Stray Dogs: ਅਵਾਰਾ ਕੁੱਤਿਆਂ ਦੇ ਮਾਮਲੇ ’ਤੇ ਸੁਪਰੀਮ ਕੋਰਟ 7 ਨਵੰਬਰ ਨੂੰ ਸੁਣਾਏਗੀ ਫੈਸਲਾ
ਬੈਂਚ ਨੇ ਕਿਹਾ ਕਿ ਭਾਰਤੀ ਜਾਨਵਰ ਭਲਾਈ ਬੋਰਡ (Animal Welfare Board of India) ਨੂੰ ਵੀ ਇਸ ਮਾਮਲੇ ਵਿੱਚ ਇੱਕ ਧਿਰ ਬਣਾਇਆ ਜਾਵੇਗਾ। ਸ਼ੁਰੂਆਤ ਵਿੱਚ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਬੈਂਚ ਨੂੰ ਦੱਸਿਆ ਕਿ ਜ਼ਿਆਦਾਤਰ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੇ ਇਸ ਮਾਮਲੇ ਵਿੱਚ ਆਪਣੇ ਪਾਲਣਾ ਹਲਫ਼ਨਾਮੇ (compliance affidavit) ਦਾਇਰ ਕਰ ਦਿੱਤੇ ਹਨ।
ਬੈਂਚ ਨੇ ਕਿਹਾ, ‘‘ਫੈਸਲੇ ਲਈ 7 ਨਵੰਬਰ ਨੂੰ ਸੂਚੀਬੱਧ ਕਰੋ।’’
ਅਦਾਲਤ ਨੇ ਕਿਹਾ ਕਿ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਦੀ ਨਿੱਜੀ ਹਾਜ਼ਰੀ ਦੀ ਹੁਣ ਲੋੜ ਨਹੀਂ ਹੋਵੇਗੀ ਅਤੇ ਚੇਤਾਵਨੀ ਦਿੱਤੀ ਕਿ ਅਦਾਲਤ ਵੱਲੋਂ ਪਾਸ ਕੀਤੇ ਗਏ ਆਦੇਸ਼ਾਂ ਦੀ ਪਾਲਣਾ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ (default) ਹੋਣ ’ਤੇ ਉਨ੍ਹਾਂ ਦੀ ਹਾਜ਼ਰੀ ਮੁੜ ਲਾਜ਼ਮੀ ਹੋ ਜਾਵੇਗੀ।
ਜ਼ਿਕਰਯੋਗ ਹੈ ਕਿ 27 ਅਕਤੂਬਰ ਨੂੰ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੱਛਮੀ ਬੰਗਾਲ ਅਤੇ ਤਿਲੰਗਾਨਾ ਨੂੰ ਛੱਡ ਕੇ ਬਾਕੀ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਨੂੰ 3 ਨਵੰਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਸੀ। ਇਹ ਹੁਕਮ ਇਸ ਲਈ ਦਿੱਤਾ ਗਿਆ ਸੀ ਕਿਉਂਕਿ ਉਨ੍ਹਾਂ ਨੇ ਅਦਾਲਤ ਦੇ 22 ਅਗਸਤ ਦੇ ਹੁਕਮਾਂ ਦੇ ਬਾਵਜੂਦ ਪਾਲਣਾ ਹਲਫ਼ਨਾਮੇ ਦਾਇਰ ਨਹੀਂ ਕੀਤੇ ਸਨ।
22 ਅਗਸਤ ਨੂੰ ਸੁਪਰੀਮ ਕੋਰਟ ਨੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਜਾਨਵਰ ਜਨਮ ਨਿਯੰਤਰਣ (Animal Birth Control - ABC) ਨਿਯਮਾਂ ਦੀ ਪਾਲਣਾ ਲਈ ਚੁੱਕੇ ਗਏ ਕਦਮਾਂ ਬਾਰੇ ਪੁੱਛਿਆ ਸੀ।
ਅਦਾਲਤ ਨੇ ਪਾਲਣਾ ਨਾ ਹੋਣ ’ਤੇ ਨਾਰਾਜ਼ਗੀ ਜ਼ਾਹਰ ਕੀਤੀ ਸੀ ਅਤੇ ਕਿਹਾ ਸੀ ਕਿ ਲਗਾਤਾਰ ਹੋ ਰਹੀਆਂ ਘਟਨਾਵਾਂ ਕਾਰਨ ਵਿਦੇਸ਼ਾਂ ਵਿੱਚ ਦੇਸ਼ ਨੂੰ ਨੀਵਾਂ ਦਿਖਾਇਆ ਜਾ ਰਿਹਾ ਹੈ।
ਸੁਪਰੀਮ ਕੋਰਟ ਨੇ ਇਸ ਮਾਮਲੇ ਦਾ ਦਾਇਰਾ ਦਿੱਲੀ-ਐਨਸੀਆਰ ਤੋਂ ਅੱਗੇ ਵਧਾ ਕੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਇਸ ਵਿੱਚ ਧਿਰ ਬਣਾਇਆ ਸੀ।
ਇਹ ਸੁਓ ਮੋਟੋ (suo motu) ਕੇਸ 28 ਜੁਲਾਈ ਨੂੰ ਸ਼ੁਰੂ ਕੀਤਾ ਗਿਆ ਸੀ, ਜਦੋਂ ਇੱਕ ਮੀਡੀਆ ਰਿਪੋਰਟ ਵਿੱਚ ਦਿੱਲੀ ਵਿੱਚ ਅਵਾਰਾ ਕੁੱਤਿਆਂ ਦੇ ਕੱਟਣ ਕਾਰਨ ਰੇਬੀਜ਼ (rabies), ਖਾਸ ਕਰਕੇ ਬੱਚਿਆਂ ਵਿੱਚ, ਫੈਲਣ ਦੀ ਖ਼ਬਰ ਦਿੱਤੀ ਗਈ ਸੀ।
