ਚੇਨੱਈ, 22 ਮਾਰਚ
ਤਾਮਿਲਨਾਡੂ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਨੇ ਅੱਜ ਆਪਣਾ ਮੈਨੀਫੈਸਟੋ (ਚੋਣ ਮਨੋਰਥ ਪੱਤਰ) ਜਾਰੀ ਕੀਤਾ ਹੈ, ਜਿਸ ਵਿੱਚ ਜਬਰਦਸਤੀ ਜਾਂ ਵਰਗਲਾ ਕੇ ਧਰਮ ਪਰਿਵਰਤਨ ਕਰਵਾਉਣ ਖ਼ਿਲਾਫ਼ ਸਖ਼ਤ ਕਾਨੂੰਨ ਲਿਆਉਣ ਦਾ ਵਾਅਦਾ ਕੀਤਾ ਗਿਆ ਹੈ। ਭਾਜਪਾ ਨੇ ਚੋਣ ਮਨੋਰਥ ਪੱਤਰ ਵਿੱਚ ਵਾਅਦਾ ਕੀਤਾ ਹੈ ਕਿ ਜੇ ਪਾਰਟੀ ਸੱਤਾ ਵਿੱਚ ਆਈ ਤਾਂ ਹੋਰ ਸੂਬਿਆਂ ਨੂੰ ਗਊਆਂ ਦੀ ਤਸਕਰੀ ’ਤੇ ਪਾਬੰਦੀ ਲਾਈ ਜਾਵੇਗੀ ਅਤੇ ਗਊ ਹੱਤਿਆ ਖ਼ਿਲਾਫ਼ ਕਾਨੂੰਨ ਬਣਾਇਆ ਜਾਵੇਗਾ। ਮੈਨੀਫੈਸਟੋ ਵਿੱਚ ਇਹ ਵੀ ਕਿਹਾ ਹੈ ਕਿ ਸੂਬੇ ਵਿੱਚ ਫ਼ਿਰਕੂ ਹਿੰਸਾ ਨੂੰ ਰੋਕਣ ਲਈ ਜਸਟਿਸ ਵੈਣੂਗੋਪਾਲ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਨੂੰ ਲਾਗੂ ਕੀਤਾ ਜਾਵੇਗਾ। -ਪੀਟੀਆਈ