ਨਵੀਂ ਦਿੱਲੀ, 17 ਨਵੰਬਰ
ਸੁਪਰੀਮ ਕੋਰਟ ਨੇ ਕੋਵਿਡ-19 ਮਹਾਮਾਰੀ ਦੇ ਫੈਲਣ ਸਮੇਂ ਰਾਸ਼ਟਰੀ ਰਾਜਧਾਨੀ ਵਿੱਚ ਹੋਏ ਤਬਲੀਗੀ ਜਮਾਤ ਦੇ ਇਕੱਠ ਨਾਲ ਸਬੰਧਤ ਮੀਡੀਆ ਰਿਪੋਰਟਿੰਗ ਨਾਲ ਜੁੜੇ ਮਾਮਲੇ ਵਿੱਚ ਕੇਂਦਰ ਵੱਲੋਂ ਦਾਖਲ ਕੀਤੇ ਹਲਫ਼ਨਾਮੇ ’ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਅਦਾਲਤ ਨੇ ਕਿਹਾ ਕਿ ਟੀਵੀ ’ਤੇ ਅਜਿਹੀ ਸਮੱਗਰੀ ਨਾਲ ਨਜਿੱਠਣ ਲਈ ਕੇਂਦਰ ਨੂੰ ਰੈਗੂਲੇਟਰੀ ਪ੍ਰਣਾਲੀ ਬਣਾਉਣ ਬਾਰੇ ਵਿਚਾਰ ਕਰਨਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਕੇਂਦਰ ਨੂੰ ਅਜਿਹੀ ਪ੍ਰਣਾਲੀ ਬਣਾਉਣ ਅਤੇ ਅਦਾਲਤ ਨੂੰ ਇਸ ਬਾਰੇ ਜਾਣਕਾਰੀ ਦੇਣ ਦੇ ਨਿਰਦੇਸ਼ ਦਿੱਤੇ। ਚੀਫ਼ ਜਸਟਿਸ ਐੱਸਏ ਬੋਬਡੇ ਦੀ ਅਗਵਾਈ ਵਾਲੇ ਬੈਂਚ ਨੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੂੰ ਕਿਹਾ, “ਪਹਿਲਾਂ ਤੁਸੀਂ ਸਹੀ ਹਲਫਨਾਮਾ ਦਾਇਰ ਨਹੀਂ ਕੀਤਾ ਅਤੇ ਹੁਣ ਤੁਸੀਂ ਅਜਿਹਾ ਹਲਫਨਾਮਾ ਪੇਸ਼ ਕੀਤਾ ਹੈ ਜਿਸ ਵਿੱਚ ਦੋ ਅਹਿਮ ਸੁਆਲਾਂ ਬਾਰੇ ਕੁਝ ਨਹੀਂ ਕਿਹਾ ਗਿਆ। ਇਹ ਤਰੀਕਾ ਨਹੀਂ ਹੈ। ਅਸੀਂ ਤੁਹਾਡੇ ਜਵਾਬ ਤੋਂ ਸੰਤੁਸ਼ਟ ਨਹੀਂ ਹਾਂ।”