ਨਵੀਂ ਦਿੱਲੀ, 4 ਅਕਤੂਬਰ
ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਕਿਸੇ ਸੂਬੇ ਨੂੰ ਕੌਮੀ ਆਫ਼ਤ ਪ੍ਰਬੰਧਨ ਅਥਾਰਟੀ (ਐੱਨਡੀਐੱਮਏ) ਦੀਆਂ ਸਿਫਾਰਿਸ਼ਾਂ ’ਤੇ ਕੋਵਿਡ-19 ਨਾਲ ਮਰੇ ਵਿਅਕਤੀਆਂ ਦੇ ਵਾਰਸਾਂ ਨੂੰ 50-50 ਹਜ਼ਾਰ ਰੁਪਏ ਦੀ ਮੁਆਵਜ਼ਾ ਰਾਸ਼ੀ ਦੇਣ ਤੋਂ ਇਨਕਾਰ ਨਹੀਂ ਕਰਨਾ ਚਾਹੀਦਾ। ਬੈਂਚ ਨੇ ਕਿਹਾ ਕਿ ਕੋਵਿਡ-19 ਕਾਰਨ ਹੋਈ ਮੌਤ ਸਬੰਧੀ ਸਰਟੀਫਿਕੇਟ ਤੇ ਅਰਜ਼ੀ ਦਾਖ਼ਲ ਕਰਨ ਦੇ 30 ਦਿਨਾਂ ਦੇ ਅੰਦਰ ਸੂਬਾਈ ਆਫ਼ਤ ਰਾਹਤ ਫੰਡਾਂ ਵਿੱਚੋਂ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਸੂਬਿਆਂ ਤੇ ਕੇਂਦਰ ਨੂੰ ਇਸ ਯੋਜਨਾ ਬਾਰੇ ਪ੍ਰਿੰਟ ਮੀਡੀਆ ਤੇ ਇਲੈਕਟ੍ਰਾਨਿਕ ਮੀਡੀਆ ਰਾਹੀਂ ਪ੍ਰਚਾਰ ਕਰਨ ਦਾ ਆਦੇਸ਼ ਵੀ ਦਿੱਤਾ।
ਐੱਨਡੀਐੱਮਏ ਦੀਆਂ ਹਦਾਇਤਾਂ ਨੂੰ ਪ੍ਰਵਾਨਿਤ ਕਰਦਿਆਂ ਜਸਟਿਸ ਐੱਮ ਆਰ ਸ਼ਾਹ ਤੇ ਏ ਐੱਸ ਬੋਪੰਨਾ ਦੇ ਬੈਂਚ ਨੇ ਕਿਹਾ ਕਿ ਇਨ੍ਹਾਂ ਮਾਮਲਿਆਂ ਸਬੰਧੀ ਮੌਤ ਸਰਟੀਫਿਕੇਟ ਪਹਿਲਾਂ ਹੀ ਜਾਰੀ ਹੋ ਚੁੁੱਕੇ ਹਨ ਅਤੇ ਇਸ ਸਬੰਧੀ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਉੱਚਿਤ ਅਥਾਰਟੀ ਤੱਕ ਪਹੁੰਚ ਕਰ ਸਕਦੇ ਹਨ। ਇਸ ਦੌਰਾਨ ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਦੇ 20799 ਨਵੇਂ ਕੇਸ ਆਏ ਹਨ ਜਦਕਿ 180 ਹੋਰ ਵਿਅਕਤੀਆਂ ਦੀ ਮੌਤ ਹੋਈ ਹੈ। -ਪੀਟੀਆਈ
ਕਰੋਨਾ ਕਾਰਨ ਪੰਜਾਬ ਵਿੱਚ ਇਕ ਦੀ ਮੌਤ
ਚੰਡੀਗੜ੍ਹ (ਟਨਸ): ਕਰੋਨਾਵਾਇਰਸ ਕਾਰਨ ਪੰਜਾਬ ਦੇ ਮੁਹਾਲੀ ’ਚ ਇਕ ਵਿਅਕਤੀ ਦੀ ਮੌਤ ਹੋ ਗਈ। ਇਸ ਨਾਲ ਪੰਜਾਬ ’ਚ ਮ੍ਰਿਤਕਾਂ ਦਾ ਅੰਕੜਾ 16521 ’ਤੇ ਪਹੁੰਚ ਗਿਆ ਹੈ। ਸਿਹਤ ਵਿਭਾਗ ਅਨੁਸਾਰ ਪੰਜਾਬ ’ਚ 18 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 30 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਕਰ ਦਿੱਤੀ ਹੈ। ਇਸ ਸਮੇਂ ਸੂਬੇ ’ਚ 272 ਸਰਗਰਮ ਕੇਸ ਹਨ। ਦੂਜੇ ਪਾਸੇ ਹਰਿਆਣਾ ’ਚ ਕਰੋਨਾ ਦੇ 9 ਨਵੇਂ ਕੇਸ ਸਾਹਮਣੇ ਆਏ ਹਨ ਅਤੇ 15 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਕਰ ਦਿੱਤੀ ਗਈ ਹੈ। ਇਸ ਸਮੇਂ ਸੂਬੇ ’ਚ 107 ਸਰਗਰਮ ਕੇਸ ਹਨ। ਸਿਹਤ ਵਿਭਾਗ ਅਨੁਸਾਰ ਅੱਜ ਹਰਿਆਣਾ ਵਿੱਚ ਕੋਈ ਮੌਤ ਨਹੀਂ ਹੋਈ ਹੈ।