ਅਦਾਕਾਰ ਵਿਜੇ ਦੀ ਰੈਲੀ ’ਚ ਭਗਦੜ; ਅਚਾਨਕ ਬੇਹੋਸ਼ ਹੋਏ ਲੋਕ; ਬੱਚਿਆਂ ਸਮੇਤ 31 ਲੋਕਾਂ ਦੀ ਮੌਤ
Tamil Nadu actor Vijay rally stampede:ਤਾਮਿਲਨਾਡੂ ਦੇ ਕਰੂਰ ਵਿੱਚ ਅਦਾਕਾਰ ਤੋਂ ਸਿਆਸਤਦਾਨ ਬਣੇ ਟੀਵੀਕੇ ਮੁਖੀ ਵਿਜੇ ਦੀ ਰੈਲੀ ਵਿੱਚ ਭਗਦੜ ਮਚ ਗਈ, ਜਿਸ ਵਿੱਚ ਘੱਟੋ-ਘੱਟ 31 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚ ਕਈ ਬੱਚੇ ਵੀ ਸ਼ਾਮਲ ਹਨ।
ਭਗਦੜ ਦੌਰਾਨ ਬੇਹੋਸ਼ ਹੋਏ ਬਹੁਤ ਸਾਰੇ ਲੋਕਾਂ ਨੂੰ ਇਲਾਜ ਲਈ ਸਥਾਨਕ ਹਸਪਤਾਲਾਂ ਵਿੱਚ ਲਿਜਾਇਆ ਗਿਆ, ਜਿਸ ਕਾਰਨ ਹਫੜਾ-ਦਫੜੀ ਦਾ ਮਾਹੌਲ ਬਣ ਗਿਆ।
ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿੱਚ ਦੋ ਬੱਚੇ ਵੀ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਲੋਕ ਸ਼ਾਮਲ ਹੋਏ ਸਨ। ਭੀੜ ਇੰਨੀ ਜ਼ਿਆਦਾ ਵਧ ਗਈ ਸੀ ਕਿ ਸਥਿਤੀ ਵਿਗੜ ਗਈ।
ਅਦਾਕਾਰ ਤੋਂ ਸਿਆਸਤਦਾਨ ਬਣੇ ਵਿਜੇ ਭੀੜ ਨੂੰ ਸੰਬੋਧਨ ਕਰ ਰਹੇ ਸਨ। ਜਦੋਂ ਕੁਝ ਲੋਕ ਬੇਹੋਸ਼ ਹੋ ਗਏ ਤਾਂ ਉਨ੍ਹਾਂ ਨੂੰ ਆਪਣਾ ਭਾਸ਼ਣ ਰੋਕਣਾ ਪਿਆ। ਭੀੜ ਇੰਨੀ ਜ਼ਿਆਦਾ ਹੋ ਗਈ ਸੀ ਕਿ ਲੋਕਾਂ ਲਈ ਸਾਹ ਲੈਣਾ ਮੁਸ਼ਕਲ ਹੋ ਗਿਆ ਸੀ।
ਪ੍ਰਸ਼ਾਸਨ ਨੇ ਘਟਨਾ ਦੀ ਡੂੰਘਾਈ ਨਾਲ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਜ਼ਖਮੀਆਂ ਨੂੰ ਤੁਰੰਤ ਡਾਕਟਰੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਾਮਿਲਨਾਡੂ ਵਿੱਚ ਟੀ ਵੀ ਕੇ ਦੇ ਮੁਖੀ ਤੇ ਅਦਾਕਾਰ ਵਿਜੈ ਦੀ ਰੈਲੀ ਵਿੱਚ ਭਗਦੜ ਵਰਗੇ ਹਾਲਾਤ ਪੈਦਾ ਹੋਣ ਕਾਰਨ ਕਈ ਲੋਕਾਂ ਦੀ ਮੌਤ ਹੋਣ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੋਦੀ ਨੇ ‘ਐਕਸ’ ਉੱਤੇ ਕਿਹਾ, ‘‘ਕਰੂਰ ਵਿੱਚ ਇਕ ਸਿਆਸੀ ਰੈਲੀ ਦੌਰਾਨ ਮੰਦਭਾਗੀ ਘਟਨਾ ਵਾਪਰਨ ’ਤੇ ਕਾਫੀ ਦੁੱਖ ਹੋਇਆ। ਮੇਰੀਆਂ ਸੰਵੇਦਨਾਵਾਂ ਘਟਨਾ ਵਿੱਚ ਜਾਨਾਂ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਦੇ ਨਾਲ ਹਨ। ਜ਼ਖ਼ਮੀਆਂ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਦਾ ਹਾਂ।’’