ਲੋਕ ਸਭਾ ’ਚ ਐੱਸਆਈਆਰ ਦੇ ਮੁੱਦੇ ’ਤੇ ਜਮੂਦ ਬਰਕਰਾਰ
ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਬਿਹਾਰ ’ਚ ਜਾਰੀ ਵੋਟਰ ਸੂਚੀ ਦੀ ਵਿਸ਼ੇਸ਼ ਵਿਆਪਕ ਸੁਧਾਈ (ਐੱਸਆਈਆਰ) ਦੇ ਮੁੱਦੇ ’ਤੇ ਪਿਛਲੇ ਕੁਝ ਦਿਨਾਂ ਦੀ ਤਰ੍ਹਾਂ ਅੱਜ ਵੀ ਲੋਕ ਸਭਾ ’ਚ ਹੰਗਾਮਾ ਕੀਤਾ, ਜਿਸ ਕਾਰਨ ਹੇਠਲੇ ਸਦਨ ਦੀ ਕਾਰਵਾਈ ਇੱਕ ਵਾਰ ਮੁਲਤਵੀ ਕੀਤੇ ਜਾਣ ਮਗਰੋਂ ਭਲਕੇ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਵਿਰੋਧੀ ਧਿਰਾਂ ਦੀ ਨਾਅਰੇਬਾਜ਼ੀ ਕਾਰਨ ਸਦਨ ਦੀ ਕਾਰਵਾਈ ਪਹਿਲਾਂ ਸਵੇਰੇ 11.10 ਵਜੇ ਤੋਂ ਬਾਅਦ ਦੁਪਹਿਰ ਦੋ ਵਜੇ ਤੱਕ ਅਤੇ ਫਿਰ 2.15 ਵਜੇ ਮੰਗਲਵਾਰ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਜਦੋਂ ਸਦਨ ਸਵੇਰੇ 11 ਵਜੇ ਸ਼ੁਰੂ ਹੋਇਆ ਤਾਂ ਕਾਂਗਰਸ ਸਮੇਤ ਵਿਰੋਧੀ ਧਿਰ ਦੇ ਸੰਸਦ ਮੈਂਬਰ ਆਪਣੀਆਂ ਸੀਟਾਂ ’ਤੇ ਖੜ੍ਹੇ ਹੋ ਗਏ ਤੇ ਨਾਅਰੇਬਾਜ਼ੀ ਕਰਨ ਲੱਗੇ। ਉਨ੍ਹਾਂ ਹੱਥਾਂ ਵਿਚ ਤਖ਼ਤੀਆਂ ਫੜੀਆਂ ਹੋਈਆਂ ਸਨ। ਵਿਰੋਧੀ ਧਿਰ ਬਿਹਾਰ ’ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਵੱਲੋਂ ਸ਼ੁਰੂ ਕੀਤੀ ਗਈ ਐੱਸਆਈਆਰ ’ਤੇ ਚਰਚਾ ਦੀ ਮੰਗ ਕਰ ਰਹੀ ਸੀ। ਸਪੀਕਰ ਓਮ ਬਿਰਲਾ ਨੇ ਕਿਹਾ ਕਿ ਉਹ ਹਰ ਰੋਜ਼ ਸਦਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਵਿਰੋਧ ਕਰਨ ਵਾਲੇ ਮੈਂਬਰ ਯੋਜਨਾਬੱਧ ਢੰਗ ਨਾਲ ਸਦਨ ਦੀ ਕਾਰਵਾਈ ਵਿੱਚ ਅੜਿੱਕੇ ਪਾ ਰਹੇ ਹਨ। ਵਿਰੋਧੀ ਧਿਰ ਨੇ ਸਪੀਕਰ ਦੀਆਂ ਬੇਨਤੀਆਂ ਨੂੰ ਅਣਡਿੱਠ ਕਰ ਦਿੱਤਾ, ਜਿਸ ਕਾਰਨ ਉਨ੍ਹਾਂ ਨੂੰ ਸਦਨ ਨੂੰ ਦੁਪਹਿਰ 2 ਵਜੇ ਤੱਕ ਮੁਲਤਵੀ ਕਰਨ ਲਈ ਮਜਬੂਰ ਹੋਣਾ ਪਿਆ। ਇਸ ਮਗਰੋਂ ਸਦਨ ਦੀ ਕਾਰਵਾਈ ਮੁੜ ਸ਼ੁਰੂ ਹੋਈ ਤਾਂ ਵਿਰੋਧੀ ਧਿਰ ਨੇ ਹੰਗਾਮਾ ਜਾਰੀ ਰੱਖਿਆ ਜਿਸ ਕਾਰਨ ਸਦਨ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ। ਹੰਗਾਮੇ ਵਿਚਾਲੇ ਹੀ ਜ਼ਰੂਰੀ ਕਾਗਜ਼ਾਤ ਸਦਨ ’ਚ ਪੇਸ਼ ਕੀਤੇ ਗਏ ਤੇ ਸਦਨ ਨੇ ਕਸਟਮ ਡਿਊਟੀ ਟੈਰਿਫ ਐਕਟ, 1975 ਦੀ ਦੂਜੀ ਅਨੁਸੂਚੀ ’ਚ ਸੋਧ ਲਈ ਮਨਜ਼ੂਰੀ ਦੇ ਦਿੱਤੀ।
ਸ਼ਿਬੂ ਸੋਰੇਨ ਦੇ ਸਤਿਕਾਰ ’ਚ ਰਾਜ ਸਭਾ ਦੀ ਕਾਰਵਾਈ ਮੁਲਤਵੀ
ਨਵੀਂ ਦਿੱਲੀ: ਜੇਐੱਮਐੱਮ ਸੁਪਰੀਮੋ ਸ਼ਿਬੂ ਸੋਰੇਨ ਦੇ ਦੇਹਾਂਤ ਕਰਕੇ ਸਤਿਕਾਰ ਵਜੋਂ ਰਾਜ ਸਭਾ ਦੀ ਕਾਰਵਾਈ ਅੱਜ ਪੂਰੇ ਦਿਨ ਲਈ ਮੁਲਤਵੀ ਕਰ ਦਿੱਤੀ ਗਈ। ਰਾਜ ਸਭਾ ਦੇ ਡਿਪਟੀ ਚੇਅਰਮੈਨ ਹਰਿਵੰਸ਼ ਨੇ ਇੱਕ ਸ਼ਰਧਾਂਜਲੀ ਪੱਤਰ ਪੜ੍ਹਿਆ ਜਿਸ ਤੋਂ ਬਾਅਦ ਸੰਸਦ ਮੈਂਬਰ ਵਿਛੜੀ ਰੂਹ ਦੇ ਸਤਿਕਾਰ ਵਜੋਂ ਆਪਣੀਆਂ ਥਾਵਾਂ ’ਤੇ ਖੜ੍ਹੇ ਹੋ ਗਏ। ਇਸ ਤੋਂ ਬਾਅਦ ਹਰਿਵੰਸ਼ ਨੇ ਕਾਰਵਾਈ ਨੂੰ ਦਿਨ ਭਰ ਲਈ ਮੁਲਤਵੀ ਕਰਨ ਦਾ ਐਲਾਨ ਕੀਤਾ। ਹਰਿਵੰਸ਼ ਨੇ ਸੋਰੇਨ ਨੂੰ ਜ਼ਮੀਨ ਨਾਲ ਜੁੜਿਆ ਆਗੂ ਦੱਸਿਆ ਜਿਸ ਨੇ ਕਬਾਇਲੀਆਂ, ਗਰੀਬਾਂ ਅਤੇ ਦੱਬੇ-ਕੁਚਲੇ ਲੋਕਾਂ ਦੇ ਸਸ਼ਕਤੀਕਰਨ ਲਈ ਕੰਮ ਕੀਤਾ। -ਪੀਟੀਆਈ
ਐੱਸਆਈਆਰ ਵੱਡਾ ਮਸਲਾ, ਚਰਚਾ ਜ਼ਰੂਰੀ: ਪ੍ਰਿਯੰਕਾ
