ਚੋਣ ਕਮਿਸ਼ਨ ਨੇ ਅੱਜ ਤਰਨ ਤਾਰਨ ਦੀ ਐੱਸ ਐੱਸ ਪੀ ਰਵਜੋਤ ਕੌਰ ਗਰੇਵਾਲ ਦੀਆਂ ਸੇਵਾਵਾਂ ਤੁਰੰਤ ਮੁਅੱਤਲ ਕਰਨ ਤੋਂ ਬਾਅਦ ਦੇਰ ਸ਼ਾਮ ਆਈ ਪੀ ਐੱਸ ਅਧਿਕਾਰੀ ਸੁਰਿੰਦਰ ਲਾਂਬਾ ਨੂੰ ਐੱਸ ਐੱਸ ਨਿਯੁਕਤ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਪੁਲੀਸ ਕਮਿਸ਼ਨਰੇਟ (ਪੀ ਸੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੂੰ ਤਰਨ ਤਾਰਨ ਦਾ ਵਾਧੂ ਚਾਰਜ ਦਿੱਤਾ ਗਿਆ ਸੀ|
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨ ਪੁਲੀਸ ਅਧਿਕਾਰੀ ਰਵਜੋਤ ਗਰੇਵਾਲ ਖ਼ਿਲਾਫ਼ ਪਾਰਟੀ ਵਰਕਰਾਂ ਨਾਲ ਵਧੀਕੀਆਂ ਕਰਨ ਦੇ ਗੰਭੀਰ ਦੋਸ਼ ਲਾਏ ਸਨ| ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਰਾਹੁਲ ਨੇ ਚੋਣ ਕਮਿਸ਼ਨ ਵੱਲੋਂ ਐੱਸ ਐੱਸ ਪੀ ਰਵਜੋਤ ਗਰੇਵਾਲ ਦੀਆਂ ਸੇਵਾਵਾਂ ਮੁਅੱਤਲ ਕਰਨ ਦੇ ਹੁਕਮਾਂ ਦੀ ਪੁਸ਼ਟੀ ਕੀਤੀ ਹੈ। ਚੋਣ ਕਮਿਸ਼ਨ ਵੱਲੋਂ ਐੱਸਐੱਸਪੀ ਨੂੰ ਮੁਅੱਤਲ ਕਰਨ ਦਾ ਕੋਈ ਖਾਸ ਕਾਰਨ ਨਹੀਂ ਦੱਸਿਆ ਗਿਆ ਹੈ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਤਰਨ ਤਾਰਨ ਦੀ ਐੱਸ ਐੱਸ ਪੀ ਨੂੰ ਮੁਅੱਤਲ ਕੀਤੇ ਜਾਣ ਦਾ ਸਵਾਗਤ ਕੀਤਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਰਨ ਤਾਰਨ ਦੀ ਐੱਸ ਐੱਸ ਪੀ ਡਾ. ਰਵਜੋਤ ਕੌਰ ਗਰੇਵਾਲ ਤੇ ਦੋ ਡੀ ਐੱਸ ਪੀ’ਜ਼ ਖ਼ਿਲਾਫ਼ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਸ਼ਿਕਾਇਤ ਕੀਤੀ ਸੀ। ਆਪਣੀ ਸ਼ਿਕਾਇਤ ਵਿੱਚ ਉਨ੍ਹਾਂ ਕਿਹਾ ਸੀ ਕਿ ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਅਕਾਲੀ ਦਲ ਦੇ ਵਰਕਰਾਂ ਨੂੰ ਪ੍ਰਚਾਰ ਤੋਂ ਰੋਕਣ ਲਈ ਝੂਠੇ ਪੁਲੀਸ ਕੇਸ ਦਰਜ ਕੀਤੇ ਜਾ ਰਹੇ ਹਨ। ਦਲ ਵੱਲੋਂ ਲੰਘੇ ਦਿਨ ਤਰਨ ਤਾਰਨ ਵਿੱਚ ਪੁਲੀਸ ਪ੍ਰਸ਼ਾਸਨ ਵਿਰੁੱਧ ਪ੍ਰਦਰਸ਼ਨ ਵੀ ਕੀਤੇ ਸਨ।
ਸ੍ਰੀ ਬਾਦਲ ਨੇ ਦੋਸ਼ ਲਾਇਆ ਸੀ ਕਿ ਐੱਸ ਐੱਸ ਪੀ ਦੇ ਇਸ਼ਾਰੇ ’ਤੇ ਅਕਾਲੀ ਆਗੂਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਹਿਰਾਸਤ ਵਿੱਚ ਲਿਆ ਗਿਆ ਹੈ। ਐੱਸ ਐੱਸ ਪੀ ਦੇ ਨਾਲ ਨਾਲ ਐੱਸ ਪੀ (ਡਿਟੈਕਟਿਵ) ਰਿਪੁਰਦਮਨ ਸਿੰਘ ਅਤੇ ਸੀ ਆਈ ਏ ਸਟਾਫ਼ ਇੰਚਾਰਜ ਪ੍ਰਭਜੀਤ ਸਿੰਘ ਆਪਣੇ ਅਹੁਦੇ ਦੀ ਕਥਿਤ ਦੁਰਵਰਤੋਂ ਕਰ ਰਹੇ ਹਨ ਤਾਂ ਜੋ ਉਹ ਅਕਾਲੀ ਦਲ ਦੇ ਵਰਕਰਾਂ ’ਤੇ ਗੈਰ-ਕਾਨੂੰਨੀ ਛਾਪੇ ਮਾਰ ਸਕਣ। ਉਨ੍ਹਾਂ ਇਨ੍ਹਾਂ ਅਧਿਕਾਰੀਆਂ ਖ਼ਿਲਾਫ਼ ਨਿਰਪੱਖ ਜਾਂਚ ਦੀ ਮੰਗ ਕੀਤੀ ਸੀ। ਅਕਾਲੀ ਦਲ ਨੇ ਦੋਸ਼ ਲਾਇਆ ਕਿ ਪਾਰਟੀ ਦੇ ਕੌਂਸਲਰ ਸ਼ਾਮ ਸਿੰਘ, ਸਰਪੰਚ ਵਰਿੰਦਰ ਸਿੰਘ ਅਤੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਨੂੰ ਗੈਰ-ਕਾਨੂੰਨੀ ਢੰਗ ਨਾਲ ਹਿਰਾਸਤ ਵਿੱਚ ਰੱਖਿਆ ਗਿਆ ਤੇ ‘ਆਪ’ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਹਮਾਇਤ ਨਾ ਕਰਨ ’ਤੇ ਝੂਠੀ ਐੱਫ ਆਈ ਆਰ ਦਰਜ ਕਰਨ ਦੀਆਂ ਕਥਿਤ ਧਮਕੀਆਂ ਦਿੱਤੀਆਂ ਗਈਆਂ।

