ਹੈਦਰਾਬਾਦ, 3 ਸਤੰਬਰ
ਤਿਲੰਗਾਨਾ ਦੇ ਮਾਂਛੇਰੀਅਲ ਜ਼ਿਲ੍ਹੇ ਵਿਚ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਵਿਅਕਤੀ ਨੂੰ ਬੱਕਰੀ ਤੇ ਲੋਹੇ ਦੀ ਰਾਡ ਚੋਰੀ ਕਰਨ ਦੇ ਸ਼ੱਕ ਵਿੱਚ ਕੁੱਟਣ ਦੇ ਦੋਸ਼ ਵਿੱਚ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਘਟਨਾ ਪਹਿਲੀ ਸਤੰਬਰ ਨੂੰ ਜ਼ਿਲ੍ਹੇ ਦੇ ਮੰਡਾਮੱਰੀ ਮੰਡਲ ਵਿੱਚ ਵਾਪਰੀ ਦੱਸੀ ਜਾਂਦੀ ਹੈ। ਪੀੜਤ ਨੂੰ ਸੱਟਾਂ ਫੇਟਾਂ ਦੇ ਇਲਾਜ ਲਈ ਉਸ ਦੇ ਰਿਸ਼ਤੇਦਾਰਾਂ ਨੇ ਹਸਪਤਾਲ ਦਾਖ਼ਲ ਕਰਵਾਇਆ ਹੈ। ਇਸ ਪੂਰੀ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ ਹੈ, ਪਰ ਅਜੇ ਤੱਕ ਇਹ ਪਤਾ ਨਹੀਂ ਲੱਗਾ ਕਿ ਇਹ ਵੀਡੀਓ ਬਣਾਈ ਕਿਸ ਨੇ ਹੈ। ਦਲਿਤ ਵਿਅਕਤੀ ਦੀ ਰਿਸ਼ਤੇਦਾਰ ਮਹਿਲਾ ਵੱਲੋਂ ਕੀਤੀ ਸ਼ਿਕਾਇਤ ਮਗਰੋਂ ਪੁਲੀਸ ਨੇ ਐੱਸਸੀ/ਐੱਸਟੀ (ਅੱਤਿਆਚਾਰ ਰੋਕੂ) ਐਕਟ ਤੇ ਆਈਪੀਸੀ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਇਕ ਮਹਿਲਾ ਸਣੇ ਚਾਰ ਜਣਿਆਂ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ ਨੇ ਕਿਹਾ ਕਿ ਸ਼ਿਕਾਇਤ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। -ਪੀਟੀਆਈ