ਸੁਪਰੀਮ ਕੋਰਟ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ‘ਵਨਤਾਰਾ’ ਨੂੰ ਕਲੀਨ ਚਿੱਟ
ਸੁਪਰੀਮ ਕੋਰਟ ਵੱਲੋਂ ‘ਵਨਤਾਰਾ’ ਦੇ ਮਾਮਲਿਆਂ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (SIT) ਨੇ ਗੁਜਰਾਤ ਦੇ ਜਾਮਨਗਰ ਸਥਿਤ ਜ਼ੂਲੋਜੀਕਲ ਬਚਾਅ ਅਤੇ ਪੁਨਰਵਾਸ ਕੇਂਦਰ ਨੂੰ ਕਲੀਨ ਚਿੱਟ ਦੇ ਦਿੱਤੀ ਹੈ।
ਜਸਟਿਸ ਪੰਕਜ ਮਿੱਤਲ ਅਤੇ ਜਸਟਿਸ ਪੀਬੀ ਵਰਾਲੇ ਦੇ ਬੈਂਚ ਨੇ ਰਿਪੋਰਟ ਨੂੰ ਰਿਕਾਰਡ ’ਤੇ ਲੈਂਦਿਆਂ ਨੋਟ ਕੀਤਾ ਕਿ ਅਧਿਕਾਰੀਆਂ ਨੇ ਵਨਤਾਰਾ ਵਿੱਚ ਨੇਮਾਂ ਦੀ ਪਾਲਣਾ ਅਤੇ ਰੈਗੂਲੇਟਰੀ ਉਪਾਵਾਂ ਦੇ ਮੁੱਦੇ ’ਤੇ ਤਸੱਲੀ ਜ਼ਾਹਿਰ ਕੀਤੀ ਹੈ।
ਰਿਪੋਰਟ ਸ਼ੁੱਕਰਵਾਰ ਨੂੰ ਪੇਸ਼ ਕੀਤੀ ਗਈ ਸੀ ਅਤੇ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਇਸ ਦੀ ਘੋਖ ਕੀਤੀ। ਸੁਪਰੀਮ ਕੋਰਟ ਨੇ ਕਿਹਾ ਕਿ ਉਹ ਰਿਪੋਰਟ ਦੇਖਣ ਤੋਂ ਬਾਅਦ ਵਿਸਤ੍ਰਿਤ ਆਦੇਸ਼ ਜਾਰੀ ਕਰੇਗੀ।
ਸਰਬਉੱਚ ਕੋਰਟ ਨੇ ਕਾਨੂੰਨਾਂ ਦੀ ਪਾਲਣਾ ਨਾ ਕਰਨ ਅਤੇ ਭਾਰਤ ਅਤੇ ਵਿਦੇਸ਼ਾਂ ਤੋਂ ਜਾਨਵਰਾਂ ਖਾਸ ਕਰਕੇ ਹਾਥੀਆਂ ਨੂੰ ਜਬਰੀ ਇਥੇ ਲਿਆਉਣ ਦੇ ਦੋਸ਼ਾਂ ਦੇ ਮੱਦੇਨਜ਼ਰ ਵਨਤਾਰਾ ਖਿਲਾਫ਼ ਤੱਥ ਖੋਜੀ ਜਾਂਚ ਲਈ 25 ਅਗਸਤ ਨੂੰ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਬਣਾਈ ਸੀ।
ਸੁਪਰੀਮ ਕੋਰਟ ਨੇ ਮੀਡੀਆ ਅਤੇ ਸੋਸ਼ਲ ਮੀਡੀਆ ਵਿੱਚ ਰਿਪੋਰਟਾਂ ਅਤੇ ਗੈਰ-ਸਰਕਾਰੀ ਸੰਗਠਨਾਂ ਅਤੇ ਜੰਗਲੀ ਜੀਵ ਸੰਗਠਨਾਂ ਦੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਵਨਤਾਰਾ ਵਿਰੁੱਧ ਬੇਨਿਯਮੀਆਂ ਦਾ ਦੋਸ਼ ਲਗਾਉਣ ਵਾਲੀਆਂ ਦੋ ਜਨਹਿੱਤ ਪਟੀਸ਼ਨਾਂ ਦੀ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਦੇ ਇੱਕ ਸਾਬਕਾ ਜੱਜ ਦੀ ਅਗਵਾਈ ਵਿੱਚ ਚਾਰ ਮੈਂਬਰੀ ‘ਸਿਟ’ ਬਣਾਈ ਸੀ।