ਸੂਰਤ: ਗੁਜਰਾਤ ਦੇ ਸੂਰਤ ਜ਼ਿਲ੍ਹੇ ਵਿੱਚ ਸੋਮਵਾਰ ਤੇ ਮੰਗਲਵਾਰ ਦੀ ਅੱਧੀ ਰਾਤ ਨੂੰ ਡੰਪਰ ਟਰੱਕ ਨੇ ਸੜਕ ਕੰਢੇ ਸੁੱਤੇ ਪਏ ਪਰਵਾਸੀ ਮਜ਼ਦੂਰਾਂ ਨੂੰ ਦਰੜ ਦਿੱਤਾ। ਹਾਦਸੇ ਵਿੱਚ 15 ਜਣਿਆਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚ ਅੱਠ ਔਰਤਾਂ ਤੇ ਸਾਲ ਦੀ ਇਕ ਬੱਚੀ ਵੀ ਸ਼ਾਮਲ ਹੈ। ਇਨ੍ਹਾਂ ਵਿੱਚੋਂ 12 ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ ਜਦੋਂਕਿ ਤਿੰਨ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਪੀੜਤ ਪਰਵਾਸੀ ਮਜ਼ਦੂਰਾਂ ’ਚੋਂ ਬਹੁਤੇ ਰਾਜਸਥਾਨ ਨਾਲ ਸਬੰਧਤ ਹਨ।
ਹਾਦਸੇ ’ਚ ਟਰੱਕ ਚਾਲਕ ਤੇ ਕਲੀਨਰ ਸਮੇਤ ਤਿੰਨ ਜਣੇ ਜ਼ਖ਼ਮੀ ਹੋ ਗਏੇੇ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ ’ਤੇ ਦੁਖ ਦਾ ਇਜ਼ਹਾਰ ਕਰਦਿਆਂ ਪ੍ਰਧਾਨ ਮੰਤਰੀ ਕੌਮੀ ਰਾਹਤ ਫੰਡ ’ਚੋਂ ਮ੍ਰਿਤਕਾਂ ਦੇ ਵਾਰਸਾਂ ਲਈ ਦੋ-ਦੋ ਲੱਖ ਰੁਪਏ ਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ। ਉਧਰ ਗੁਜਰਾਤ ਦੇ ਮੁੱਖ ਮੰਤਰੀ ਵਿਜੈ ਰੂਪਾਨੀ ਨੇ ਵੀ ਮ੍ਰਿਤਕਾਂ ਦੇ ਵਾਰਸਾਂ ਲਈ ਦੋ-ਦੋ ਲੱਖ ਰੁਪਏ ਦਾ ਮੁਆਵਜ਼ਾ ਐਲਾਨਿਆ ਹੈ। ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਵੀ ਹਾਦਸੇ ’ਤੇ ਦੁਖ਼ ਦਾ ਇਜ਼ਹਾਰ ਕਰਦਿਆਂ ਮ੍ਰਿਤਕਾਂ ਦੇ ਵਾਰਸਾਂ ਲਈ ਦੋ ਲੱਖ ਤੇ ਜ਼ਖ਼ਮੀਆਂ ਲਈ 50 ਹਜ਼ਾਰ ਰੁਪਏ ਦਾ ਮੁਆਵਜ਼ਾ ਐਲਾਨ ਦਿੱਤਾ ਹੈ। ਜਾਣਕਾਰੀ ਅਨੁਸਾਰ ਉਪਰੋਕਤ ਹਾਦਸਾ ਸੂਰਤ ਤੋਂ 60 ਕਿਲੋਮੀਟਰ ਦੂਰ ਕੋਸਾਂਬਾ ਪਿੰਡ ਨਜ਼ਦੀਕ ਵਾਪਰਿਆ। ਟਰੱਕ ਸਾਹਮਣਿਓਂ ਆ ਰਹੀ ਗੰਨਿਆਂ ਨਾਲ ਲੱਦੀ ਟਰੈਕਟਰ ਟਰਾਲੀ ਨੂੰ ਟੱਕਰ ਮਾਰਨ ਮਗਰੋਂ ਬੇਕਾਬੂ ਹੋ ਕੇ ਸੜਕ ਕੰਢੇ ਸੁੱਤੇ ਪਏ ਪਰਵਾਸੀ ਮਜ਼ਦੂਰਾਂ ’ਤੇ ਚੜ੍ਹ ਗਿਆ। ਪੁਲੀਸ ਨੇ ਟਰੱਕ ਚਾਲਕ ਖ਼ਿਲਾਫ਼ ਆਈਪੀਸੀ ਦੀਆਂ ਵੱਖ ਵੱਖ ਧਾਰਾਵਾਂ ਤੇ ਮੋਟਰ ਵਾਹਨ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।
ਹਾਦਸੇ ਵਿੱਚ ਟਰੱਕ ਡਰਾਈਵਰ ਤੇ ਵਾਹਨ ਦਾ ‘ਕਲੀਨਰ’ ਦੋਵੇਂ ਜ਼ਖ਼ਮੀ ਹੋ ਗਏ ਅਤੇ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਸੂਰਤ ਦੀ ਐੱਸਪੀ ਊਸ਼ਾ ਰਾਡਾ ਨੇ ਦੱਸਿਆ ਕਿ ਹਾਦਸੇ ਦੇ ਪੀੜਤਾਂ ’ਚੋਂ ਬਹੁਤੇ ਪਰਵਾਸੀ ਉਸਾਰੀ ਮਜ਼ਦੂਰ ਸਨ ਤੇ ਹਾਦਸਾ ਅੱਧੀ ਰਾਤ ਨੂੰ ਵਾਪਰਿਆ। ਟਰੱਕ ਚਾਲਕ ਕਿਮ ਤੋਂ ਮਾਂਡਵੀ ਪਰਤ ਰਿਹਾ ਸੀ। ਇਸ ਦੌਰਾਨ ਪੀਐੱਮਓ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਵਾਲੇ ਨਾਲ ਜਾਰੀ ਟਵੀਟ ’ਚ ਕਿਹਾ, ‘ਸੂਰਤ ਵਿੱਚ ਟਰੱਕ ਹਾਦਸੇ ’ਚ ਮਨੁੱਖੀ ਜਾਨਾਂ ਦਾ ਜਾਣਾ ਦੁਖਦਾਈ ਹੈ। ਮੈਂ ਪੀੜਤ ਪਰਿਵਾਰਾਂ ਦੇ ਦੁਖ਼ ’ਚ ਸ਼ਰੀਕ ਹਾਂ। ਪ੍ਰਾਰਥਨਾ ਕਰਦਾ ਹਾਂ ਕਿ ਜ਼ਖ਼ਮੀ ਜਲਦੀ ਸਿਹਤਯਾਬ ਹੋਣ।’ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ ’ਚ ਮਾਰੇ ਗਏ ਲੋਕਾਂ ਦੇ ਵਾਰਸਾਂ ਲਈ 2 ਲੱਖ ਤੇ ਜ਼ਖ਼ਮੀਆਂ ਲਈ ਪੰਜਾਹ ਹਜ਼ਾਰ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਵਿਜੈ ਰੂਪਾਨੀ ਨੇ ਵੀ ਹਾਦਸੇ ’ਤੇ ਦੁੱਖ ਦਾ ਇਜ਼ਹਾਰ ਕਰਦਿਆਂ ਪੀੜਤਾਂ ਦੇ ਵਾਰਸਾਂ ਲਈ ਦੋ-ਦੋ ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ।
-ਪੀਟੀਆਈ