ਨਵੀਂ ਦਿੱਲੀ: ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਕਿਹਾ ਕਿ ਬਿਹਾਰ ’ਚ ਵੋਟਰ ਸੂਚੀ ਦੀ ਵਿਸ਼ੇਸ਼ ਵਿਆਪਕ ਸੁਧਾਈ (ਐੱਸਆਈਆਰ) ਦਾ ਮੁੱਦਾ ‘ਬਹੁਤ ਵੱਡਾ’ ਹੈ ਅਤੇ ਇਸ ’ਤੇ ਸਰਕਾਰ ਨੂੰ ਸੰਸਦ ’ਚ ਚਰਚਾ ਕਰਾਉਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਵੋਟਰ ਸੂਚੀਆਂ ’ਚ ਇਹ ਸਭ ਕੀਤਾ ਜਾ ਰਿਹਾ ਹੈ ਤਾਂ ਵਿਰੋਧੀ ਧਿਰ ਇਹ ਮਸਲਾ ਕਿਉਂ ਨਾ ਚੁੱਕੇ? ਲੋਕ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕੀਤੇ ਜਾਣ ਮਗਰੋਂ ਲੋਕ ਸਭਾ ਮੈਂਬਰ ਨੇ ਇਹ ਟਿੱਪਣੀ ਕੀਤੀ ਹੈ। ਕੇਰਲ ਦੇ ਵਾਇਨਾਡ ਤੋਂ ਲੋਕ ਸਭਾ ਮੈਂਬਰ ਨੇ ਸੰਸਦੀ ਕੰਪਲੈਕਸ ’ਚ ਪੱਤਰਕਾਰਾਂ ਨੂੰ ਕਿਹਾ, ‘ਇਹ (ਐੱਸਆਈਆਰ) ਬਹੁਤ ਵੱਡਾ ਮੁੱਦਾ ਹੈ। ਜੇ ਵੋਟਰ ਸੂਚੀ ਨਾਲ ਇਹ ਸਭ ਕੁਝ ਕੀਤਾ ਜਾ ਰਿਹਾ ਹੈ ਤਾਂ ਵਿਰੋਧੀ ਧਿਰ ਇਹ ਮੁੱਦਾ ਕਿਉਂ ਨਾ ਚੁੱਕੇ? ਸਰਕਾਰ ਨੂੰ ਇਸ ’ਤੇ ਚਰਚਾ ਕਰਾਉਣੀ ਚਾਹੀਦੀ ਹੈ।’ ਵਿਰੋਧੀ ਧਿਰ ਦੇ ਸੰਸਦ ਮੈਂਬਰ ਐੱਸਆਈਆਰ ’ਤੇ ਚਰਚਾ ਦੀ ਮੰਗ ਕਰਦਿਆਂ ਪਿਛਲੇ ਕੁਝ ਦਿਨਾਂ ਤੋਂ ਸੰਸਦ ਦੇ ਅੰਦਰ ਤੇ ਬਾਹਰ ਦੋਵਾਂ ਥਾਵਾਂ ’ਤੇ ਰੋਸ ਮੁਜ਼ਾਹਰੇ ਕਰ ਰਹੇ ਹਨ। ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦੇ ਦੇਹਾਂਤ ਕਾਰਨ ਵਿਰੋਧੀ ਸੰਸਦ ਮੈਂਬਰਾਂ ਨੇ ਅੱਜ ਸੰਸਦੀ ਕੰਪਲੈਕਸ ’ਚ ਐੱਸਆਈਆਰ ਦੇ ਮੁੱਦੇ ’ਤੇ ਰੋਸ ਮੁਜ਼ਾਹਰਾ ਨਹੀਂ ਕੀਤਾ। -ਪੀਟੀਆਈ