Supreme Court ਸੁਪਰੀਮ ਕੋਰਟ ਕੌਲਿਜੀਅਮ ਵੱਲੋਂ ਹਾਈ ਕੋਰਟ ਦੇ 21 ਜੱਜਾਂ ਦੇ ਤਬਾਦਲੇ ਜਾਂ ਪਿਤਰੀ ਰਾਜ ਭੇਜਣ ਦੀ ਸਿਫ਼ਾਰਸ਼
ਨਵੀਂ ਦਿੱਲੀ, 27 ਮਈ
SC collegium recommends transfers or repatriation of 21 HC judges: ਸੁਪਰੀਮ ਕੋਰਟ ਕੌਲਿਜੀਅਮ ਨੇ ਦੇਸ਼ ਭਰ ਦੇ ਹਾਈ ਕੋਰਟਾਂ ਦੇ 21 ਜੱਜਾਂ ਦੇ ਤਬਾਦਲੇ ਜਾਂ ਪਿਤਰੀ ਰਾਜਾਂ ਵਿਚ ਵਾਪਸ ਭੇਜਣ ਦੀ ਸਿਫ਼ਾਰਸ਼ ਕੀਤੀ ਹੈ।
ਚੀਫ਼ ਜਸਟਿਸ ਬੀਆਰ ਗਵਈ ਦੀ ਅਗਵਾਈ ਵਾਲੇ ਕੌਲਿਜੀਅਮ ਨੇ ਸੋਮਵਾਰ ਨੂੰ ਹੋਈ ਆਪਣੀ ਮੀਟਿੰਗ ਵਿੱਚ ਹਾਈ ਕੋਰਟ ਦੇ ਇਨ੍ਹਾਂ ਜੱਜਾਂ ਦੇ ਤਬਾਦਲੇ ਜਾਂ ਪਿਤਰੀ ਰਾਜਾਂ ਵਿਚ ਭੇਜਣ ਦੀ ਸਿਫ਼ਾਰਸ਼ ਕਰਨ ਦਾ ਫ਼ੈਸਲਾ ਕੀਤਾ।
ਸੁਪਰੀਮ ਕੋਰਟ ਦੀ ਵੈੱਬਸਾਈਟ ’ਤੇ ਅਪਲੋਡ ਕੀਤੀ ਗਈ ਜਾਣਕਾਰੀ ਵਿਚ ਕਿਹਾ ਗਿਆ ਹੈ, ‘ਸੁਪਰੀਮ ਕੋਰਟ ਕੌਲਿਜੀਅਮ ਨੇ 26 ਮਈ ਨੂੰ ਹੋਈ ਆਪਣੀ ਮੀਟਿੰਗ ਵਿੱਚ ਉੱਚ ਅਦਾਲਤਾਂ ਦੇ ਹੇਠਲੇ ਜੱਜਾਂ ਦੇ ਤਬਾਦਲੇ/ਪਿਤਰੀ ਰਾਜਾਂ ਵਿੱਚ ਭੇਜਣ ਦੀ ਸਿਫ਼ਾਰਸ਼ ਕੀਤੀ ਹੈ। ਕੌਲਿਜੀਅਮ ਨੇ ਤੇਲੰਗਾਨਾ ਹਾਈ ਕੋਰਟ ਦੇ ਜੱਜ ਸੁਜੋਏ ਪਾਲ ਨੂੰ ਕਲਕੱਤਾ ਹਾਈ ਕੋਰਟ ਵਿਚ ਤਬਦੀਲ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਕੌਲਿਜੀਅਮ ਨੇ ਕਿਹਾ ਹੈ ਕਿ ਜਸਟਿਸ ਵੀ ਕਾਮੇਸ਼ਵਰ ਰਾਓ, ਜੋ ਮੌਜੂਦਾ ਕਰਨਾਟਕ ਹਾਈ ਕੋਰਟ ਦੇ ਜੱਜ ਹਨ, ਨੂੰ ਦਿੱਲੀ ਹਾਈ ਕੋਰਟ ਵਿੱਚ ਵਾਪਸ ਭੇਜਿਆ ਜਾਵੇ।
ਕੌਲਿਜੀਅਮ ਨੇ ਕਿਹਾ ਹੈ ਕਿ ਗੁਹਾਟੀ ਹਾਈ ਕੋਰਟ ਦੇ ਜੱਜਾਂ ਲਾਨੁਸੁੰਗਕੁਮ ਜਮੀਰ ਅਤੇ ਮਾਨਸ਼ ਰੰਜਨ ਪਾਠਕ ਨੂੰ ਕ੍ਰਮਵਾਰ ਕਲਕੱਤਾ ਅਤੇ ਉੜੀਸਾ ਦੀਆਂ ਹਾਈ ਕੋਰਟਾਂ ਵਿੱਚ ਤਬਦੀਲ ਕੀਤਾ ਜਾਵੇ। ਬੰਬੇ ਹਾਈ ਕੋਰਟ ਦੇ ਜੱਜ ਨਿਤਿਨ ਵਾਸੂਦੇਓ ਸਾਂਬਰੇ ਨੂੰ ਦਿੱਲੀ ਹਾਈ ਕੋਰਟ ਵਿੱਚ ਤਬਦੀਲ ਕੀਤਾ ਜਾਵੇ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਸੰਜੀਵ ਪ੍ਰਕਾਸ਼ ਸ਼ਰਮਾ ਨੂੰ ਰਾਜਸਥਾਨ ਹਾਈ ਕੋਰਟ ਵਿੱਚ ਵਾਪਸ ਭੇਜਣ ਦੀ ਸਿਫਾਰਸ਼ ਕੀਤੀ ਹੈ।
