DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Sukhbir Singh Badal ਨਵੇਂ ਸਿਰਿਓਂ ਮੈਂਬਰ ਬਣੇ

ਸ਼ੋਮਣੀ ਅਕਾਲੀ ਦਲ ਮੈਂਬਰਸ਼ਿਪ ਮੁਹਿੰਮ ਸ਼ੁਰੂ
  • fb
  • twitter
  • whatsapp
  • whatsapp
Advertisement

* ਪਿੰਡ ਬਾਦਲ ਵਿੱਚ 10 ਰੁਪਏ ਦੀ ਪਰਚੀ ਕਟਵਾਈ

* ਸੁਖਬੀਰ ਨੇ ਦਾਦੂਵਾਲ ਧੜੇ ਦੀ ਹਾਰ ਨੂੰ ਸੰਗਤ ਦਾ ਸਪੱਸ਼ਟ ਸੁਨੇਹਾ ਦੱਸਿਆ

ਆਤਿਸ਼ ਗੁਪਤਾ/ਇਕਬਾਲ ਸ਼ਾਂਤ

Advertisement

ਚੰਡੀਗੜ੍ਹ/ਲੰਬੀ, 20 ਜਨਵਰੀ

ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਦੀ ਮਜ਼ਬੂਤੀ ਲਈ ਅੱਜ ਤੋਂ ਪੰਜਾਬ ਭਰ ਵਿੱਚ ਮੈਂਬਰਸ਼ਿਪ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਸੁਖਬੀਰ ਸਿੰਘ ਬਾਦਲ ਨੇ ਪਿੰਡ ਬਾਦਲ ’ਚ ਨਵੇਂ ਸਿਰੇ ਤੋਂ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ ਹੈ। ਇਸ ਮੁਹਿੰਮ ਦੀ ਸ਼ੁਰੂਆਤ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਤੋਂ ਕਰਵਾਈ। ਉਨ੍ਹਾਂ ਪਾਰਟੀ ਦੇ ਸੀਨੀਅਰ ਆਗੂਆਂ ਮਹੇਸ਼ਇੰਦਰ ਸਿੰਘ ਗਰੇਵਾਲ ਤੇ ਸੁੱਚਾ ਸਿੰਘ ਲੰਗਾਹ ਨੂੰ ਮੈਂਬਰਸ਼ਿਪ ਦੀਆਂ ਪਰਚੀਆਂ ਸੌਂਪੀਆਂ।

ਪ੍ਰਾਪਤ ਜਾਣਕਾਰੀ ਅਨੁਸਾਰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਲੈਣ ਖਾਤਰ ਸੁਖਬੀਰ ਸਿੰਘ ਬਾਦਲ ਅੱਜ ਪਿੰਡ ਬਾਦਲ ਸਥਿਤ ਅਕਾਲੀ ਦਲ ਦੇ ਹਲਕਾ ਪੱਧਰੀ ਦਫ਼ਤਰ ਪੁੱਜੇ ਅਤੇ 10 ਰੁਪਏ ਦੀ ਪਰਚੀ ਕਟਵਾ ਕੇ ਨਵੇਂ ਸਿਰਿਓਂ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ। ਸੁਖਬੀਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵਰਕਰ ਹੋਣ ਦੇ ਨਾਤੇ ਫਾਰਮ ਭਰ ਕੇ ਮੈਂਬਰ ਬਣੇ ਹਨ। ਸ੍ਰੀ ਬਾਦਲ ਨੇ ਕਿਹਾ ਕਿ ਪਹਿਲੇ ਹੀ ਦਿਨ ਭਰਤੀ ਪ੍ਰਤੀ ਲਾਮਿਸਾਲ ਹੁੰਗਾਰਾ ਮਿਲਿਆ ਹੈ। ਸ੍ਰੀ ਬਾਦਲ ਨੇ ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੋਣ ਨਤੀਜਿਆਂ ਬਾਰੇ ਕਿਹਾ ਕਿ ਹਰਿਆਣਾ ਦੀ ਸਿੱਖ ਸੰਗਤ ਨੇ ਸ਼੍ਰੋਮਣੀ ਕਮੇਟੀ ਚੋਣਾਂ ਵਿੱਚ ਸਪੱਸ਼ਟ ਸੁਨੇਹਾ ਦਿੱਤਾ ਹੈ ਕਿ ਉਹ ਪੰਥ ਦੇ ਅੰਦਰੂਨੀ ਮਸਲਿਆਂ ’ਚ ਦਖ਼ਲ ਦੇਣ ਵਾਲਿਆਂ ਨੂੰ ਸਵੀਕਾਰ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਬਲਜੀਤ ਸਿੰਘ ਦਾਦੂਵਾਲ ਦਾ ਪੂਰਾ ਧੜਾ ਬੁਰੀ ਤਰ੍ਹਾਂ ਹਾਰਿਆ ਹੈ। ਇਹ ਉਨ੍ਹਾਂ ਤਾਕਤਾਂ ਦੀ ਵੀ ਹਾਰ ਹੈ, ਜਿਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋੜ ਕੇ ਹਰਿਆਣਾ ਲਈ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਈ ਸੀ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅੱਜ ਸ਼ੁਰੂ ਹੋਈ ਭਰਤੀ ਮੁਹਿੰਮ 20 ਫਰਵਰੀ ਤੱਕ ਜਾਰੀ ਰਹੇਗੀ। ਇਸ ਤੋਂ ਬਾਅਦ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ 1 ਮਾਰਚ ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮੈਂਬਰਸ਼ਿਪ 25 ਲੱਖ ਕਰਨ ਦਾ ਟੀਚਾ ਹੈ।

