ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਪੱਛਮੀ ਬੰਗਾਲ, ਅਸਾਮ, ਕੇਰਲਾ, ਤਾਮਿਲ ਨਾਡੂ ਤੇ ਪੁੱਡੂਚੇਰੀ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਬਾਂਡ ਦੀ ਵਿਕਰੀ ’ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ। ਚੀਫ ਜਸਟਿਸ ਐੱਸਏ ਬੋਬੜੇ ਦੀ ਅਗਵਾਈ ਹੇਠਲੇ ਬੈਂਚ ਨੇ ਐਸੋਸੀਏਸ਼ਨ ਫਾਰ ਡੈਮੋਕਰੈਟਿਕ ਰਿਫਾਰਮਜ਼ (ਏਡੀਆਰ) ਵੱਲੋਂ ਪਾਈ ਪਟੀਸ਼ਨ ਖਾਰਜ ਕਰਦਿਆਂ ਕਿਹਾ, ‘ਇਸ ਤੋਂ ਪਹਿਲਾਂ 2018, 2019 ਤੇ 2020 ’ਚ ਚੋਣ ਬਾਂਡ ਦੀ ਵਿਕਰੀ ਦੀ ਇਜਾਜ਼ਤ ਦਿੱਤੀ ਗਈ ਸੀ ਤੇ ਇਸ ਦੀ ਨਿਗਰਾਨੀ ਲਈ ਲੋੜੀਂਦਾ ਪ੍ਰਬੰਧ ਹੈ। ਸਾਨੂੰ ਮੌਜੂਦਾ ਪੜਾਅ ’ਤੇ ਇਸ ’ਤੇ ਪਾਬੰਦੀ ਲਾਉਣ ਦੀ ਕੋਈ ਵਜ੍ਹਾ ਨਜ਼ਰ ਨਹੀਂ ਆ ਰਹੀ।’ ਇਸ ਤੋਂ ਪਹਿਲਾਂ ਲੰਘੇ ਬੁੱਧਵਾਰ ਸਿਖਰਲੀ ਅਦਾਲਤ ਨੇ ਏਡੀਆਰ ਦੀ ਪਟੀਸ਼ਨ ’ਤੇ ਫ਼ੈਸਲਾ ਰਾਖਵਾਂ ਰੱਖ ਲਿਆ ਸੀ। -ਪੀਟੀਆਈ