ਅਲਾਹਾਬਾਦ ਹਾਈ ਕੋਰਟ ਦੇ ਜਸਟਿਸ ਵਿਵੇਕ ਚੌਧਰੀ ਨੂੰ ਦਿੱਲੀ ਹਾਈ ਕੋਰਟ ਵਿਚ ਤਬਦੀਲ ਕਰਨ ਦੀ ਗੱਲ ਕਹੀ ਗਈ ਹੈ।
ਕੌਲਿਜੀਅਮ ਨੇ ਕੇਰਲ ਹਾਈ ਕੋਰਟ ਦੇ ਜੱਜ ਦਿਨੇਸ਼ ਕੁਮਾਰ ਸਿੰਘ ਨੂੰ ਕਰਨਾਟਕ ਹਾਈ ਕੋਰਟ ਵਿੱਚ ਤਬਦੀਲ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਕੌਲਿਜੀਅਮ ਨੇ ਮਦਰਾਸ ਹਾਈ ਕੋਰਟ ਦੇ ਜੱਜ ਵਿਵੇਕ ਕੁਮਾਰ ਸਿੰਘ ਨੂੰ ਮੱਧ ਪ੍ਰਦੇਸ਼ ਹਾਈ ਕੋਰਟ ਵਿੱਚ ਤਬਦੀਲ ਕਰਨ ਲਈ ਕਿਹਾ ਹੈ। ਮਦਰਾਸ ਹਾਈ ਕੋਰਟ ਦੇ ਜੱਜ ਬੱਟੂ ਦੇਵਾਨੰਦ ਨੂੰ ਆਂਧਰਾ ਪ੍ਰਦੇਸ਼ ਹਾਈ ਕੋਰਟ ਵਿੱਚ ਵਾਪਸ ਭੇਜਣ ਦੀ ਸਿਫ਼ਾਰਸ਼ ਕੀਤੀ ਹੈ। ਅਲਾਹਾਬਾਦ ਹਾਈ ਕੋਰਟ ਦੇ ਜੱਜ ਓਮ ਪ੍ਰਕਾਸ਼ ਸ਼ੁਕਲਾ ਨੂੰ ਦਿੱਲੀ ਹਾਈ ਕੋਰਟ ਵਿਚ ਤਬਦੀਲ ਕਰਨ ਲਈ ਕਿਹਾ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਸੁਧੀਰ ਸਿੰਘ ਨੂੰ ਪਟਨਾ ਹਾਈ ਕੋਰਟ ਵਿੱਚ ਵਾਪਸ ਭੇਜਣ ਦੀ ਸਿਫਾਰਸ਼ ਕੀਤੀ ਹੈ। ਇਸੇ ਤਰ੍ਹਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਨਿਲ ਖੇਤਰਪਾਲ ਨੂੰ ਦਿੱਲੀ ਹਾਈ ਕੋਰਟ ਵਿੱਚ ਤਬਦੀਲ ਕਰਨ ਦੀ ਸਿਫਾਰਸ਼ ਕੀਤੀ ਹੈ। ਕੌਲਿਜੀਅਮ ਨੇ ਰਾਜਸਥਾਨ ਹਾਈ ਕੋਰਟ ਦੇ ਜੱਜ ਅਰੁਣ ਕੁਮਾਰ ਮੋਂਗਾ ਨੂੰ ਦਿੱਲੀ ਹਾਈ ਕੋਰਟ ਵਿੱਚ ਤਬਦੀਲ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਇਸ ਵਿਚ ਅਲਾਹਾਬਾਦ ਹਾਈ ਕੋਰਟ ਦੇ ਜਸਟਿਸ ਜਯੰਤ ਬੈਨਰਜੀ ਨੂੰ ਕਰਨਾਟਕ ਹਾਈ ਕੋਰਟ ਵਿਚ ਤਬਦੀਲ ਕਰਨ ਦੀ ਗੱਲ ਕਹੀ ਗਈ ਹੈ।