ਤਰਨ ਤਾਰਨ ਜ਼ਿਮਨੀ ਚੋਣ: ‘ਆਪ’ ਨੇ ਹਰਮੀਤ ਸੰਧੂ ਨੂੰ ਉਮੀਦਵਾਰ ਐਲਾਨਿਆ
ਚਾਰ ਮਹੀਨਿਆਂ ਤੋਂ ਚੱਲ ਰਹੇ ਕਿਆਸ ਖ਼ਤਮ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨ ਤਾਰਨ ਵਿਧਾਨ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਸਾਬਕਾ ਅਕਾਲੀ ਆਗੂ ਹਰਮੀਤ ਸਿੰਘ ਸੰਧੂ ਨੂੰ ਆਮ ਆਦਮੀ ਪਾਰਟੀ (ਆਪ) ਦਾ ਉਮੀਦਵਾਰ ਐਲਾਨ ਦਿੱਤਾ ਹੈ। ਇਹ ਐਲਾਨ...
ਚਾਰ ਮਹੀਨਿਆਂ ਤੋਂ ਚੱਲ ਰਹੇ ਕਿਆਸ ਖ਼ਤਮ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨ ਤਾਰਨ ਵਿਧਾਨ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਸਾਬਕਾ ਅਕਾਲੀ ਆਗੂ ਹਰਮੀਤ ਸਿੰਘ ਸੰਧੂ ਨੂੰ ਆਮ ਆਦਮੀ ਪਾਰਟੀ (ਆਪ) ਦਾ ਉਮੀਦਵਾਰ ਐਲਾਨ ਦਿੱਤਾ ਹੈ। ਇਹ ਐਲਾਨ ਉਨ੍ਹਾਂ ਨੇ ਅੱਜ ਕਸਬਾ ਝਬਾਲ ਨੇੜੇ ਸੂਬਾ ਪੱਧਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰਿੰਸੀਪਲ ਬੀਬੀ ਸੁਖਵਿੰਦਰ ਕੌਰ ਰੰਧਾਵਾ ਅਤੇ ਭਾਜਪਾ ਵੱਲੋਂ ਹਰਜੀਤ ਸਿੰਘ ਸੰਧੂ ਨੂੰ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ, ਜਦਕਿ ਕਾਂਗਰਸ ਸਮੇਤ ਹੋਰ ਪਾਰਟੀਆਂ ਨੇ ਹਾਲੇ ਉਮੀਦਵਾਰਾਂ ਦਾ ਐਲਾਨ ਕਰਨਾ ਹੈ। ਜੂਨ ਵਿੱਚ ‘ਆਪ’ ਵਿਧਾਇਕ ਕਸ਼ਮੀਰ ਸਿੰਘ ਸੋਹਲ ਦੀ ਮੌਤ ਮਗਰੋਂ ਇਹ ਸੀਟ ਖਾਲੀ ਹੋ ਗਈ ਸੀ।
ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ, ਜਿਨ੍ਹਾਂ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਅਤੇ ਹੋਰ ਵਿਕਾਸ ਕਾਰਜ ਸ਼ਾਮਲ ਸਨ। ਉਨ੍ਹਾਂ ਨੇ ਸੂਬੇ ਦੀਆਂ ਸੜਕਾਂ ਦੀ ਹਾਲਤ ਸੁਧਾਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਆਪਣੇ ਸਿਆਸੀ ਵਿਰੋਧੀਆਂ ’ਤੇ ਤਿੱਖੇ ਸ਼ਬਦੀ ਹਮਲੇ ਵੀ ਕੀਤੇ।
‘ਆਪ’ ਵੱਲੋਂ ਉਮੀਦਵਾਰ ਐਲਾਨੇ ਜਾਣ ’ਤੇ ਹਰਮੀਤ ਸਿੰਘ ਸੰਧੂ ਨੇ ਮੁੱਖ ਮੰਤਰੀ ਅਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ। ਸੰਧੂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵਿੱਚ ਸਨ ਅਤੇ ਤਰਨ ਤਾਰਨ ਹਲਕੇ ਦੀ ਤਿੰਨ ਵਾਰ ਨੁਮਾਇੰਦਗੀ ਕਰ ਚੁੱਕੇ ਹਨ, ਜਿਸ ਕਰਕੇ ਇਸ ਚੋਣ ਨੂੰ ਕਾਫ਼ੀ ਦਿਲਚਸਪ ਮੰਨਿਆ ਜਾ ਰਿਹਾ ਹੈ।