ਨਵੀਂ ਦਿੱਲੀ: ਸਿੱਖ ਕਤਲੇਆਮ ਦੇ ਮਾਮਲੇ ’ਚ ਊਮਰ ਕੈਦ ਦੀ ਸਜ਼ਾ ਭੁਗਤ ਰਹੇ ਕਾਂਗਰਸ ਦੇ ਸਾਬਕਾ ਆਗੂ ਸੱਜਣ ਕੁਮਾਰ ਵੱਲੋਂ ਸਿਹਤ ਦੇ ਆਧਾਰ ’ਤੇ ਮੰਗੀ ਗਈ ਅੰਤਰਿਮ ਜ਼ਮਾਨਤ ਦੀ ਅਰਜ਼ੀ ਅੱਜ ਸੁਪਰੀਮ ਕੋਰਟ ਨੇ ਰੱਦ ਕਰ ਦਿੱਤੀ ਹੈ। ਊਸ ਦੇ ਵਕੀਲ ਵਿਕਾਸ ਸਿੰਘ ਨੇ ਚੀਫ਼ ਜਸਟਿਸ ਐੱਸ ਏ ਬੋਬੜੇ ਦੀ ਅਗਵਾਈ ਹੇਠਲੇ ਬੈਂਚ ਨੂੰ ਕਿਹਾ ਕਿ ਸੱਜਣ ਕੁਮਾਰ 20 ਮਹੀਨਿਆਂ ਤੋਂ ਜੇਲ੍ਹ ’ਚ ਬੰਦ ਹੈ ਅਤੇ ਊਸ ਦਾ ਕਰੀਬ 16 ਕਿਲੋਗ੍ਰਾਮ ਭਾਰ ਘੱਟ ਗਿਆ ਹੈ ਜਿਸ ਕਾਰਨ ਊਸ ਨੂੰ ਪੁਰਾਣੀ ਬਿਮਾਰੀਆਂ ਤੋਂ ਛੁਟਕਾਰੇ ਲਈ ਇਲਾਜ ਦੀ ਲੋੜ ਹੈ। ਵਕੀਲ ਨੇ ਕਿਹਾ ਕਿ ਸੱਜਣ ਕੁਮਾਰ ਅਦਾਲਤ ਵੱਲੋਂ ਲਾਈਆਂ ਜਾਣ ਵਾਲੀਆਂ ਸ਼ਰਤਾਂ ਦਾ ਪਾਲਣ ਕਰੇਗਾ। ਸਿੱਖ ਕਤਲੇਆਮ ਦੇ ਪੀੜਤਾਂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਐੱਚ ਐੱਸ ਫੂਲਕਾ ਨੇ ਸੱਜਣ ਕੁਮਾਰ ਦੀ ਆਰਜ਼ੀ ਜ਼ਮਾਨਤ ਅਰਜ਼ੀ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਊਸ ਦਾ ਹਸਪਤਾਲ ’ਚ ਪਹਿਲਾਂ ਹੀ ਲੋੜੀਂਦਾ ਇਲਾਜ ਕੀਤਾ ਜਾ ਰਿਹਾ ਹੈ। ਬੈਂਚ ਨੇ ਕਿਹਾ ਕਿ ਊਹ ਕਿਸੇ ਹੋਰ ਦਿਨ ਸੁਣਵਾਈ ਕਰਨਗੇ ਪਰ ਇੰਜ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ ਹੈ। ਇਸ ਤੋਂ ਪਹਿਲਾਂ 13 ਮਈ ਨੂੰ ਸੁਪਰੀਮ ਕੋਰਟ ਨੇ ਸੱਜਣ ਕੁਮਾਰ ਦੀ ਅੰਤਰਿਮ ਜ਼ਮਾਨਤ ਜਾਂ ਪੈਰੋਲ ਦੀ ਅਰਜ਼ੀ ਰੱਦ ਕਰ ਦਿੱਤੀ ਸੀ।
-ਪੀਟੀਆਈ