ਮਾਣਹਾਨੀ ਮਾਮਲੇ ’ਚ ਰਾਹੁਲ ਖ਼ਿਲਾਫ਼ ਕਾਰਵਾਈ ’ਤੇ ਰੋਕ
ਸੁਪਰੀਮ ਕੋਰਟ ਨੇ ਅੱਜ ਮਹਾਰਾਸ਼ਟਰ ਦੀ ਹੇਠਲੀ ਅਦਾਲਤ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ ਵਿਰੁੱਧ ਚੱਲ ਰਹੇ ਮਾਣਹਾਨੀ ਕੇਸ ਵਿੱਚ ਅੱਗੇ ਦੀ ਕਾਰਵਾਈ ’ਤੇ ਰੋਕ ਲਾ ਦਿੱਤੀ ਹੈ। ਇਹ ਮਾਮਲਾ 2019 ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਕੀਤੀਆਂ ਗਈਆਂ ਟਿੱਪਣੀਆਂ ਨਾਲ...
ਸੁਪਰੀਮ ਕੋਰਟ ਨੇ ਅੱਜ ਮਹਾਰਾਸ਼ਟਰ ਦੀ ਹੇਠਲੀ ਅਦਾਲਤ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ ਵਿਰੁੱਧ ਚੱਲ ਰਹੇ ਮਾਣਹਾਨੀ ਕੇਸ ਵਿੱਚ ਅੱਗੇ ਦੀ ਕਾਰਵਾਈ ’ਤੇ ਰੋਕ ਲਾ ਦਿੱਤੀ ਹੈ। ਇਹ ਮਾਮਲਾ 2019 ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਕੀਤੀਆਂ ਗਈਆਂ ਟਿੱਪਣੀਆਂ ਨਾਲ ਸਬੰਧਤ ਹੈ। ਅਦਾਲਤ ਦੇ ਬੈਂਚ ਨੇ ਮਹਾਰਾਸ਼ਟਰ ਸਰਕਾਰ ਅਤੇ ਸ਼ਿਕਾਇਤਕਰਤਾ ਐੱਮ ਐਚ ਸ੍ਰੀਸ੍ਰੀਮਲ ਨੂੰ ਨੋਟਿਸ ਜਾਰੀ ਕਰ ਕੇ ਚਾਰ ਹਫ਼ਤਿਆਂ ਵਿੱਚ ਉਨ੍ਹਾਂ ਦੇ ਜਵਾਬ ਮੰਗੇ ਹਨ।
ਸੁਪਰੀਮ ਕੋਰਟ ਦੇ ਬੈਂਚ ਨੇ ਇਹ ਹੁਕਮ ਰਾਹੁਲ ਗਾਂਧੀ ਵੱਲੋਂ ਬੰਬੇ ਹਾਈ ਕੋਰਟ ਦੇ 8 ਸਤੰਬਰ ਦੇ ਹੁਕਮ ਵਿਰੁੱਧ ਦਾਇਰ ਪਟੀਸ਼ਨ ਉਤੇ ਸੁਣਾਇਆ ਹੈ। ਹਾਈ ਕੋਰਟ ਨੇ ਰਾਹੁਲ ਨੂੰ ਜਾਰੀ ਸੰਮਨ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਕਾਂਗਰਸ ਸੰਸਦ ਮੈਂਬਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਸਿਖਰਲੀ ਅਦਾਲਤ ਦੇ ਪੁਰਾਣੇ ਫ਼ੈਸਲਿਆਂ ਦਾ ਹਵਾਲਾ ਦਿੱਤਾ। ਬੈਂਚ ਨੇ ਮਾਮਲੇ ਦੀ ਅਗਲੀ ਸੁਣਵਾਈ ਚਾਰ ਹਫ਼ਤਿਆਂ ਬਾਅਦ ਤੈਅ ਕੀਤੀ ਹੈ।
ਇਸੇ ਦੌਰਾਨ ਸੁਲਤਾਨਪੁਰ ਦੀ ਵਿਸ਼ੇਸ਼ ਅਦਾਲਤ ਨੇ ਰਾਹੁਲ ਗਾਂਧੀ ਵਿਰੁੱਧ 2018 ਦੇ ਮਾਣਹਾਨੀ ਕੇਸ ’ਚ ਫ਼ੈਸਲਾ ਸੁਣਾਉਣ ਲਈ 26 ਅਕਤੂਬਰ ਦੀ ਤਰੀਕ ਤੈਅ ਕੀਤੀ ਹੈ। ਰਾਹੁਲ ਖ਼ਿਲਾਫ਼ ਇਹ ਮੁਕੱਦਮਾ ਤਤਕਾਲੀ ਭਾਜਪਾ ਪ੍ਰਧਾਨ ਅਮਿਤ ਸ਼ਾਹ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ’ਤੇ ਦਾਇਰ ਕੀਤਾ ਗਿਆ ਸੀ। ਸ਼ਿਕਾਇਤਕਰਤਾ ਦੇ ਵਕੀਲ ਸੰਤੋਸ਼ ਕੁਮਾਰ ਪਾਂਡੇ ਨੇ ਦੱਸਿਆ ਕਿ ਰਾਏਬਰੇਲੀ ਤੋਂ ਲੋਕ ਸਭਾ ਮੈਂਬਰ ਰਾਹੁਲ ਗਾਂਧੀ ਨੂੰ ਉਸ ਦਿਨ ਅਦਾਲਤ ਵਿੱਚ ਪੇਸ਼ ਹੋਣਾ ਪਵੇਗਾ। ਇਹ ਮਾਮਲਾ ਕਾਂਗਰਸ ਨੇਤਾ ਵੱਲੋਂ 2018 ਵਿੱਚ ਬੰਗਲੁਰੂ ਵਿੱਚ ਚੋਣ ਪ੍ਰਚਾਰ ਦੌਰਾਨ ਤਤਕਾਲੀ ਭਾਜਪਾ ਪ੍ਰਧਾਨ ਅਤੇ ਮੌਜੂਦਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ਿਲਾਫ਼ ਕੀਤੀਆਂ ਗਈਆਂ ਕਥਿਤ ਇਤਰਾਜ਼ਯੋਗ ਟਿੱਪਣੀਆਂ ਨਾਲ ਸਬੰਧਤ ਹੈ। ਜ਼ਿਲ੍ਹਾ ਸਹਿਕਾਰੀ ਬੈਂਕ ਦੇ ਸਾਬਕਾ ਚੇਅਰਮੈਨ ਅਤੇ ਭਾਜਪਾ ਨੇਤਾ ਵਿਜੇ ਮਿਸ਼ਰਾ ਨੇ 4 ਅਗਸਤ 2018 ਨੂੰ ਰਾਹੁਲ ਗਾਂਧੀ ਖ਼ਿਲਾਫ਼ ਮਾਣਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਸੀ। -ਪੀਟੀਆਈ

