ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਵੱਲੋਂ ਸੁਪਰੀਮ ਕੋਰਟ ਦਾ ਰੁਖ਼ ਕਰਨ ਦੇ ਜਵਾਬ ਵਿਚ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦਾ ਕਹਿਣਾ ਹੈ ਕਿ ਹਰਿੰਦਰ ਸਿੰਘ ਲੱਖੋਵਾਲ ਨੇ ਅਦਾਲਤ ਜਾਣ ਬਾਰੇ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੂੰ ਭਿਣਕ ਵੀ ਨਹੀਂ ਪੈਣ ਦਿੱਤੀ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਜਾਣ ਦਾ ਫ਼ੈਸਲਾ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ ਨਹੀਂ ਕੀਤਾ, ਕਿਉਂਕਿ ਸਭ ਦਾ ਇਹ ਮੰਨਣਾ ਹੈ ਕਿ ਸਰਵਉੱਚ ਅਦਾਲਤ ਅਜੋਕੇ ਸਮੇਂ ਜਿਸ ਤਰ੍ਹਾਂ ਦਬਾਅ ਵਿੱਚ ਕੰਮ ਕਰ ਰਹੀ ਹੈ, ਉਸ ਦੇ ਮੱਦੇਨਜ਼ਰ ਕੋਈ ਵੀ ਜੋਖ਼ਮ ਨਹੀਂ ਉਠਾਇਆ ਜਾਵੇਗਾ।