ਸ੍ਰੀਨਗਰ: ਸ੍ਰੀਨਗਰ ਦੇ ਇਕ ਗੁਰਦੁਆਰੇ ਦੀ ਪ੍ਰਬੰਧਕ ਕਮੇਟੀ ਨੇ ਅੱਜ ਐਲਾਨ ਕੀਤਾ ਕਿ ਸਰਕਾਰ ਵੱਲੋਂ ਸੁਰੱਖਿਆ ਯਕੀਨੀ ਬਣਾਏ ਜਾਣ ਤੱਕ ਘੱਟਗਿਣਤੀ ਭਾਈਚਾਰੇ ਦੇ ਮੈਂਬਰ ਆਪਣੀਆਂ ਡਿਊਟੀਆਂ ’ਤੇ ਨਹੀਂ ਜਾਣਗੇ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਨਵਤੇਜ ਸਿੰਘ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੀਤੇ ਵਿੱਚ ਘੱਟਗਿਣਤੀਆਂ ਨੂੰ ਨਿਸ਼ਾਨਾ ਬਣਾਏ ਜਾਣ ਦੀਆਂ ਕਈਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਕਈ ਵਾਰ ਤਾਂ ਅਜਿਹੇ ਹਮਲਿਆਂ ਬਾਰੇ ਅਗਾਊਂ ਜਾਣਕਾਰੀ ਵੀ ਹੁੰਦੀ ਹੈ, ਪਰ ਉਸ ਦੇ ਬਾਵਜੂਦ ਸਰਕਾਰ ਨੇ ਸਿੱਖ ਭਾਈਚਾਰੇ ਨੂੰ ਸੁਰੱਖਿਆ ਮੁਹੱਈਆ ਨਹੀਂ ਕਰਵਾਈ। ਉਨ੍ਹਾਂ ਕਿਹਾ ਕਿ ਸਰਕਾਰ ਜੰਮੂ ਤੇ ਕਸ਼ਮੀਰ ਦੇ ਘੱਟਗਿਣਤੀ ਭਾਈਚਾਰੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ, ‘‘ਅਸੀਂ ਮੰਗ ਕਰਦੇ ਹਾਂ ਕਿ ਸਰਕਾਰ ਸਾਡੇ ਸਰਕਾਰੀ ਮੁਲਾਜ਼ਮਾਂ ਨੂੰ ਸੁਰੱਖਿਆ ਮੁਹੱਈਆ ਕਰਵਾਏ ਤੇ ਇਹ ਯਕੀਨੀ ਬਣਾਏ ਕਿ ਘੱਟਗਿਣਤੀ ਭਾਈਚਾਰਾ ਵਾਦੀ ਵਿੱਚ ਸੁਰੱਖਿਅਤ ਹੈ। ਸਿੰਘ ਨੇ ਕਿਹਾ, ‘‘ਬਹੁਗਿਣਤੀ ਭਾਈਚਾਰੇ ਦੇ ਮੈਂਬਰਾਂ ਨੂੰ ਅੱਗੇ ਆ ਕੇ ਘੱੱਟਗਿਣਤੀ ਭਾਈਚਾਰੇ ’ਤੇ ਹੋਏ ਹਮਲੇ ਦੀ ਨਿਖੇਧੀ ਕਰਨੀ ਚਾਹੀਦੀ ਹੈ।’’ -ਆਈਏਐੱਨਐੱਸ