ਸ਼੍ਰੋਮਣੀ ਅਕਾਲੀ ਦਲ ਪਾਰਲੀਮਾਨੀ ਬੋਰਡ ਦੀ ਮੀਟਿੰਗ

ਅੱਜ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਪਾਰਟੀ ਦੇ ਪਾਰਲੀਮਾਨੀ ਬੋਰਡ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਮੁੱਖ ਚੋਣ ਅਫਸਰ ਗੁਲਜ਼ਾਰ ਸਿੰਘ ਰਣੀਕੇ ਭਰਤੀ ਵਾਸਤੇ ਨਿਯੁਕਤ ਕੀਤੇ ਗਏ ਆਬਜ਼ਰਵਰਾਂ ਦੇ ਨਾਲ ਮਿਲ ਕੇ ਸਾਰੀ ਮੁਹਿੰਮ ਦੀ ਨਿਗਰਾਨੀ ਕਰਨਗੇ। ਸ੍ਰੀ ਭੂੰਦੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਭਰਤੀ ਵਾਸਤੇ 10 ਰੁਪਏ ਮੈਂਬਰਸ਼ਿਪ ਫੀਸ ਰੱਖੀ ਗਈ ਹੈ।

ਪੰਥਕ ਅਸੈਂਬਲੀ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਲਿਖਿਆ ਪੱਤਰ

ਸਿੱਖ ਜਥੇਬੰਦੀ ਪੰਥਕ ਅਸੈਂਬਲੀ ਤੇ ਪੰਥਕ ਤਾਲਮੇਲ ਸੰਗਠਨ ਨੇ ਅੱਜ ਅਕਾਲ ਤਖਤ ਦੇ ਜਥੇਦਾਰ ਨੂੰ ਇੱਕ ਪੱਤਰ ਦੇ ਕੇ ਅਪੀਲ ਕੀਤੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੇ ਮਾਮਲੇ ਵਿੱਚ ਹੁਕਮਨਾਮੇ ਦੀ ਹੁਣ ਤੱਕ ਦੀ ਪਾਲਣਾ ਸਬੰਧੀ ਰਿਪੋਰਟ ਪੰਥ ਨਾਲ ਸਾਂਝੀ ਕੀਤੀ ਜਾਵੇ। ਇਸ ਪੱਤਰ ਉੱਪਰ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ, ਅਕਾਲ ਪੁਰਖ ਕੀ ਫੌਜ ਜਥੇਬੰਦੀ ਦੇ ਕਨਵੀਨਰ ਜਸਵਿੰਦਰ ਸਿੰਘ ਐਡਵੋਕੇਟ, ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ, ਨਵ ਕਿਰਨ ਸਿੰਘ ਐਡਵੋਕੇਟ ਆਦਿ ਦੇ ਦਸਤਖਤ ਹਨ। ਇਹ ਪੱਤਰ ਅਕਾਲ ਤਖਤ ਦੇ ਸਕੱਤਰੇਤ ’ਚ ਸੌਂਪਿਆ ਗਿਆ ਹੈ।

ਅਕਾਲੀ ਦਲ ਦੀ ਭਰਤੀ ਮੁਹਿੰਮ ਤੋਂ ‘ਨਾਰਾਜ਼’ ਧੜਾ ਖ਼ਫ਼ਾ

ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ):

