ਪੱਤਰ ਪ੍ਰੇਰਕ
ਨਵੀਂ ਦਿੱਲੀ, 28 ਜੂਨ
ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਸਮੇਤ ਹੋਰ ਵਿਦਿਆਰਥੀ ਜਥੇਬੰਦੀਆਂ ਵੱਲੋਂ ਅੱਜ ਮੁਹੰਮਦ ਜ਼ੁਬੈਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਸਾਬਰਮਤੀ ਢਾਬੇ ਕੋਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਜਮਹੂਰੀ ਕਦਰਾਂ ਕੀਮਤਾਂ ਦਾ ਗਲਾ ਘੁੱਟਿਆ ਜਾ ਰਿਹਾ ਹੈ। ਉਨ੍ਹਾਂ ਮੁਹੰਮਦ ਜ਼ੁਬੈਰ ਦੀ ਗ੍ਰਿਫ਼ਤਾਰੀ ਨੂੰ ਜਮਹੂਰੀਅਤ ਦੇ ਖ਼ਿਲਾਫ਼ ਦੱਸਦਿਆਂ ਉਸ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ।
ਵਿਦਿਆਰਥੀ ਆਗੂਆਂ ਨੇ ਕਿਹਾ ਕਿ ‘ਏਐਲਟੀ ਨਿਊਜ਼’ ਦੇ ਸਹਿ-ਸੰਸਥਾਪਕ ਜ਼ੁਬੈਰ ਨੂੰ ਅਜਿਹੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਦੀ ਕੋਈ ਤੁਕ ਨਹੀਂ ਬਣਦੀ ਸੀ। ਵਿਦਿਆਰਥੀਆਂ ਮੁਤਾਬਕ ਭਾਜਪਾ ਅਤੇ ਆਰਐੱਸਐੱਸ ਆਗੂ ਅਸਹਿਮਤੀ ਵਾਲੀਆਂ ਆਵਾਜ਼ਾਂ ਤੋਂ ਘਬਰਾਉਂਦੇ ਹਨ ਅਤੇ ਉਨ੍ਹਾਂ ਨੂੰ ਦਬਾਉਣ ਲਈ ਹਰ ਹਰਬਾ ਵਰਤਦੇ ਹਨ। ਜ਼ਿਕਰਯੋਗ ਹੈ ਕਿ ਦਿੱਲੀ ਪੁਲੀਸ ਨੇ ਜ਼ੁਬੈਰ ਨੂੰ ਬੀਤੇ ਦਿਨ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ।
ਨਰੋਤਮ ਮਿਸ਼ਰਾ ਵੱਲੋਂ ਸੀਤਲਵਾੜ ਤੋਂ ਪਦਮਸ੍ਰੀ ਵਾਪਸ ਲੈਣ ਦੀ ਮੰਗ
ਭੋਪਾਲ: ਮੱਧ ਪ੍ਰਦੇਸ਼ ਦੇ ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਨੇ ਸਮਾਜਿਕ ਕਾਰਕੁਨ ਤੀਸਤਾ ਸੀਤਲਵਾੜ ਤੋਂ ਪਦਮਸ੍ਰੀ ਪੁਰਸਕਾਰ ਵਾਪਸ ਲੈਣ ਦੀ ਮੰਗ ਕੀਤੀ ਹੈ। ਤੀਸਤਾ ਨੂੰ ਹਾਲ ਹੀ ਵਿੱਚ ਗੁਜਰਾਤ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਹੈ। ਕੇਂਦਰ ਨੇ 2007 ’ਚ ਸੀਤਲਵਾੜ ਨੂੰ ਦੇਸ਼ ਦੇ ਸਭ ਤੋਂ ਵੱਡੇ ਨਾਗਰਿਕ ਪੁਰਸਕਾਰਾਂ ’ਚੋਂ ਇੱਕ ਪਦਮਸ੍ਰੀ ਨਾਲ ਸਨਮਾਨਿਤ ਕੀਤਾ ਸੀ। ਮਿਸ਼ਰਾ ਨੇ ਅੱਜ ਪੱਤਰਕਾਰਾਂ ਨਾਲ ਗੱਲ ਕਰਦਿਆਂ ਪਿਛਲੀ ਕਾਂਗਰਸ ਸਰਕਾਰ ’ਤੇ ਘੱਟ ਗਿਣਤੀਆਂ ਨੂੰ ਖੁਸ਼ ਕਰਨ ਲਈ ਸੀਤਲਵਾੜ ਨੂੰ ਪੁਰਸਕਾਰ ਦੇਣ ਦਾ ਦੋਸ਼ ਲਾਇਆ। ਮੱਧ ਪ੍ਰਦੇਸ਼ ਸਰਕਾਰ ਦੇ ਬੁਲਾਰੇ ਮਿਸ਼ਰਾ ਨੇ ਕਿਹਾ, ‘ਉਹ ਐਵਾਰਡ ਵਾਪਸੀ ਗੈਂਗ ਦੀ ਮੈਂਬਰ ਸੀ। ਸੁਪਰੀਮ ਕੋਰਟ ਵੱਲੋਂ ਕੀਤੀ ਗਈ ਟਿੱਪਣੀ ਮਗਰੋਂ ਅਜਿਹੇ ਲੋਕਾਂ ਤੋਂ ਐਵਾਰਡ ਵਾਪਸ ਲਿਆ ਜਾਣਾ ਚਾਹੀਦਾ ਹੈ ਜਿਨ੍ਹਾਂ ਦੇ ਵਤੀਰੇ ’ਤੇ ਸਵਾਲ ਉੱਠ ਰਹੇ ਹਨ ਤੇ ਜੋ ਗ੍ਰਿਫ਼ਤਾਰ ਕੀਤੇ ਗਏ ਹਨ।’ -ਪੀਟੀਆਈ