਂ ਲਿਖਤੀ ਮਨਜ਼ੂਰੀ ਲੈਣੀ ਹੋਵੇਗੀ। ਅਜਿਹੀ ਇਜਾਜ਼ਤ ਤੋਂ ਬਿਨਾਂ ਸਰਹੱਦੀ ਖੇਤਰ ਵਿੱਚ ਦਾਖ਼ਲ ਹੋਣ ਨੂੰ ਸਜ਼ਾਯੋਗ ਅਪਰਾਧ ਮੰਨਿਆ ਜਾਵੇਗਾ।
ਇਹ ਹੁਕਮ ਬੀ ਐੱਨ ਐੱਸ ਦੀ ਧਾਰਾ 163 ਤਹਿਤ ਜਾਰੀ ਕੀਤੇ ਗਏ ਹਨ ਅਤੇ 15 ਸਤੰਬਰ ਤੱਕ ਲਾਗੂ ਰਹਿਣਗੇ। ਹਾਲਾਂਕਿ, ਡਿਊਟੀ 'ਤੇ ਮੌਜੂਦ ਕੇਂਦਰ ਅਤੇ ਸੂਬਾ ਸਰਕਾਰਾਂ ਦੇ ਕਰਮਚਾਰੀਆਂ ਨੂੰ ਇਨ੍ਹਾਂ ਪਾਬੰਦੀਆਂ ਤੋਂ ਛੋਟ ਦਿੱਤੀ ਜਾਵੇਗੀ।
ਜਿੱਥੇ ਪ੍ਰਸ਼ਾਸਨ ਨੇ ਇਸ ਨੂੰ ਜਨਤਕ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਇੱਕ ਜ਼ਰੂਰੀ ਕਦਮ ਦੱਸਿਆ ਹੈ, ਉੱਥੇ ਹੀ ਸਰਹੱਦੀ ਖੇਤਰ ਵਿੱਚ ਅਚਾਨਕ ਵਧੀਆਂ ਪਾਬੰਦੀਆਂ ਨੇ ਕਈ ਤਰ੍ਹਾਂ ਦੀਆਂ ਚਰਚਾਵਾਂ ਅਤੇ ਕਿਆਸਅਰਾਈਆਂ ਨੂੰ ਜਨਮ ਦਿੱਤਾ ਹੈ।
ਸੂਤਰਾਂ ਅਨੁਸਾਰ, ਪਿਛਲੇ ਕੁਝ ਮਹੀਨਿਆਂ ਵਿੱਚ ਪਾਕਿਸਤਾਨ ਤੋਂ ਡਰੋਨਾਂ ਰਾਹੀਂ ਨਸ਼ੀਲੇ ਪਦਾਰਥਾਂ ਅਤੇ ਵਿਦੇਸ਼ੀ ਹਥਿਆਰਾਂ ਦੀ ਤਸਕਰੀ ਦੀਆਂ ਕਈ ਕੋਸ਼ਿਸ਼ਾਂ ਹੋਈਆਂ ਹਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਘਟਨਾਵਾਂ 'ਚ ਪੰਜਾਬ ਤੋਂ ਆਏ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