ਸ਼੍ਰੋਮਣੀ ਅਕਾਲੀ ਦਲ ਵੱਲੋਂ ਭਰਤੀ ਸਬੰਧੀ ਅਕਾਲ ਤਖਤ ਵੱਲੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਨੂੰ ਕਥਿਤ ਤੌਰ ’ਤੇ ਨਜ਼ਰਅੰਦਾਜ਼ ਕਰਕੇ ਆਪਣੇ ਤੌਰ ’ਤੇ ਭਰਤੀ ਸ਼ੁਰੂ ਕੀਤੇ ਜਾਣ ’ਤੇ ਅੱਜ ‘ਨਾਰਾਜ਼’ ਧੜੇ ਨੇ ਅਕਾਲ ਤਖਤ ਦੇ ਜਥੇਦਾਰ ਕੋਲ ਇਤਰਾਜ਼ ਜ਼ਾਹਿਰ ਕੀਤਾ ਹੈ। ‘ਨਾਰਾਜ਼’ ਧੜੇ ਨਾਲ ਸਬੰਧਤ ਗੁਰਪ੍ਰਤਾਪ ਸਿੰਘ ਵਡਾਲਾ ਨੇ ਅੱਜ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ। ਮੀਟਿੰਗ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਸ਼ਾਮਿਲ ਸਨ। ਐਡਵੋਕੇਟ ਧਾਮੀ ਨੂੰ ਅਕਾਲ ਤਖਤ ਵੱਲੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਦਾ ਕਨਵੀਨਰ ਬਣਾਇਆ ਗਿਆ ਸੀ। ਲਗਪਗ ਇਕ ਘੰਟੇ ਤੋਂ ਵੱਧ ਸਮਾਂ ਚੱਲੀ ਮੀਟਿੰਗ ਤੋਂ ਬਾਅਦ ਸ਼੍ਰੋਮਣੀਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਮੀਡੀਆ ਨਾਲ ਗੱਲ ਕਰਨ ਤੋਂ ਗੁਰੇਜ਼ ਕੀਤਾ ਹੈ। ਗੁਰਪ੍ਰਤਾਪ ਸਿੰਘ ਵਡਾਲਾ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਅਕਾਲ ਤਖਤ ਵੱਲੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਨੂੰ ਕਾਰਜਸ਼ੀਲ ਕਰਨ ਬਾਰੇ ਚਰਚਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਦੱਸਿਆ ਕਿ ਸ਼੍ਰੋਮਣੀਅਕਾਲੀ ਦਲ ਵੱਲੋਂ ਇਸ ਸੱਤ ਮੈਂਬਰੀ ਕਮੇਟੀ ਤੋਂ ਬਿਨਾਂ ਹੀ ਆਪਣੀ ਭਰਤੀ ਮੁਹਿੰਮ ਅੱਜ ਸ਼ੁਰੂ ਕਰ ਦਿੱਤੀ ਗਈ ਹੈ ਜੋ ਅਕਾਲ ਤਖਤ ਦੇ ਹੁਕਮਾਂ ਦੀ ਉਲੰਘਣਾ ਹੈ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਹ ਅਕਾਲ ਤਖਤ ਨੂੰ ਸਮਰਪਿਤ ਹਨ ਅਤੇ ਜਥੇਦਾਰ ਵੱਲੋਂ ਕੀਤੇ ਗਏ ਆਦੇਸ਼ ਮੁਤਾਬਕ ਉਨ੍ਹਾਂ ਸ਼੍ਰੋਮਣੀਅਕਾਲੀ ਦਲ ਸੁਧਾਰ ਲਹਿਰ ਖਤਮ ਕਰ ਦਿੱਤੀ ਹੈ। ਉਹ ਵੀ ਸ਼੍ਰੋਮਣੀਅਕਾਲੀ ਦਲ ਨੂੰ ਮਜ਼ਬੂਤ ਕਰਨ ਦੇ ਸਮਰਥਕ ਹਨ ਪਰ ਇਸ ਮਾਮਲੇ ਵਿੱਚ ਅਕਾਲ ਤਖਤ ਦੇ ਆਦੇਸ਼ਾਂ ਦੀ ਉਲੰਘਣਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਹੁਣ ਅਗਲਾ ਫੈਸਲਾ ਅਕਾਲ ਤਖਤ ਵੱਲੋਂ ਹੀ ਲਿਆ ਜਾਵੇਗਾ।

Advertisement
×