ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਕੋਵਿਡ-19 ਮਹਾਮਾਰੀ ਦੌਰਾਨ ਸੈਂਟਰਲ ਵਿਸਟਾ ਪ੍ਰਾਜੈਕਟ ਦੀਆਂ ਨਿਰਮਾਣ ਗਤੀਵਿਧੀਆਂ ’ਤੇ ਰੋਕ ਲਾਉਣ ਸਬੰਧੀ ਦਾਇਰ ਲੋਕ ਹਿੱਤ ਪਟੀਸ਼ਨ ’ਤੇ ਸੁਣਵਾਈ ਮੁਲਤਵੀ ਕਰਨ ਬਾਰੇ ਦਾਇਰ ਪਟੀਸ਼ਨ ’ਤੇ ਵਿਚਾਰ ਕਰਨ ਤੋਂ ਅੱਜ ਇਨਕਾਰ ਕਰ ਦਿੱਤਾ ਹੈ। ਹਾਲਾਂਕਿ ਸੁਪਰੀਮ ਕੋਰਟ ਨੇ ਅਪੀਲਕਾਰਤਾਵਾਂ ਨੂੰ ਆਪਣੀ ਪਟੀਸ਼ਨ ’ਤੇ ਜਲਦੀ ਸੁਣਵਾਈ ਲਈ ਦਿੱਲੀ ਹਾਈ ਕੋਰਟ ਜਾਣ ਦੀ ਛੋਟ ਦਿੱਤੀ ਹੈ। ਸੁਪਰੀਮ ਕੋਰਟ ਵੱਲੋਂ ਹਾਈ ਕੋਰਟ ਦੇ 4 ਮਈ ਦੇ ਉਸ ਹੁਕਮ ਖ਼ਿਲਾਫ਼ ਅਪੀਲ ’ਤੇ ਸੁਣਵਾਈ ਕੀਤੀ ਜਾ ਰਹੀ ਸੀ ਜਿਸ ’ਚ ਅਦਾਲਤ ਨੇ ਇਹ ਕਹਿੰਦਿਆਂ ਲੋਕ ਹਿੱਤ ਪਟੀਸ਼ਨ ਨੂੰ 17 ਮਈ ਲਈ ਸੁਣਵਾਈ ਲਈ ਸੂਚੀਬੱਧ ਕੀਤਾ ਸੀ ਕਿ ਉਹ ਪਹਿਲਾਂ ਸੁਪਰੀਮ ਕੋਰਟ ਦੇ 5 ਜਨਵਰੀ ਦੇ ਫ਼ੈਸਲੇ ’ਤੇ ਵਿਚਾਰ ਕਰਨਾ ਚਾਹੁੰਦੀ ਹੈ। ਅਦਾਲਤ ਨੇ ਕਿਹਾ ਸੀ ਕਿ ਉਹ ਦੇਖਣਾ ਚਾਹੁੰਦੀ ਹੈ ਕਿ ਇਸ ਵੱਕਾਰੀ ਪ੍ਰਾਜੈਕਟ ਨੂੰ ਅੱਗੇ ਵਧਾਉਣ ਦੀ ਮਨਜ਼ੂਰੀ ਦਿੰਦਿਆਂ ਸਿਖਰਲੀ ਅਦਾਲਤ ਨੇ ਕੀ ਕਿਹਾ ਹੈ। ਜਸਟਿਸ ਵਿਨੀਤ ਸਰਨ ਤੇ ਜਸਟਿਸ ਦਿਨੇਸ਼ ਮਹੇਸ਼ਰੀ ਦੇ ਬੈਂਚ ਨੇ ਸੀਨੀਅਰ ਵਕੀਲ ਸਿਧਾਰਥ ਲੂਥਰਾ ਨੂੰ ਕਿਹਾ ਕਿ ਉਹ 10 ਮਈ ਨੂੰ ਹਾਈ ਕੋਰਟ ’ਚ ਇਸ ਮਾਮਲੇ ਨੂੰ ਤੁਰੰਤ ਸੂਚੀਬੱਧ ਕਰਨ ਲਈ ਇਸ ਦਾ ਜ਼ਿਕਰ ਕਰਨ। -ਪੀਟੀਆਈ